Homeਸਰਕਾਰੀ ਖ਼ਬਰਾਂਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ...

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਸੱਦਾ

WhatsApp Group Join Now
WhatsApp Channel Join Now

ਚੰਡੀਗੜ੍ਹ/ਗਾਂਧੀਨਗਰ: ਭਾਈਚਾਰਕ ਸਾਂਝ, ਸਰਬ-ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਭੂਪੇਂਦਰ ਪਟੇਲ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਪੰਜਾਬ ਦੇ ਉੱਚ-ਪੱਧਰੀ ਵਫ਼ਦ ਦੀ ਅਗਵਾਈ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਗਾਂਧੀਨਗਰ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਜਾ ਰਹੇ ਮਹੀਨਾ ਭਰ ਚੱਲਣ ਵਾਲੇ ਸੂਬੇ ਪੱਧਰੀ ਯਾਦਗਾਰੀ ਪ੍ਰੋਗਰਾਮਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਵਿੱਚ ਭਾਰਤ ਦੇ ਧਰਮ ਨਿਰਪੱਖ ਤਾਣੇ-ਬਾਣੇ ਦਾ ਨੀਂਹ ਪੱਥਰ ਹੈ ਅਤੇ ਸਾਰਿਆਂ ਲਈ ਧਾਰਮਿਕ ਆਜ਼ਾਦੀ ਦੀ ਰਾਖੀ ਕਰਨ ਦਾ ਵਿਸ਼ਵਵਿਆਪੀ ਸਿਧਾਂਤ ਹੈ।

ਗੁਜਰਾਤ ਦੇ ਮੁੱਖ ਮੰਤਰੀ ਨੂੰ ਇਹਨਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਸਬੰਧੀ ਸੱਦਾ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, “ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਮਨੁੱਖੀ ਅਧਿਕਾਰਾਂ, ਮਾਨਵੀ ਕਦਰਾਂ ਕੀਮਤਾਂ ਅਤੇ ਧਾਰਮਿਕ ਆਜ਼ਾਦੀ ਦਾ ਪ੍ਰਤੀਕ ਹੈ, ਜੋ ਮਨੁੱਖਤਾ ਲਈ ਇੱਕ ਚਾਨਣ ਮੁਨਾਰਾ ਹੈ। ਗੁਰੂ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਸੱਦਾ ਦੇਣ ਦਾ ਸਾਨੂੰ ਸੁਭਾਗ ਪ੍ਰਾਪਤ ਹੋਇਆ ਹੈ। ਆਗੂਆਂ ਦੀ ਮੌਜੂਦਗੀ ਸਾਡੀ ਸਾਂਝੀ ਰਾਸ਼ਟਰੀ ਭਾਵਨਾ ਅਤੇ ਕਦਰਾਂ-ਕੀਮਤਾਂ ਦਾ ਪ੍ਰਤੀਕ ਹੋਵੇਗੀ।”

ਇਸ ਮੌਕੇ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਹਨਾਂ ਸਮਾਗਮ ਦੀ ਸੱਭਿਆਚਾਰਕ ਅਤੇ ਅਧਿਆਤਮਿਕ ਮਹੱਤਤਾ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ, “ਇਹ ਇਤਿਹਾਸਕ ਦਿਹਾੜਾ ਸਮੁੱਚੇ ਦੇਸ਼ ਲਈ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਦਰਸਾਏ ਨਿਆਂ, ਕੁਰਬਾਨੀ ਅਤੇ ਸੱਚਾਈ ਦੇ ਆਦਰਸ਼ਾਂ ਨੂੰ ਅਪਣਾਉਣ ਦਾ ਸੁਨੇਹਾ ਦਿੰਦਾ ਹੈ। ਅਸੀਂ ਧਾਰਮਿਕ ਸਮਾਗਮਾਂ, ਕੀਰਤਨ ਦਰਬਾਰਾਂ ਅਤੇ ਅਕਾਦਮਿਕ ਸੈਮੀਨਾਰਾਂ ਦੀ ਲੜੀ ਕਰਵਾ ਰਹੇ ਹਾਂ ਤਾਂ ਜੋ ਨੌਵੇਂ ਗੁਰੂ ਸਾਹਿਬ ਦੇ ਸਦੀਵੀ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਇਆ ਜਾ ਸਕੇ। ਇਹ ਸਮਾਗਮ ਸਮੁੱਚੇ ਦੇਸ਼ ਲਈ ਬੇਹੱਦ ਮਹੱਤਵਪੂਰਨ ਹੋਣਗੇ।”

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਦੁਨੀਆਂ ਭਰ ਦੇ ਲੋਕਾਂ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਬਾਰੇ ਜਾਣੂ ਕਰਵਾਉਣਗੇ ਅਤੇ ਪ੍ਰੇਰਿਤ ਕਰਨਗੇ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle