ਤਰਨਤਾਰਨ :- ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਫਤਿਹਾਬਾਦ ਦੇ ਨੇੜੇ ਤਿੱਖਾ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਚੈਕਿੰਗ ਦੌਰਾਨ ਮੋਟਰਸਾਈਕਲ ’ਤੇ ਆ ਰਹੇ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕਰਨ ’ਤੇ ਉਨ੍ਹਾਂ ਵੱਲੋਂ ਪੁਲਿਸ ’ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਤੋਂ ਬਾਅਦ ਪੁਲਿਸ ਨੇ ਆਪਣੀ ਸੁਰੱਖਿਆ ਲਈ ਜਵਾਬੀ ਫਾਇਰਿੰਗ ਕੀਤੀ।
ਜਵਾਬੀ ਫਾਇਰਿੰਗ ’ਚ ਦੋਵੇਂ ਮੁਲਜ਼ਮ ਗ੍ਰਿਫ਼ਤ ਵਿੱਚ
ਪੁਲਿਸ ਦੀ ਕਾਰਵਾਈ ਦੌਰਾਨ ਦੋਵੇਂ ਮੁਲਜ਼ਮ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜ਼ਖ਼ਮੀਆਂ ਦੀ ਪਛਾਣ ਸੁੱਖਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਕੀਤੀ ਗਈ ਹੈ।
ਹਥਿਆਰ ਤੇ ਮੋਟਰਸਾਈਕਲ ਬਰਾਮਦ
ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਦੇਸੀ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤੀ ਹੈ। ਮੌਕੇ ਤੋਂ ਸਬੂਤ ਇਕੱਠੇ ਕਰਕੇ ਇਲਾਕੇ ਨੂੰ ਸੁਰੱਖਿਆ ਘੇਰੇ ਹੇਠ ਲਿਆ ਗਿਆ।
ਫਿਰੌਤੀ ਮਾਮਲਿਆਂ ਨਾਲ ਜੁੜੇ ਹੋਣ ਦੀ ਪੁਸ਼ਟੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਫਿਰੌਤੀ ਮੰਗਣ ਨਾਲ ਜੁੜੀਆਂ ਕਈ ਵਾਰਦਾਤਾਂ ਵਿੱਚ ਸ਼ਾਮਲ ਰਹੇ ਹਨ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖੋਂ ਡੂੰਘੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੋਰ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

