ਪਟਿਆਲਾ :- ਪਟਿਆਲਾ ਵਿੱਚ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਸ਼ਹਿਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀਆਂ ਈ-ਮੇਲਾਂ ਪ੍ਰਾਪਤ ਹੋਈਆਂ। ਮਿਲੀ ਜਾਣਕਾਰੀ ਅਨੁਸਾਰ ਧਮਕੀ ਭਰੀ ਮੇਲ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਦੇ ਦਰਮਿਆਨ ਬੰਬ ਧਮਾਕਾ ਹੋਣ ਦੀ ਗੱਲ ਕਹੀ ਗਈ, ਜਿਸ ਤੋਂ ਬਾਅਦ ਸਕੂਲ ਪ੍ਰਬੰਧਨਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਸਕੂਲ ਪ੍ਰਬੰਧਨਾਂ ਨੇ ਤੁਰੰਤ ਪੁਲਿਸ ਨੂੰ ਕੀਤਾ ਸੂਚਿਤ
ਈ-ਮੇਲ ਮਿਲਦੇ ਹੀ ਸਕੂਲ ਪ੍ਰਬੰਧਕਾਂ ਵੱਲੋਂ ਬਿਨਾਂ ਦੇਰੀ ਕੀਤੇ ਪੁਲਿਸ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਗਈ। ਇਸ ਉਪਰੰਤ ਸੁਰੱਖਿਆ ਏਜੰਸੀਆਂ ਹਰਕਤ ਵਿੱਚ ਆ ਗਈਆਂ ਅਤੇ ਸੰਭਾਵਿਤ ਖਤਰੇ ਨੂੰ ਦੇਖਦਿਆਂ ਸਕੂਲਾਂ ਦੀ ਸੁਰੱਖਿਆ ਵਧਾ ਦਿੱਤੀ ਗਈ।
ਪੁਲਿਸ ਵੱਲੋਂ ਸਕੂਲਾਂ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਸਕੂਲਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਕੂਲ ਪ੍ਰਾਂਗਣ ਅਤੇ ਆਲੇ-ਦੁਆਲੇ ਖੇਤਰਾਂ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ, ਤਾਂ ਜੋ ਬੱਚਿਆਂ ਅਤੇ ਸਟਾਫ਼ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਐੱਸ ਐਸ ਪੀ ਨੇ ਦਿੱਤਾ ਬਿਆਨ
ਪਟਿਆਲਾ ਦੇ ਐੱਸ ਐਸ ਪੀ ਵਰੁਣ ਸ਼ਰਮਾ ਨੇ ਕਿਹਾ ਹੈ ਕਿ ਧਮਕੀ ਸੰਬੰਧੀ ਜਾਣਕਾਰੀ ਪੁਲਿਸ ਦੇ ਧਿਆਨ ਵਿੱਚ ਹੈ ਅਤੇ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
ਕੁਝ ਸਕੂਲਾਂ ‘ਚ ਛੁੱਟੀ ਦਾ ਐਲਾਨ
ਧਮਕੀ ਨੂੰ ਦੇਖਦਿਆਂ ਸੁਰੱਖਿਆ ਕਾਰਨਾਂ ਕਰਕੇ ਸ਼ਹਿਰ ਦੇ ਕੁਝ ਸਕੂਲਾਂ ਵੱਲੋਂ ਅਗਾਊਂ ਛੁੱਟੀ ਕਰਨ ਦਾ ਫ਼ੈਸਲਾ ਵੀ ਲਿਆ ਗਿਆ ਹੈ, ਤਾਂ ਜੋ ਬੱਚਿਆਂ ਨੂੰ ਕਿਸੇ ਵੀ ਕਿਸਮ ਦੇ ਖਤਰੇ ਤੋਂ ਬਚਾਇਆ ਜਾ ਸਕੇ।

