ਅੰਮ੍ਰਿਤਸਰ :- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਪਾਵਨ ਸਰੂਪਾਂ ਨਾਲ ਜੁੜੇ ਗੰਭੀਰ ਮਾਮਲੇ ਵਿੱਚ ਅਦਾਲਤ ਨੇ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਲੇਖਾਕਾਰ (ਸੀ.ਏ.) ਸਤਿੰਦਰ ਸਿੰਘ ਕੋਹਲੀ ਦਾ ਛੇ ਦਿਨਾਂ ਦਾ ਪੁਲਿਸ ਰਿਮਾਂਡ ਮਨਜ਼ੂਰ ਕਰ ਦਿੱਤਾ ਹੈ। ਕੋਹਲੀ ਨੂੰ ਅੰਮ੍ਰਿਤਸਰ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।
ਕੋਹਲੀ ਦੀ ਗ੍ਰਿਫ਼ਤਾਰੀ ਨੂੰ ਜਾਂਚ ਵਿੱਚ ਅਹਿਮ ਕੜੀ ਮੰਨਿਆ ਜਾ ਰਿਹਾ
ਪੁਲਿਸ ਅਧਿਕਾਰੀਆਂ ਮੁਤਾਬਕ ਇਹ 328 ਪਾਵਨ ਸਰੂਪ ਮਾਮਲੇ ਵਿੱਚ ਪਹਿਲੀ ਗ੍ਰਿਫ਼ਤਾਰੀ ਹੈ, ਜਿਸਨੂੰ ਜਾਂਚ ਲਈ ਅਹਿਮ ਮੋੜ ਵਜੋਂ ਦੇਖਿਆ ਜਾ ਰਿਹਾ ਹੈ। ਕੋਹਲੀ ਨੂੰ ਚੰਡੀਗੜ੍ਹ ਦੇ ਇੱਕ ਹੋਟਲ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ, ਜਿਥੋਂ ਬਾਅਦ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਕਿਹੜੇ ਅਹੁਦਿਆਂ ’ਤੇ ਰਹਿ ਚੁੱਕੇ ਹਨ ਸਤਿੰਦਰ ਸਿੰਘ ਕੋਹਲੀ
ਸਤਿੰਦਰ ਸਿੰਘ ਕੋਹਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਲੰਮੇ ਸਮੇਂ ਤੱਕ ਸੀ.ਏ. ਦੇ ਅਹੁਦੇ ’ਤੇ ਰਹੇ ਹਨ। ਇਸ ਤੋਂ ਇਲਾਵਾ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿੱਜੀ ਸੀ.ਏ. ਵੀ ਰਹਿ ਚੁੱਕੇ ਹਨ ਅਤੇ ਪਾਰਟੀ ਦੇ ਅੰਦਰੂਨੀ ਮਾਮਲਿਆਂ ਨਾਲ ਨਜ਼ਦੀਕੀ ਤੌਰ ’ਤੇ ਜੁੜੇ ਰਹੇ ਹਨ। SGPC ਦੇ ਆਡਿਟ ਅਤੇ ਵਿੱਤੀ ਲੈਣ-ਦੇਣ ਨਾਲ ਸੰਬੰਧਿਤ ਕਈ ਜ਼ਿੰਮੇਵਾਰੀਆਂ ਵੀ ਕੋਹਲੀ ਦੇ ਹੱਥ ਵਿੱਚ ਰਹੀਆਂ ਹਨ।
16 ਵਿਅਕਤੀਆਂ ਖ਼ਿਲਾਫ਼ ਦਰਜ ਹੈ ਕੇਸ
ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਸਤਿੰਦਰ ਸਿੰਘ ਕੋਹਲੀ ਸਮੇਤ ਕੁੱਲ 16 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਕੋਹਲੀ ਦੀ ਭੂਮਿਕਾ 328 ਪਾਵਨ ਸਰੂਪਾਂ ਦੇ ਰਿਕਾਰਡ, ਹਿਸਾਬ ਕਿਤਾਬ ਅਤੇ ਪ੍ਰਬੰਧਕੀ ਲਾਪਰਵਾਹੀ ਨਾਲ ਜੁੜੀ ਹੋ ਸਕਦੀ ਹੈ, ਜਿਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
SIT ਵੱਲੋਂ ਤੇਜ਼ੀ ਨਾਲ ਜਾਂਚ, ਹੋਰ ਖੁਲਾਸਿਆਂ ਦੀ ਸੰਭਾਵਨਾ
ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਪੰਜਾਬ ਪੁਲਿਸ ਨੇ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਛੇ ਦਿਨਾਂ ਦੇ ਰਿਮਾਂਡ ਦੌਰਾਨ ਕੋਹਲੀ ਤੋਂ ਪੁੱਛਗਿੱਛ ਕਰਕੇ ਮਾਮਲੇ ਨਾਲ ਜੁੜੀਆਂ ਕਈ ਹੋਰ ਅਹਿਮ ਕੜੀਆਂ ਸਾਹਮਣੇ ਆ ਸਕਦੀਆਂ ਹਨ। ਜਾਂਚ ਅੱਗੇ ਵਧਣ ਨਾਲ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਰਿਹਾ।

