ਚੰਡੀਗੜ੍ਹ :- ਸ਼੍ਰੋਮਣੀ ਅਕਾਲੀ ਦਲ ਅੱਜ ਚੰਡੀਗੜ੍ਹ ਵਿੱਚ ਹੁਣੇ ਹੁਣੇ ਇਕ ਐਮਰਜੈਂਸੀ ਮੀਟਿੰਗ ਕਰਨ ਜਾ ਰਹੀ ਹੈ, ਜਿਸ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਇਸ ਮੀਟਿੰਗ ਵਿੱਚ ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਗੰਭੀਰ ਚਰਚਾ ਹੋਣੀ ਹੈ। ਵਰਕਿੰਗ ਕਮੇਟੀ, ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਇਸ ਵਿਚ ਆਪਣੇ ਵਿਚਾਰ ਸਾਂਝੇ ਕਰਨਗੇ। ਇਸ ਦੇ ਨਾਲ ਹੀ ਪਾਰਟੀ ਵੱਲੋਂ 18 ਜਨਰਲ ਸਕੱਤਰਾਂ ਦੀ ਨਿਯੁਕਤੀ ਕੀਤੀ ਗਈ ਹੈ, ਜਿਸ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੀ ਪੁਸ਼ਟੀ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕੀਤੀ ਹੈ।
ਨਵਾਂ ਪ੍ਰਧਾਨ ਚੁਣਨ ਲਈ ਭਰਤੀ ਕਮੇਟੀ ਨੇ 11 ਅਗਸਤ ਨੂੰ ਮੰਗੀ ਇਜਾਜ਼ਤ
ਸ਼੍ਰੋਮਣੀ ਅਕਾਲੀ ਦਲ ਨੂੰ ਜਲਦੀ ਹੀ ਨਵਾਂ ਪ੍ਰਧਾਨ ਮਿਲਣ ਦੀ ਉਮੀਦ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਭਰਤੀ ਕਮੇਟੀ ਹੁਣ ਚੋਣੀ ਦੇ ਅੰਤਿਮ ਪੜਾਅ ‘ਚ ਹੈ। ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਚਿੱਠੀ ਭੇਜ ਕੇ 11 ਅਗਸਤ ਨੂੰ ਤੇਜਾ ਸਿੰਘ ਸਮੁੰਦਰੀ ਹਾਲ ‘ਚ ਜਨਰਲ ਇਜਲਾਸ ਕਰਨ ਦੀ ਇਜਾਜ਼ਤ ਮੰਗੀ ਹੈ।
ਭਰਤੀ ਕਮੇਟੀ ਦੇ ਮੈਂਬਰਾਂ—ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰ, ਇਕਬਾਲ ਸਿੰਘ ਅਤੇ ਬੀਬੀ ਸਤਵੰਤ ਕੌਰ—ਕਹਿਣਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਭਰਤੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਹੁਣ ਨਵਾਂ ਪ੍ਰਧਾਨ ਚੁਣਨ ਲਈ 11 ਅਗਸਤ ਨੂੰ ਇਜਲਾਸ ਬੁਲਾਇਆ ਜਾਵੇਗਾ।
SGPC ਦੇ ਮੈਂਬਰ ਕੁਲਵੰਤ ਸਿੰਘ ਮਨਨ ਨੇ ਦੱਸਿਆ ਕਿ ਕਮੇਟੀ ਵੱਲੋਂ ਭੇਜੀ ਚਿੱਠੀ ਉੱਤੇ ਵਿਚਾਰ ਕਰਨ ਲਈ ਇਸਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜ ਦਿੱਤਾ ਗਿਆ ਹੈ। ਹੁਣ ਜੋ ਵੀ ਹੁਕਮ ਉਥੋਂ ਮਿਲੇਗਾ, ਉਸ ਅਨੁਸਾਰ ਅਮਲ ਕੀਤਾ ਜਾਵੇਗਾ।