ਅੰਮ੍ਰਿਤਸਰ :- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਰੋਹਾਂ ਨੂੰ ਸ਼ਰਧਾ ਅਤੇ ਭਾਵਨਾ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵੱਲ ਰਵਾਨਾ ਹੋਇਆ।
ਕਾਰਜਕਾਰੀ ਜਥੇਦਾਰ ਨੇ ਦਿੱਤੀਆਂ ਵਧਾਈਆਂ
ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਦੱਸਿਆ ਕਿ ਉਹ ਖੁਦ ਵੀ ਇਸ ਜਥੇ ਨਾਲ ਪਾਕਿਸਤਾਨ ਜਾ ਰਹੇ ਹਨ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਕਰ ਰਹੀ ਹੈ, ਜਦਕਿ ਗੁਰਮੀਤ ਸਿੰਘ ਬੂਹ ਨੂੰ ਡਿਪਟੀ ਲੀਡਰ ਨਿਯੁਕਤ ਕੀਤਾ ਗਿਆ ਹੈ।
ਕੁਝ ਸ਼ਰਧਾਲੂਆਂ ਨੂੰ ਸਰਹੱਦ ‘ਤੇ ਰੋਕਿਆ ਗਿਆ
ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਜਾਣ ਵਾਲੇ ਕੁਝ ਸ਼ਰਧਾਲੂਆਂ ਨੂੰ ਅਟਾਰੀ ਸਰਹੱਦ ‘ਤੇ ਰੋਕ ਦਿੱਤਾ ਗਿਆ ਕਿਉਂਕਿ ਉਨ੍ਹਾਂ ਕੋਲ ਪੁਲਿਸ ਤਸਦੀਕ ਦੀ ਕਾਪੀ ਨਹੀਂ ਸੀ। ਇਸ ਮਾਮਲੇ ਵਿੱਚ ਐਸਜੀਪੀਸੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਪੁਲਿਸ ਤਸਦੀਕ ਦਾ ਕੰਮ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦਾ ਹੁੰਦਾ ਹੈ, ਜਦਕਿ ਐਬੈਂਸੀ ਨੇ ਵੀਜ਼ਾ ਜਾਰੀ ਕਰ ਦਿੱਤਾ ਸੀ। ਉਨ੍ਹਾਂ ਨੇ ਅਪੀਲ ਕੀਤੀ ਕਿ ਕਿਸੇ ਵੀ ਸ਼ਰਧਾਲੂ ਨੂੰ ਪਾਕਿਸਤਾਨ ਜਾਣ ਤੋਂ ਨਾ ਰੋਕਿਆ ਜਾਵੇ, ਕਿਉਂਕਿ ਇਸ ਨਾਲ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਸਰਕਾਰ ਪ੍ਰਤੀ ਨਾਰਾਜ਼ਗੀ ਪੈਦਾ ਹੁੰਦੀ ਹੈ।
ਪਾਕਿਸਤਾਨ ਰਵਾਨਾ ਹੋਇਆ ਜਥਾ ਅੱਜ ਸ਼ਾਮ ਪਹੁੰਚੇਗਾ ਨਨਕਾਣਾ ਸਾਹਿਬ
ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਜਸਕਰਨ ਸਿੰਘ ਅਤੇ ਨਿਸ਼ਾਨ ਸਿੰਘ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ। ਇਹ ਜਥਾ ਅਟਾਰੀ-ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ ਅਤੇ ਉਮੀਦ ਹੈ ਕਿ ਅੱਜ ਸ਼ਾਮ ਤੱਕ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹੁੰਚ ਜਾਵੇਗਾ।

