ਚੰਡੀਗੜ੍ਹ :- ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅੱਜ 5 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ। ਉਹ ਹੈਰੀਟੇਜ ਸਟਰੀਟ ਤੋਂ ਨੰਗੇ ਪੈਰ ਤੁਰਦੇ ਹੋਏ “ਸਤਿਨਾਮ ਵਾਹਿਗੁਰੂ” ਦਾ ਸਿਮਰਨ ਕਰਦੇ ਅਕਾਲ ਤਖ਼ਤ ਸਾਹਿਬ ਤੱਕ ਪਹੁੰਚੇ। ਇੱਥੇ ਉਨ੍ਹਾਂ ਨੇ ਪੰਜ ਸਿੰਘ ਸਾਹਿਬਾਨ ਦੀ ਹਜ਼ੂਰੀ ਵਿੱਚ ਫੋਟੋ ਵਿਵਾਦ ਸਬੰਧੀ ਆਪਣਾ ਪੱਖ ਰੱਖਿਆ।
ਪੰਜ ਸਿੰਘ ਸਾਹਿਬਾਨ ਅੱਗੇ ਦਿੱਤਾ ਸਪੱਸ਼ਟੀਕਰਨ
ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿੱਚ ਪੇਸ਼ੀ ਦੌਰਾਨ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਉਹ ਸਿੱਖ ਮਰਿਆਦਾ ਦੀ ਪਾਲਣਾ ਕਰਦੇ ਹੋਏ ਅਤੇ ਨਿਮਰਤਾ ਨਾਲ ਹਾਜ਼ਰ ਹੋਏ ਹਨ। ਉਨ੍ਹਾਂ ਦੱਸਿਆ ਕਿ ਆਪਣੇ ਨਾਲ ਨਾਲ ਸੈਰ-ਸਪਾਟਾ ਵਿਭਾਗ ਵੱਲੋਂ ਵੀ ਸਾਰਾ ਮਾਮਲਾ ਸਪੱਸ਼ਟ ਕੀਤਾ ਗਿਆ ਹੈ।
ਸਿੱਖ ਸਿਧਾਂਤਾਂ ਨਾਲ ਜਾਣੂ ਅਫ਼ਸਰ ਦੀ ਤਾਇਨਾਤੀ ਦੀ ਹਦਾਇਤ
ਤਰੁਣਪ੍ਰੀਤ ਸਿੰਘ ਸੌਂਦ ਮੁਤਾਬਕ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਇਹ ਸੁਝਾਅ ਦਿੱਤਾ ਗਿਆ ਹੈ ਕਿ ਸੈਰ-ਸਪਾਟਾ ਵਿਭਾਗ ਵਿੱਚ ਅਜਿਹਾ ਅਧਿਕਾਰੀ ਨਿਯੁਕਤ ਕੀਤਾ ਜਾਵੇ ਜੋ ਸਿੱਖ ਸਿਧਾਂਤਾਂ ਨਾਲ ਪੂਰੀ ਤਰ੍ਹਾਂ ਜਾਣੂ ਹੋਵੇ ਅਤੇ ਪੰਜਾਬ ਦੀ ਧਾਰਮਿਕ ਤੇ ਇਤਿਹਾਸਕ ਵਿਰਾਸਤ ਨੂੰ ਸਮਝਦਾ ਹੋਵੇ।
ਮੁੱਖ ਮੰਤਰੀ ਕੋਲ ਸਿਫ਼ਾਰਸ਼ ਕਰਨ ਦਾ ਐਲਾਨ
ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲ ਕਰਕੇ ਅਜਿਹਾ ਸਿਆਣਾ ਅਤੇ ਸੁਝਵਾਨ ਅਫ਼ਸਰ ਤਾਇਨਾਤ ਕਰਨ ਦੀ ਅਪੀਲ ਕਰਨਗੇ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਗ਼ਲਤੀ ਜਾਂ ਮਰਿਆਦਾ ਦੀ ਉਲੰਘਣਾ ਨਾ ਹੋਵੇ।
ਮਰਿਆਦਾ ਦੀ ਪਾਲਣਾ ਲਈ ਸਰਕਾਰ ਦੀ ਵਚਨਬੱਧਤਾ
ਉਨ੍ਹਾਂ ਯਾਦ ਦਿਵਾਇਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਮੇਂ ਵੀ ਮੁੱਖ ਮੰਤਰੀ ਨੇ ਸਪਸ਼ਟ ਕਿਹਾ ਸੀ ਕਿ ਹਰ ਸਰਕਾਰੀ ਕਾਰਜ ਦੌਰਾਨ ਸਿੱਖ ਮਰਿਆਦਾ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਤਰੁਣਪ੍ਰੀਤ ਸਿੰਘ ਸੌਂਦ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਸਪੱਸ਼ਟੀਕਰਨ ਸਵੀਕਾਰ ਕੀਤਾ ਗਿਆ ਹੈ।

