ਨਵੀਂ ਦਿੱਲੀ :- ਆਵਾਰਾ ਕੁੱਤੇ ਹੁਣ ਗਲੀਆਂ ‘ਚ ਨਹੀਂ, ਆਸਰਾ ਘਰਾਂ ਵਿੱਚ ਰਹਿਣਗੇ। ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਵਾਰਾ ਕੁੱਤਿਆਂ ਦੀ ਵੱਧਦੀ ਸਮੱਸਿਆ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤ ਰੁਖ ਅਖ਼ਤਿਆਰ ਕੀਤਾ ਹੈ। ਸੁਪਰੀਮ ਕੋਰਟ ਨੇ ਸਪੱਸ਼ਟ ਹੁਕਮ ਦਿੱਤਾ ਹੈ ਕਿ ਸਾਰੇ ਆਵਾਰਾ ਕੁੱਤਿਆਂ ਨੂੰ ਫੜ ਕੇ ਅੱਠ ਹਫ਼ਤਿਆਂ ਦੇ ਅੰਦਰ ‘ਡੌਗ ਸ਼ੈਲਟਰ’ ਵਿੱਚ ਰੱਖਿਆ ਜਾਵੇ ਅਤੇ ਕਿਸੇ ਵੀ ਹਾਲਤ ਵਿੱਚ ਮੁੜ ਗਲੀਆਂ ਵਿੱਚ ਨਾ ਛੱਡਿਆ ਜਾਵੇ।
ਦਿੱਲੀ ਸਰਕਾਰ ਤੇ ਨਗਰ ਨਿਗਮਾਂ ਨੂੰ ਤੁਰੰਤ ਕਾਰਵਾਈ ਦੇ ਹੁਕਮ
ਅਦਾਲਤ ਨੇ ਦਿੱਲੀ ਸਰਕਾਰ, ਐਮਸੀਡੀ ਅਤੇ ਐਨਡੀਐਮਸੀ ਨੂੰ ਤੁਰੰਤ ਆਸਰਾ ਸਥਾਨ ਬਣਾਉਣ ਦੇ ਹੁਕਮ ਦਿੱਤੇ ਹਨ। ਨਾਲ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਇਨ੍ਹਾਂ ਆਸਰਾ ਘਰਾਂ ਵਿੱਚ ਕੁੱਤਿਆਂ ਦੀ ਨਸਬੰਦੀ ਅਤੇ ਟੀਕਾਕਰਨ ਲਈ ਲੋੜੀਂਦਾ ਸਟਾਫ ਮੁਹੱਈਆ ਹੋਵੇ। ਬੈਂਚ ਨੇ ਕਿਹਾ ਕਿ ਨਵਜੰਮੇ ਬੱਚਿਆਂ ਅਤੇ ਛੋਟੇ ਬੱਚਿਆਂ ਦੀ ਜਾਨ ਕਿਸੇ ਵੀ ਹਾਲਤ ਵਿੱਚ ਆਵਾਰਾ ਕੁੱਤਿਆਂ ਦੇ ਖ਼ਤਰੇ ਹੇਠ ਨਹੀਂ ਆਉਣੀ ਚਾਹੀਦੀ।
ਰੇਬੀਜ਼ ਨਾਲ ਬੱਚੀ ਦੀ ਮੌਤ ਤੋਂ ਬਾਅਦ ਫੈਸਲਾ
ਇਹ ਫੈਸਲਾ ਉਸ ਵੇਲੇ ਆਇਆ ਹੈ ਜਦੋਂ ਹਾਲ ਹੀ ਵਿੱਚ ਦਿੱਲੀ ਦੇ ਰੋਹਿਣੀ ਨੇੜੇ ਪੂਥ ਕਲਾਂ ਵਿੱਚ ਇੱਕ ਆਵਾਰਾ ਕੁੱਤੇ ਦੇ ਕੱਟਣ ਤੋਂ ਬਾਅਦ 6 ਸਾਲ ਦੀ ਬੱਚੀ ਦੀ ਮੌਤ ਹੋ ਗਈ ਸੀ। ਅਦਾਲਤ ਨੇ ਇਸ ਮਾਮਲੇ ਦਾ ਖੁਦ ਨੋਟਿਸ ਲੈਂਦੇ ਹੋਏ ਕਿਹਾ ਕਿ ਹਰ ਰੋਜ਼ ਸੈਂਕੜੇ ਕੁੱਤਿਆਂ ਦੇ ਕੱਟਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਵਿੱਚ ਬੱਚੇ ਅਤੇ ਬਜ਼ੁਰਗ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ।