ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਲੋਕ-ਪੱਖੀ ਨੀਤੀਆਂ ਲਾਗੂ ਕਰ ਰਹੀ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2025-26 ਦੌਰਾਨ ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਅਪਾਹਜਾਂ ਦੀ ਸਮਾਜਿਕ ਤੇ ਆਰਥਿਕ ਸੁਰੱਖਿਆ ਲਈ ₹6175 ਕਰੋੜ ਦਾ ਬਜਟ ਰੱਖਿਆ ਗਿਆ ਹੈ, ਜਿਸ ਵਿੱਚੋਂ ਨਵੰਬਰ 2025 ਤੱਕ ₹4683.94 ਕਰੋੜ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਮੇਂ 35 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਮਿਲ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਬੱਚਿਆਂ ਦੀ ਭੀਖ ਮੰਗਣ ਨੂੰ ਖਤਮ ਕਰਨ ਲਈ ਪ੍ਰੋਜੈਕਟ ਜੀਵਨਜੋਤ ਅਤੇ ਜੀਵਨਜੋਤ 2.0 ਤਹਿਤ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਹੁਣ ਤੱਕ 766 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾ ਕੇ ਉਨ੍ਹਾਂ ਦੀ ਸਿੱਖਿਆ ਅਤੇ ਪੁਨਰਵਾਸ ਲਈ ਠੋਸ ਕਦਮ ਚੁੱਕੇ ਗਏ ਹਨ। ਇਸਦੇ ਨਾਲ ਹੀ, ਸਾਲ 2025 ਦੌਰਾਨ 64 ਬਾਲ ਵਿਆਹ ਰੋਕੇ ਗਏ ਹਨ, ਜਿੱਥੇ 2,076 ਬਾਲ ਵਿਆਹ ਰੋਕੂ ਅਧਿਕਾਰੀ ਅਹਿਮ ਭੂਮਿਕਾ ਨਿਭਾ ਰਹੇ ਹਨ।
ਉਨ੍ਹਾਂ ਕਿਹਾ ਕਿ ਔਰਤਾਂ ਦੀ ਸੁਰੱਖਿਆ ਅਤੇ ਸਸ਼ਕਤੀਕਰਨ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਸੂਬੇ ਭਰ ਵਿੱਚ ਵਨ ਸਟਾਪ ਸੈਂਟਰਾਂ ਰਾਹੀਂ ਹਜ਼ਾਰਾਂ ਔਰਤਾਂ ਨੂੰ ਮੁਫ਼ਤ ਸਿਹਤ, ਕਾਨੂੰਨੀ ਅਤੇ ਸੁਰੱਖਿਆ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਮੁਫ਼ਤ ਯਾਤਰਾ ਦੀ ਸਹੂਲਤ ਮਿਲ ਰਹੀ ਹੈ। ਇਸਦੇ ਨਾਲ ਹੀ, ਅਪਾਹਜਾਂ ਲਈ ਯਾਤਰਾ ਛੂਟ, ਨੇਤਰਹੀਣਾਂ ਲਈ ਮੁਫ਼ਤ ਯਾਤਰਾ, ਸੈਨਤ ਭਾਸ਼ਾ ਦੀ ਵਿਧਾਨ ਸਭਾ ਵਿੱਚ ਲਾਗੂਆਤ ਅਤੇ ਕੰਮਕਾਜੀ ਮਹਿਲਾ ਹੋਸਟਲਾਂ ਦੀ ਤਿਆਰੀ ਵਰਗੀਆਂ ਪਹਿਲਕਦਮੀਆਂ ਪੰਜਾਬ ਨੂੰ ਸਮਾਵੇਸ਼ੀ ਅਤੇ ਸੁਰੱਖਿਅਤ ਸੂਬਾ ਬਣਾਉਣ ਵੱਲ ਵਧਾ ਰਹੀਆਂ ਹਨ।

