ਅੰਮ੍ਰਿਤਸਰ :- ਅਜਨਾਲਾ ਪੁਲਸ ਥਾਣੇ ’ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ ਅਪਣਾਉਂਦਿਆਂ ਵੱਡਾ ਫ਼ੈਸਲਾ ਸੁਣਾਇਆ ਹੈ। ਹਾਈਕੋਰਟ ਨੇ ਇਸ ਮਾਮਲੇ ਨਾਲ ਸਬੰਧਿਤ ਘੱਟੋ-ਘੱਟ ਪੰਜ ਜ਼ਮਾਨਤ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਸਾਫ਼ ਕੀਤਾ ਕਿ ਅਜਿਹੇ ਮਾਮਲਿਆਂ ਵਿੱਚ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲਿਆਂ ਪ੍ਰਤੀ ਕੋਈ ਨਰਮੀ ਨਹੀਂ ਵਰਤੀ ਜਾ ਸਕਦੀ। ਹੁਣ ਇਸ ਕੇਸ ਦੀ ਅਗਲੀ ਸੁਣਵਾਈ 23 ਦਸੰਬਰ ਨੂੰ ਹੋਵੇਗੀ।
ਕਾਨੂੰਨ ਨੂੰ ਹੱਥ ’ਚ ਲੈਣ ਦਾ ਦੋਸ਼
ਜ਼ਮਾਨਤ ਅਰਜ਼ੀ ’ਤੇ ਸੁਣਵਾਈ ਦੌਰਾਨ ਜਸਟਿਸ ਸੂਰਜ ਪ੍ਰਤਾਪ ਸਿੰਘ ਨੇ ਕੜੀਆਂ ਟਿੱਪਣੀਆਂ ਕਰਦਿਆਂ ਕਿਹਾ ਕਿ ਪਟੀਸ਼ਨਕਰਤਾ ਸਮੇਤ ਇਕ ਗੈਰ-ਕਾਨੂੰਨੀ ਭੀੜ ਨੇ ਅੰਮ੍ਰਿਤਪਾਲ ਸਿੰਘ ਦੇ ਪ੍ਰਭਾਵ ਹੇਠ ਆ ਕੇ ਪੁਲਸ ਹਿਰਾਸਤ ’ਚੋਂ ਆਪਣੇ ਸਾਥੀ ਨੂੰ ਛੁਡਾਉਣ ਦੀ ਨੀਅਤ ਨਾਲ ਥਾਣੇ ’ਤੇ ਹਮਲਾ ਕੀਤਾ। ਅਦਾਲਤ ਨੇ ਕਿਹਾ ਕਿ ਪਟੀਸ਼ਨਕਰਤਿਆਂ ਨੇ ਕਾਨੂੰਨੀ ਰਸਤਾ ਅਪਣਾਉਣ ਦੀ ਬਜਾਏ ਸਿੱਧਾ ਤੌਰ ’ਤੇ ਰਾਜ ਦੀ ਅਥਾਰਟੀ ਨੂੰ ਚੁਣੌਤੀ ਦਿੱਤੀ।
ਮਾਰੂ ਹਥਿਆਰਾਂ ਨਾਲ ਲੈਸ ਭੀੜ ਦਾ ਹਿੱਸਾ ਹੋਣ ਦਾ ਇਲਜ਼ਾਮ
ਬੈਂਚ ਨੇ ਇਹ ਵੀ ਕਿਹਾ ਕਿ ਪਟੀਸ਼ਨਕਰਤਾ ’ਤੇ ਦੋਸ਼ ਹੈ ਕਿ ਉਹ ਮਾਰੂ ਹਥਿਆਰਾਂ ਨਾਲ ਲੈਸ ਭੀੜ ਦਾ ਮੈਂਬਰ ਸੀ। ਇਸ ਭੀੜ ਨੇ ਨਾ ਸਿਰਫ਼ ਪੁਲਸ ਵੱਲੋਂ ਜਾਰੀ ਹੁਕਮਾਂ ਦੀ ਉਲੰਘਣਾ ਕੀਤੀ, ਸਗੋਂ ਡਿਊਟੀ ’ਤੇ ਤਾਇਨਾਤ ਪੁਲਸ ਕਰਮਚਾਰੀਆਂ ਨਾਲ ਧੱਕਾ-ਮੁੱਕੀ ਅਤੇ ਹਿੰਸਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਵੀ ਕੀਤਾ। ਅਦਾਲਤ ਨੇ ਇਸ ਤਰ੍ਹਾਂ ਦੇ ਕਿਰਿਆਕਲਾਪਾਂ ਨੂੰ ਕਾਨੂੰਨੀ ਪ੍ਰਬੰਧਾਂ ਲਈ ਗੰਭੀਰ ਖ਼ਤਰਾ ਕਰਾਰ ਦਿੱਤਾ।
ਕੀ ਹੈ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ 24 ਫਰਵਰੀ 2023 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਪੁਲਸ ਥਾਣੇ ’ਚ ਉਸ ਸਮੇਂ ਹੰਗਾਮਾ ਹੋ ਗਿਆ ਸੀ, ਜਦੋਂ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਇਕ ਸਾਥੀ ਨੂੰ ਪੁਲਸ ਹਿਰਾਸਤ ’ਚੋਂ ਛੁਡਾਉਣ ਲਈ ਥਾਣੇ ’ਤੇ ਚੜ੍ਹ ਦੌੜਿਆ ਸੀ। ਇਸ ਘਟਨਾ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਅਤੇ ਅੰਮ੍ਰਿਤਪਾਲ ਸਿੰਘ ਸਮੇਤ ਕਈ ਹੋਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ
ਫਿਲਹਾਲ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਹਾਈਕੋਰਟ ਦੇ ਤਾਜ਼ਾ ਫ਼ੈਸਲੇ ਨਾਲ ਇਹ ਸਪਸ਼ਟ ਸੰਕੇਤ ਮਿਲਦਾ ਹੈ ਕਿ ਅਜਨਾਲਾ ਹਮਲਾ ਮਾਮਲੇ ਵਿੱਚ ਦੋਸ਼ੀਆਂ ਨੂੰ ਜ਼ਮਾਨਤ ਮਿਲਣਾ ਅਸਾਨ ਨਹੀਂ ਹੋਵੇਗਾ ਅਤੇ ਅਦਾਲਤ ਇਸ ਕੇਸ ਨੂੰ ਪੂਰੀ ਗੰਭੀਰਤਾ ਨਾਲ ਦੇਖ ਰਹੀ ਹੈ।

