ਚੰਡੀਗੜ੍ਹ: ਪੰਜਾਬ ਵਿੱਚ ਬੱਚਿਆਂ ਦੇ ਸੰਪੂਰਨ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਸਾਂਝ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ ਨੂੰ ਵੱਡਾ ਹੁੰਗਾਰਾ ਮਿਲਿਆ। ਇਸ ਰਾਜ ਪੱਧਰੀ ਪੀਟੀਐਮ ਵਿੱਚ 23.30 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਦੀ ਅਗਵਾਈ ਕੀਤੀ, ਜਦਕਿ ‘ਆਪ’ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਨੇ 7500 ਤੋਂ ਵੱਧ ਸਕੂਲਾਂ ਦਾ ਦੌਰਾ ਕੀਤਾ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਪਹਿਲਕਦਮੀ “ਮਾਪਿਆਂ ਦੀ ਭਾਈਵਾਲੀ” ਥੀਮ ਤਹਿਤ ਚਲਾਈ ਜਾ ਰਹੀ ਹੈ, ਜਿਸਦਾ ਮਕਸਦ ਮਾਪਿਆਂ ਨੂੰ ਬੱਚਿਆਂ ਦੀ ਸਿੱਖਿਆ ਵਿੱਚ ਸਰਗਰਮ ਭਾਗੀਦਾਰ ਬਣਾਉਣਾ ਹੈ। ਇਸ ਤਹਿਤ 40 ਹਜ਼ਾਰ ਤੋਂ ਵੱਧ ਅਧਿਆਪਕਾਂ ਨੂੰ ਪੇਰੈਂਟਸ ਵਰਕਸ਼ਾਪਾਂ ਲਈ ਸਿਖਲਾਈ ਦਿੱਤੀ ਗਈ ਹੈ ਅਤੇ ਪ੍ਰੀ-ਪ੍ਰਾਇਮਰੀ ਤੋਂ ਸੀਨੀਅਰ ਸੈਕੰਡਰੀ ਤੱਕ ਦੇ ਵਿਦਿਆਰਥੀਆਂ ਦੇ ਮਾਪੇ ਸ਼ਾਮਲ ਹੋਏ।

ਸ. ਬੈਂਸ ਨੇ ਕਿਹਾ ਕਿ 1 ਤੋਂ 1.5 ਘੰਟੇ ਦੀ ਵਰਕਸ਼ਾਪ ਅਤੇ ਉਸ ਤੋਂ ਬਾਅਦ ਹੋਈ ਮੈਗਾ ਪੀਟੀਐਮ ਰਾਹੀਂ ਮਾਪਿਆਂ ਨੂੰ ਬੱਚਿਆਂ ਦੇ ਅਕਾਦਮਿਕ, ਭਾਵਨਾਤਮਕ ਅਤੇ ਸਮਾਜਿਕ ਵਿਕਾਸ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਸਾਂਝੀ ਕੋਸ਼ਿਸ਼ ਨਾਲ ਘਰ ਅਤੇ ਸਕੂਲ ਵਿਚਕਾਰ ਤਾਲਮੇਲ ਮਜ਼ਬੂਤ ਹੋਵੇਗਾ, ਜਿਸ ਨਾਲ ਵਿਦਿਆਰਥੀਆਂ ਦੀ ਹਾਜ਼ਰੀ, ਪ੍ਰਦਰਸ਼ਨ ਅਤੇ ਤੰਦਰੁਸਤੀ ਵਿੱਚ ਸੁਧਾਰ ਆਉਣ ਦੀ ਉਮੀਦ ਹੈ।

