ਚੰਡੀਗੜ੍ਹ :- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਵਿਦਿਆਰਥੀ ਜਥੇਬੰਦੀ ਸੱਥ ਵੱਲੋ ਕਰਵਾਈ ਜਾ ਰਹੀ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੀ 350ਵੀਂ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਨੂੰ ਰੋਕਣ ਦੇ ਫ਼ੈਸਲੇ ਨੇ ਸਿੱਖ ਸੰਸਾਰ ਵਿੱਚ ਰੋਸ ਪੈਦਾ ਕਰ ਦਿੱਤਾ ਹੈ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਇਸਨੂੰ “ਸਿੱਖੀ ਵਿਰੋਧੀ ਹਰਕਤ” ਕਰਾਰ ਦਿੱਤਾ ਹੈ।
‘ਸਿੱਖ ਵਿਚਾਰਧਾਰਾ ਨੂੰ ਦਬਾਉਣ ਦੀ ਕੋਸ਼ਿਸ਼’
ਧਾਮੀ ਨੇ ਕਿਹਾ ਕਿ ਸ਼ਹੀਦੀ ਨੂੰ ਸਮਰਪਿਤ ਸਮਾਗਮ ਨੂੰ ਰੋਕਣਾ ਨਾ ਸਿਰਫ਼ ਅਸਵੀਕਾਰਯੋਗ ਹੈ, ਸਗੋਂ ਵਿਚਾਰ ਅਜ਼ਾਦੀ ਉੱਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਿੱਟੀ ‘ਤੇ ਬਣੀ ਪੰਜਾਬ ਯੂਨੀਵਰਸਿਟੀ ਵਿੱਚ ਸਿੱਖ ਵਿਦਵਾਨਾਂ ਅਤੇ ਵਿਚਾਰਕਾਂ ਦੀ ਆਵਾਜ਼ ਨੂੰ ਰੋਕਣ ਦੀ ਕੋਸ਼ਿਸ਼ ਕਰਨਾ ਬਹੁਤ ਦੁਖਦਾਈ ਹੈ।
‘ਯੂਨੀਵਰਸਿਟੀ ਨੂੰ ਪ੍ਰਬੰਧ ਕਰਨੇ ਚਾਹੀਦੇ ਸਨ, ਨਾ ਕਿ ਰੋਕਣਾ’
ਐਡਵੋਕੇਟ ਧਾਮੀ ਨੇ ਕਿਹਾ ਕਿ ਜਦੋਂ ਪੂਰੀ ਸਿੱਖ ਕੌਮ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦਾ 350ਵਾਂ ਪ੍ਰਕਾਸ਼ ਵਰ੍ਹਾ ਮਨਾ ਰਹੀ ਹੈ, ਤਾਂ ਹਰ ਸਿੱਖ ਜਥੇਬੰਦੀ ਆਪੋ-ਆਪ ਸਮਾਗਮ ਕਰ ਰਹੀ ਹੈ।
ਇਸ ਪਵਿੱਤ੍ਰ ਮੌਕੇ ‘ਤੇ ਯੂਨੀਵਰਸਿਟੀ ਨੂੰ ਸੈਮੀਨਾਰ ਦੇ ਲੋੜੀਂਦੇ ਪ੍ਰਬੰਧ ਕਰਨੇ ਚਾਹੀਦੇ ਸਨ, ਪਰ ਉਲਟ ਸਿੱਖਾਂ ਨੂੰ ਹੀ ਰੋਕਿਆ ਜਾ ਰਿਹਾ ਹੈ, ਜੋ ਪੂਰੀ ਤਰ੍ਹਾਂ ਪੱਖਪਾਤੀ ਰਵੱਈਆ ਹੈ।
ਸਰਕਾਰਾਂ ਤੋਂ ਕਾਰਵਾਈ ਦੀ ਮੰਗ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਯੂਨੀਵਰਸਿਟੀ ਦੇ ਉਪ-ਕੁਲਪਤੀ ਤੇ ਡੀਨ ਸਟੂਡੈਂਟ ਵੈਲਫੇਅਰ ਤੋਂ ਸਪਸ਼ਟੀਕਰਨ ਮੰਗਿਆ ਹੈ। ਨਾਲ ਹੀ ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।
‘ਸਿੱਖ ਪਹਿਚਾਣ ‘ਤੇ ਹਮਲਾ ਬਰਦਾਸ਼ਤ ਨਹੀਂ’
ਧਾਮੀ ਨੇ ਸਪਸਟ ਕੀਤਾ ਕਿ ਸ੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪ੍ਰਚਾਰ-ਪ੍ਰਸਾਰ ਲਈ ਵਚਨਬੱਧ ਹੈ ਅਤੇ ਕਿਸੇ ਵੀ ਸੰਸਥਾ ਵੱਲੋਂ ਸਿੱਖ ਪਹਿਚਾਣ ਜਾਂ ਵਿਚਾਰਾਂ ਨੂੰ ਦਬਾਉਣ ਦੀ ਕੋਸ਼ਿਸ਼ ਨੂੰ ਸਹਿਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ SGPC ਆਪਣੇ ਪੱਧਰ ‘ਤੇ ਵੀ ਹਾਲਾਤਾਂ ਦੀ ਜਾਂਚ ਸ਼ੁਰੂ ਕਰੇਗੀ।

