ਚੰਡੀਗੜ੍ਹ :- ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਵਿੱਤਰ ਸਰੂਪ ਲਾਪਤਾ ਹੋਣ ਦੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਇਸ ਟੀਮ ਦੀ ਅਗਵਾਈ ਜਗਤਪ੍ਰੀਤ ਸਿੰਘ ਨੂੰ ਸੌਂਪੀ ਗਈ ਹੈ, ਜਦਕਿ SIT ਆਪਣੀ ਕਾਰਵਾਈ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਨਿਗਰਾਨੀ ਹੇਠ ਅਮਲ ‘ਚ ਲਿਆਏਗੀ।
SIT ‘ਚ ਸ਼ਾਮਲ ਅਧਿਕਾਰੀਆਂ ਦੇ ਨਾਮ ਜਾਰੀ
ਸਰਕਾਰ ਵੱਲੋਂ ਬਣਾਈ ਗਈ SIT ਵਿੱਚ ਰਵਿੰਦਰਪਾਲ ਸਿੰਘ ਸੰਧੂ (ਡੀਸੀਪੀ ਜਾਂਚ, ਅੰਮ੍ਰਿਤਸਰ), ਹਰਪਾਲ ਸਿੰਘ ਸੰਧੂ (ਐਡੀਸ਼ਨਲ ਡੀਸੀਪੀ, ਅੰਮ੍ਰਿਤਸਰ), ਗੁਰਬੰਸ ਸਿੰਘ ਬੈਂਸ (ਐਸਪੀ, ਪਟਿਆਲਾ), ਬੀਅੰਤ ਜੂਨੇਜਾ (ਏਸੀਪੀ, ਲੁਧਿਆਣਾ) ਅਤੇ ਹਰਮਿੰਦਰ ਸਿੰਘ (ਏਸੀਪੀ, ਅੰਮ੍ਰਿਤਸਰ) ਨੂੰ ਮੈਂਬਰ ਬਣਾਇਆ ਗਿਆ ਹੈ।
SGPC ਪ੍ਰਧਾਨ ਦਾ ਤਿੱਖਾ ਐਤਰਾਜ਼
ਇਸ ਫ਼ੈਸਲੇ ‘ਤੇ ਪ੍ਰਤੀਕਿਰਿਆ ਦਿੰਦਿਆਂ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਇਹ ਕਦਮ ਸਿੱਖ ਸੰਸਥਾਵਾਂ ਦੇ ਅੰਦਰੂਨੀ ਮਾਮਲਿਆਂ ‘ਚ ਸਰਕਾਰੀ ਦਖ਼ਲ ਹੈ ਅਤੇ ਅਕਾਲ ਤਖ਼ਤ ਸਾਹਿਬ ਦੀ ਸਰਵੋਚਤਾ ਨੂੰ ਚੁਣੌਤੀ ਦੇਣ ਦੇ ਬਰਾਬਰ ਹੈ।
ਅਕਾਲ ਤਖ਼ਤ ਵੱਲੋਂ ਪਹਿਲਾਂ ਹੀ ਕਾਰਵਾਈ ਹੋਣ ਦਾ ਦਾਅਵਾ
ਧਾਮੀ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕੀਤੀ ਗਈ ਕਮੇਟੀ ਦੀ ਜਾਂਚ ਤੋਂ ਬਾਅਦ ਦੋਸ਼ੀਆਂ ਖ਼ਿਲਾਫ਼ ਪਹਿਲਾਂ ਹੀ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅਨੁਸਾਰ ਇਹ ਮਾਮਲਾ ਸਰੂਪਾਂ ਨਾਲ ਨਹੀਂ, ਸਗੋਂ ਸਟਾਫ਼ ਵੱਲੋਂ ਫੰਡਾਂ ਦੀ ਗਲਤ ਵਰਤੋਂ ਨਾਲ ਜੁੜਿਆ ਸੀ, ਜਿਸਨੂੰ ਹੁਣ ਰਾਜਨੀਤਿਕ ਰੰਗ ਦਿੱਤਾ ਜਾ ਰਿਹਾ ਹੈ।
ਸਿੱਖ ਭਾਵਨਾਵਾਂ ਨਾਲ ਖੇਡਣ ਦਾ ਦੋਸ਼
SGPC ਪ੍ਰਧਾਨ ਨੇ ਕਿਹਾ ਕਿ ਸਰਕਾਰ ਦੀ ਇਹ ਕਾਰਵਾਈ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਦੋਹਰਾਇਆ ਕਿ ਇਸ ਤਰ੍ਹਾਂ ਦੇ ਕਦਮ ਸਿੱਧੇ ਤੌਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵੋਚਤਾ ਨੂੰ ਚੁਣੌਤੀ ਦੇਣ ਦੇ ਸਮਾਨ ਹਨ, ਜਿਸਨੂੰ ਕਦੇ ਵੀ ਕਬੂਲ ਨਹੀਂ ਕੀਤਾ ਜਾ ਸਕਦਾ।

