ਫਿਰੋਜ਼ਪੁਰ :- ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਏਐਨਟੀਐੱਫ਼ ਫਿਰੋਜ਼ਪੁਰ ਰੇਂਜ ਨੇ ਇੱਕ ਹੋਰ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਏ.ਆਈ.ਜੀ. ਗੁਰਿੰਦਰਬੀਰ ਸਿੰਘ ਦੀ ਯੋਗ ਅਗਵਾਈ ਹੇਠ ਕੀਤੀ ਗਈ ਇਸ ਕਾਰਵਾਈ ਦੌਰਾਨ ਪੁਲਿਸ ਨੇ 505 ਗ੍ਰਾਮ ਹੈਰੋਇਨ ਬਰਾਮਦ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਬਰਾਮਦਗੀ ਦੌਰਾਨ ਮੁੱਖ ਮੁਲਜ਼ਮ ਗ੍ਰਿਫ਼ਤਾਰ
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਗੁਰਪ੍ਰੀਤ ਸਿੰਘ ਪੁੱਤਰ ਚਾਨਣ ਸਿੰਘ, ਵਾਸੀ ਪਿੰਡ ਬੀੜ ਤਾਲਾਬ, ਥਾਣਾ ਸਦਰ ਬਠਿੰਡਾ ਵਜੋਂ ਹੋਈ ਹੈ। ਮੁਲਜ਼ਮ ਕੋਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਮਿਲਣ ਤੋਂ ਬਾਅਦ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅਗਲੀ ਜਾਂਚ ਤੁਰੰਤ ਸ਼ੁਰੂ ਕੀਤੀ ਗਈ।
ਤਫਤੀਸ਼ ਦੌਰਾਨ ਦੂਜਾ ਮੁਲਜ਼ਮ ਵੀ ਕਾਬੂ
ਏਐਨਟੀਐੱਫ਼ ਅਧਿਕਾਰੀਆਂ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਏ, ਜਿਸ ਦੇ ਆਧਾਰ ’ਤੇ ਜੋਬਨਪ੍ਰੀਤ ਸਿੰਘ ਪੁੱਤਰ ਫੁੱਮਣ ਸਿੰਘ, ਵਾਸੀ ਪਿੰਡ ਲਖਮੀਰਪੁਰਾ, ਥਾਣਾ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਨੂੰ ਵੀ ਮੁਕੱਦਮੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ
ਏਐਨਟੀਐੱਫ਼ ਦੇ ਸੀਨੀਅਰ ਅਧਿਕਾਰੀਆਂ ਨੇ ਸਪਸ਼ਟ ਕੀਤਾ ਹੈ ਕਿ ਇਹ ਕਾਰਵਾਈ ਨਸ਼ਿਆਂ ਖ਼ਿਲਾਫ਼ ਜੰਗ ਦਾ ਇੱਕ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਅਜਿਹੇ ਆਪਰੇਸ਼ਨ ਹੋਰ ਤੇਜ਼ ਕੀਤੇ ਜਾਣਗੇ।
ਪੁਲਿਸ ਰਿਮਾਂਡ ਦੀ ਤਿਆਰੀ, ਨੈਟਵਰਕ ਖੰਗਾਲਿਆ ਜਾਵੇਗਾ
ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਨਸ਼ਾ ਤਸਕਰੀ ਦੇ ਪੂਰੇ ਨੈਟਵਰਕ ਦਾ ਪਰਦਾਫ਼ਾਸ਼ ਕੀਤਾ ਜਾ ਸਕੇ।

