ਈਰਾਨ :- ਈਰਾਨ ਵਿੱਚ ਗੰਭੀਰ ਆਰਥਿਕ ਸੰਕਟ ਅਤੇ ਲਗਾਤਾਰ ਵਧ ਰਹੀ ਮਹਿੰਗਾਈ ਦੇ ਖ਼ਿਲਾਫ ਲੋਕਾਂ ਦਾ ਗੁੱਸਾ ਹੁਣ ਖੁੱਲ੍ਹ ਕੇ ਸੜਕਾਂ ‘ਤੇ ਆ ਗਿਆ ਹੈ। ਨਵੇਂ ਸਾਲ ਦੀ ਸ਼ੁਰੂਆਤ ਨਾਲ ਹੀ ਦੇਸ਼ ਦੇ ਕਈ ਹਿੱਸਿਆਂ ਵਿੱਚ ਵਿਰੋਧ ਪ੍ਰਦਰਸ਼ਨ ਹਿੰਸਕ ਰੂਪ ਧਾਰ ਗਏ। ਮਹਿੰਗਾਈ, ਬੇਰੁਜ਼ਗਾਰੀ ਅਤੇ ਮੁਦਰਾ ਦੀ ਕਮਜ਼ੋਰੀ ਕਾਰਨ ਲੋਕ ਸਰਕਾਰ ਅਤੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੀ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ।
ਗੋਲੀਬਾਰੀ ਅਤੇ ਝੜਪਾਂ, ਘੱਟੋ-ਘੱਟ ਛੇ ਮੌਤਾਂ ਦੀ ਖ਼ਬਰ
ਮੀਡੀਆ ਅਤੇ ਮਨੁੱਖੀ ਅਧਿਕਾਰ ਸੰਸਥਾਵਾਂ ਦੇ ਹਵਾਲੇ ਨਾਲ ਸਾਹਮਣੇ ਆਇਆ ਹੈ ਕਿ ਪ੍ਰਦਰਸ਼ਨਾਂ ਦੌਰਾਨ ਸੁਰੱਖਿਆ ਬਲਾਂ ਅਤੇ ਲੋਕਾਂ ਵਿਚਕਾਰ ਤਿੱਖੀਆਂ ਝੜਪਾਂ ਹੋਈਆਂ, ਜਿਨ੍ਹਾਂ ਦੌਰਾਨ ਗੋਲੀਬਾਰੀ ਵੀ ਕੀਤੀ ਗਈ। ਇਨ੍ਹਾਂ ਹਿੰਸਕ ਘਟਨਾਵਾਂ ਵਿੱਚ ਵੱਖ-ਵੱਖ ਇਲਾਕਿਆਂ ਤੋਂ ਘੱਟੋ-ਘੱਟ ਛੇ ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ ਕਈ ਹੋਰ ਜ਼ਖ਼ਮੀ ਦੱਸੇ ਜਾ ਰਹੇ ਹਨ।
ਕਿਹੜੇ ਇਲਾਕੇ ਸਭ ਤੋਂ ਵੱਧ ਪ੍ਰਭਾਵਿਤ
ਪੱਛਮੀ ਅਤੇ ਕੇਂਦਰੀ ਈਰਾਨ ਦੇ ਕਈ ਸ਼ਹਿਰਾਂ—ਲੋਹਦੇਗਨ, ਕੁਹਦਸ਼ਤ ਅਤੇ ਇਸਫਾਹਨ—ਵਿੱਚ ਹਾਲਾਤ ਸਭ ਤੋਂ ਵੱਧ ਤਣਾਅਪੂਰਨ ਬਣੇ ਰਹੇ। ਇੱਥੇ ਦੁਕਾਨਦਾਰਾਂ ਅਤੇ ਆਮ ਨਾਗਰਿਕਾਂ ਨੇ ਸੜਕਾਂ ‘ਤੇ ਆ ਕੇ ਸਰਕਾਰ ਦੀ ਆਰਥਿਕ ਨੀਤੀਆਂ ਖ਼ਿਲਾਫ਼ ਰੋਸ ਜਤਾਇਆ। ਕਈ ਥਾਵਾਂ ‘ਤੇ ਦੁਕਾਨਾਂ ਬੰਦ ਰਹੀਆਂ ਅਤੇ ਆਵਾਜਾਈ ਪ੍ਰਭਾਵਿਤ ਹੋਈ।
ਤਹਿਰਾਨ ਤੋਂ ਯੂਨੀਵਰਸਿਟੀਆਂ ਤੱਕ ਰੋਸ ਦੀ ਲਹਿਰ
ਰਾਜਧਾਨੀ ਤਹਿਰਾਨ ਦੇ ਗ੍ਰੈਂਡ ਬਾਜ਼ਾਰ ਤੋਂ ਸ਼ੁਰੂ ਹੋਇਆ ਇਹ ਰੋਸ ਹੌਲੀ-ਹੌਲੀ ਦੇਸ਼ ਵਿਆਪੀ ਅੰਦੋਲਨ ਬਣਦਾ ਜਾ ਰਿਹਾ ਹੈ। ਯੂਨੀਵਰਸਿਟੀਆਂ ਵਿੱਚ ਵੀ ਵਿਦਿਆਰਥੀ ਸਰਕਾਰ ਵਿਰੋਧੀ ਨਾਅਰੇ ਲਗਾਉਂਦੇ ਨਜ਼ਰ ਆ ਰਹੇ ਹਨ। ਕਈ ਥਾਵਾਂ ‘ਤੇ ਸੜਕਾਂ ਜਾਮ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ ਆਮ ਜਨਜੀਵਨ ਠੱਪ ਹੋ ਕੇ ਰਹਿ ਗਿਆ ਹੈ।
ਸਥਿਤੀ ਬੇਕਾਬੂ, ਸੁਰੱਖਿਆ ਕੜੀ
ਹਾਲਾਤਾਂ ਦੀ ਨਜ਼ਾਕਤ ਨੂੰ ਦੇਖਦੇ ਹੋਏ ਕਈ ਸ਼ਹਿਰਾਂ ਵਿੱਚ ਸੁਰੱਖਿਆ ਕੜੀ ਕਰ ਦਿੱਤੀ ਗਈ ਹੈ। ਪ੍ਰਦਰਸ਼ਨ ਨਵੇਂ ਖੇਤਰਾਂ ਵਿੱਚ ਫੈਲ ਰਹੇ ਹਨ, ਜਿਸ ਨਾਲ ਸਰਕਾਰ ਲਈ ਚੁਣੌਤੀ ਹੋਰ ਵਧ ਗਈ ਹੈ। ਵਿਸ਼ਲੇਸ਼ਕਾਂ ਮਤਾਬਕ, ਜੇਕਰ ਆਰਥਿਕ ਸੰਕਟ ‘ਤੇ ਕਾਬੂ ਨਾ ਪਾਇਆ ਗਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਰੋਸ ਹੋਰ ਭਿਆਨਕ ਰੂਪ ਧਾਰ ਸਕਦਾ ਹੈ।

