ਨਵੀਂ ਦਿੱਲੀ :- ਦਿੱਲੀ ਦੀ ਰਾਊਜ਼ ਐਵੇਨਿਊ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਨੌਕਰੀ ਦੇ ਬਦਲੇ ਜ਼ਮੀਨ ਮਾਮਲੇ ਵਿੱਚ ਲਾਲੂ ਪ੍ਰਸਾਦ ਯਾਦਵ ਨੂੰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਮਾਮਲੇ ਨਾਲ ਜੁੜੀਆਂ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਲਾਲੂ ਯਾਦਵ ਵਿਰੁੱਧ ਰਸਮੀ ਤੌਰ ‘ਤੇ ਦੋਸ਼ ਤੈਅ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਇਸ ਕੇਸ ਵਿੱਚ ਲਾਲੂ ਯਾਦਵ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ, ਪੁੱਤਰ ਤੇਜਸਵੀ ਯਾਦਵ ਸਮੇਤ ਕੁੱਲ 40 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਸੀਬੀਆਈ ਦਾ ਦਾਅਵਾ ਹੈ ਕਿ ਰੇਲਵੇ ਵਿੱਚ ਨੌਕਰੀਆਂ ਦੇਣ ਦੇ ਬਦਲੇ ਜ਼ਮੀਨਾਂ ਆਪਣੇ ਨਾਂ ਜਾਂ ਪਰਿਵਾਰਕ ਮੈਂਬਰਾਂ ਦੇ ਨਾਂ ਕਰਵਾਈਆਂ ਗਈਆਂ।
ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਮਾਮਲਾ ਹੁਣ ਟ੍ਰਾਇਲ ਦੇ ਅਗਲੇ ਪੜਾਅ ਵਿੱਚ ਦਾਖ਼ਲ ਹੋ ਗਿਆ ਹੈ, ਜਿਸ ਨਾਲ ਲਾਲੂ ਪਰਿਵਾਰ ਦੀਆਂ ਕਾਨੂੰਨੀ ਮੁਸ਼ਕਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ।

