ਚੰਡੀਗੜ੍ਹ :- ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਸੂਬੇ ਵਿੱਚੋਂ ਖ਼ਤਮ ਕਰਨ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦੀ ਸਮੇਂ ਸਿਰ ਦਖ਼ਲਅੰਦਾਜ਼ੀ ਕਾਰਨ ਕਈ ਥਾਵਾਂ ’ਤੇ ਬਾਲ ਵਿਆਹ ਹੋਣ ਤੋਂ ਪਹਿਲਾਂ ਹੀ ਰੋਕੇ ਗਏ ਹਨ।
ਮੌਜੂਦਾ ਵਿੱਤੀ ਸਾਲ ’ਚ 64 ਬਾਲ ਵਿਆਹ ਮਾਮਲੇ ਰੋਕੇ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਬੱਚਿਆਂ ਦੇ ਹੱਕਾਂ ਅਤੇ ਸੁਰੱਖਿਆ ਨੂੰ ਪਹਿਲ ਦਿੰਦਿਆਂ ਪੰਜਾਬ ਸਰਕਾਰ ਵੱਲੋਂ 64 ਬਾਲ ਵਿਆਹ ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਬੰਧਤ ਵਿਭਾਗਾਂ ਦੀ ਸਾਂਝੀ ਕੋਸ਼ਿਸ਼ ਅਤੇ ਜਨਤਕ ਸਹਿਯੋਗ ਦਾ ਨਤੀਜਾ ਹੈ।
1098 ਹੈਲਪਲਾਈਨ ’ਤੇ ਦਿੱਤੀ ਜਾ ਸਕਦੀ ਹੈ ਸੂਚਨਾ
ਡਾ. ਬਲਜੀਤ ਕੌਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਤੇ ਵੀ ਬਾਲ ਵਿਆਹ ਹੋਣ ਦੀ ਜਾਣਕਾਰੀ ਮਿਲੇ, ਤਾਂ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਨਜ਼ਦੀਕੀ ਬਾਲ ਵਿਆਹ ਰੋਕਥਾਮ ਅਧਿਕਾਰੀ ਜਾਂ ਚਾਈਲਡ ਹੈਲਪਲਾਈਨ 1098 ’ਤੇ ਤੁਰੰਤ ਸੂਚਿਤ ਕੀਤਾ ਜਾਵੇ, ਤਾਂ ਜੋ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਪੋਰਟਲ ’ਤੇ ਉਪਲਬਧ ਹਨ ਬਾਲ ਵਿਆਹ ਰੋਕਥਾਮ ਅਧਿਕਾਰੀਆਂ ਦੇ ਵੇਰਵੇ
ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਬਾਲ ਵਿਆਹ ਰੋਕਣ ਲਈ ਨਿਯੁਕਤ ਸਾਰੇ ਅਧਿਕਾਰੀਆਂ ਦੀ ਜਾਣਕਾਰੀ ਭਾਰਤ ਸਰਕਾਰ ਦੇ ਰਾਸ਼ਟਰੀ ਬਾਲ ਵਿਆਹ ਮੁਕਤੀ ਪੋਰਟਲ ’ਤੇ ਅਪਲੋਡ ਕੀਤੀ ਗਈ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਜਨਤਕ ਪਹੁੰਚ ਆਸਾਨ ਹੋਈ ਹੈ।
ਸੂਬੇ ਭਰ ’ਚ 2,076 ਅਧਿਕਾਰੀ ਤਾਇਨਾਤ
ਬਾਲ ਵਿਆਹ ਦੀ ਪੂਰੀ ਤਰ੍ਹਾਂ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਜ਼ਿਲ੍ਹੇ ਅਤੇ ਬਲਾਕ ਪੱਧਰ ’ਤੇ 2,076 ਬਾਲ ਵਿਆਹ ਰੋਕਥਾਮ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਇਹ ਅਧਿਕਾਰੀ ਬੱਚਿਆਂ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੈਦਾਨੀ ਪੱਧਰ ’ਤੇ ਸਰਗਰਮ ਭੂਮਿਕਾ ਨਿਭਾ ਰਹੇ ਹਨ।
ਸੀਨੀਅਰ ਅਧਿਕਾਰੀਆਂ ਅਤੇ ਸਕੂਲ ਪ੍ਰਿੰਸੀਪਲਾਂ ਨੂੰ ਵੀ ਜ਼ਿੰਮੇਵਾਰੀ
ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਵਿਭਾਗ ਅਧੀਨ ਸਾਰੇ ਜ਼ਿਲ੍ਹਿਆਂ ਦੇ ਬਾਲ ਵਿਕਾਸ ਪ੍ਰੋਜੈਕਟ ਅਧਿਕਾਰੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵੀ ਬਾਲ ਵਿਆਹ ਰੋਕਥਾਮ ਅਧਿਕਾਰੀ ਵਜੋਂ ਨਾਮਜ਼ਦ ਕੀਤਾ ਗਿਆ ਹੈ, ਤਾਂ ਜੋ ਹਰ ਪੱਧਰ ’ਤੇ ਨਿਗਰਾਨੀ ਮਜ਼ਬੂਤ ਕੀਤੀ ਜਾ ਸਕੇ।

