ਫਿਲੌਰ :- ਫਿਲੌਰ ਤਹਿਸੀਲ ਦੇ ਪਿੰਡ ਨਗਰ ਵਿੱਚ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਬਣੀ ਗੰਭੀਰ ਸਥਿਤੀ ਨੇ ਹੁਣ ਰਾਜ ਪੱਧਰੀ ਧਿਆਨ ਖਿੱਚ ਲਿਆ ਹੈ। ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਨੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਖ਼ੁਦ ਕਾਰਵਾਈ ਕਰਦਿਆਂ ਜਲੰਧਰ ਦੇ ਡੀ.ਡੀ.ਪੀ.ਓ. ਨੂੰ 14 ਜਨਵਰੀ ਨੂੰ ਚੰਡੀਗੜ੍ਹ ਸਥਿਤ ਕਮਿਸ਼ਨ ਦਫ਼ਤਰ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।
ਧਾਰਮਿਕ ਡੇਰੇ ਦੇ ਆਲੇ-ਦੁਆਲੇ ਗੰਦੇ ਪਾਣੀ ਦੀ ਨਿਕਾਸੀ
ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਵੱਲੋਂ ਜਾਰੀ ਨੋਟਿਸ ਮੁਤਾਬਕ ਪਿੰਡ ਨਗਰ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਨੂੰ ਮੰਨਣ ਵਾਲੇ ਰਵਿਦਾਸ ਭਾਈਚਾਰੇ ਦਾ ਇੱਕ ਪ੍ਰਮੁੱਖ ਧਾਰਮਿਕ ਡੇਰਾ ਸਥਿਤ ਹੈ। ਇਸ ਇਲਾਕੇ ਵਿੱਚ ਪੰਚਾਇਤ ਵਿਭਾਗ ਦੀ ਅਣਗਹਿਲੀ ਕਾਰਨ ਗੰਦਾ ਪਾਣੀ ਸਿੱਧਾ ਸੜਕਾਂ ‘ਤੇ ਵਗ ਰਿਹਾ ਹੈ, ਜਿਸ ਨਾਲ ਨਾ ਸਿਰਫ਼ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਸਗੋਂ ਲੋਕਾਂ ਦੀ ਸੁਰੱਖਿਆ ਵੀ ਖ਼ਤਰੇ ਵਿੱਚ ਪੈ ਰਹੀ ਹੈ।
ਪ੍ਰਕਾਸ਼ ਪੁਰਬ ਤੋਂ ਪਹਿਲਾਂ ਵਿਵਸਥਾ ‘ਤੇ ਸਵਾਲ
ਆਉਣ ਵਾਲੇ ਦਿਨਾਂ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਸ਼ੋਭਾ ਯਾਤਰਾਵਾਂ ਕੱਢੀਆਂ ਜਾਣੀਆਂ ਹਨ, ਪਰ ਮੌਜੂਦਾ ਹਾਲਾਤਾਂ ਕਾਰਨ ਧਾਰਮਿਕ ਸਮਾਗਮਾਂ ਦੀ ਪਵਿਤ੍ਰਤਾ ਅਤੇ ਸੁਰੱਖਿਆ ਦੋਵੇਂ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਕਮਿਸ਼ਨ ਨੇ ਇਸਨੂੰ ਸਮਾਜਿਕ ਅਤੇ ਧਾਰਮਿਕ ਸੰਵੇਦਨਸ਼ੀਲਤਾ ਨਾਲ ਜੁੜਿਆ ਮਸਲਾ ਮੰਨਿਆ ਹੈ।
ਗੰਦੇ ਪਾਣੀ ‘ਚ ਡੁੱਬਣ ਨਾਲ ਔਰਤ ਦੀ ਮੌਤ
ਪਿੰਡ ਵਾਸੀਆਂ ਅਨੁਸਾਰ ਹਾਲ ਹੀ ਵਿੱਚ ਇਸੇ ਗੰਦੇ ਪਾਣੀ ਵਿੱਚ ਡੁੱਬਣ ਕਾਰਨ ਇੱਕ ਔਰਤ ਦੀ ਮੌਤ ਵੀ ਹੋ ਚੁੱਕੀ ਹੈ। ਇਸ ਘਟਨਾ ਤੋਂ ਬਾਅਦ ਲੋਕਾਂ ਵਿੱਚ ਰੋਸ ਹੋਰ ਤੇਜ਼ ਹੋ ਗਿਆ ਅਤੇ ਸਥਾਈ ਹੱਲ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਨੇ ਸੜਕ ‘ਤੇ ਧਰਨਾ ਸ਼ੁਰੂ ਕਰ ਦਿੱਤਾ।
ਧਰਨੇ ‘ਚ ਧਾਰਮਿਕ ਤੇ ਸਮਾਜਿਕ ਪ੍ਰਤੀਕ
ਧਰਨੇ ਦੌਰਾਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲਗਾ ਕੇ ਪ੍ਰਸ਼ਾਸਨ ਨੂੰ ਆਪਣੀ ਗੰਭੀਰਤਾ ਦਰਸਾਈ ਗਈ। ਕਮਿਸ਼ਨ ਨੇ ਇਸ ਪੂਰੇ ਮਾਮਲੇ ਨੂੰ ਧਿਆਨ ਨਾਲ ਲੈਂਦਿਆਂ ਖ਼ੁਦ ਨੋਟਿਸ ਲਿਆ।
ਪੰਚਾਇਤ ਵਿਭਾਗ ਦੀ ਭੂਮਿਕਾ ਦੀ ਜਾਂਚ ਦੇ ਹੁਕਮ
ਐੱਸ.ਸੀ. ਕਮਿਸ਼ਨ ਨੇ ਸਪਸ਼ਟ ਕੀਤਾ ਹੈ ਕਿ 14 ਜਨਵਰੀ ਨੂੰ ਹੋਣ ਵਾਲੀ ਸੁਣਵਾਈ ਦੌਰਾਨ ਗੰਦੇ ਪਾਣੀ ਦੀ ਸਮੱਸਿਆ ਦੇ ਨਾਲ-ਨਾਲ ਪੰਚਾਇਤ ਵਿਭਾਗ ਦੀ ਭੂਮਿਕਾ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਕਮਿਸ਼ਨ ਨੇ ਇਸ਼ਾਰਾ ਦਿੱਤਾ ਹੈ ਕਿ ਲਾਪਰਵਾਹੀ ਸਾਬਤ ਹੋਣ ਦੀ ਸੂਰਤ ਵਿੱਚ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ।

