ਚੰਡੀਗੜ੍ਹ :- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਨੌਂ ਸਾਲ ਪੁਰਾਣੇ ਮਾਣਹਾਨੀ ਮਾਮਲੇ ਵਿੱਚ ਅਦਾਲਤ ਨੇ ਉਨ੍ਹਾਂ ਨੂੰ 20 ਹਜ਼ਾਰ ਰੁਪਏ ਦੇ ਜ਼ਮਾਨਤੀ ਬਾਂਡ ’ਤੇ ਰਿਹਾਈ ਦੇ ਹੁਕਮ ਜਾਰੀ ਕਰ ਦਿੱਤੇ।
ਪਿਛਲੇ ਮਹੀਨੇ ਜਾਰੀ ਹੋਏ ਸਨ ਗੈਰ-ਜ਼ਮਾਨਤੀ ਵਾਰੰਟ
ਦੱਸਣਯੋਗ ਹੈ ਕਿ ਪਿਛਲੇ ਮਹੀਨੇ ਅਦਾਲਤ ਵੱਲੋਂ ਸੁਖਬੀਰ ਬਾਦਲ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ। ਇਸ ਦੇ ਨਾਲ ਹੀ ਉਨ੍ਹਾਂ ਦੀ ਪਹਿਲਾਂ ਮਿਲੀ ਜ਼ਮਾਨਤ ਵੀ ਰੱਦ ਕਰ ਦਿੱਤੀ ਗਈ ਸੀ, ਜਿਸ ਕਾਰਨ ਉਨ੍ਹਾਂ ਲਈ ਅਦਾਲਤ ਵਿੱਚ ਹਾਜ਼ਰ ਹੋਣਾ ਲਾਜ਼ਮੀ ਬਣ ਗਿਆ ਸੀ।
2017 ਵਿੱਚ ਦਰਜ ਹੋਇਆ ਸੀ ਮਾਮਲਾ
ਇਹ ਮਾਮਲਾ ਸਾਲ 2017 ਨਾਲ ਸਬੰਧਤ ਹੈ, ਜਦੋਂ ਧਾਰਮਿਕ ਸੰਗਠਨ ਅਖੰਡ ਕੀਰਤਨੀ ਜਥਾ ਦੇ ਬੁਲਾਰੇ ਰਾਜਿੰਦਰ ਪਾਲ ਸਿੰਘ ਵੱਲੋਂ ਸੁਖਬੀਰ ਬਾਦਲ ਖ਼ਿਲਾਫ਼ ਮਾਣਹਾਨੀ ਦੀ ਸ਼ਿਕਾਇਤ ਦਾਇਰ ਕੀਤੀ ਗਈ ਸੀ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਬਾਦਲ ਦੇ ਬਿਆਨ ਨਾਲ ਸੰਗਠਨ ਦੀ ਛਵੀ ਨੂੰ ਗੰਭੀਰ ਨੁਕਸਾਨ ਪਹੁੰਚਿਆ।
ਹਾਈ ਕੋਰਟ ਪਟੀਸ਼ਨ ਹੋਈ ਸੀ ਖਾਰਜ
ਸੁਣਵਾਈ ਦੌਰਾਨ ਬਾਦਲ ਦੇ ਵਕੀਲ ਰਾਜੇਸ਼ ਕੁਮਾਰ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਪਟੀਸ਼ਨ ਦਾਇਰ ਕੀਤੀ ਗਈ ਸੀ, ਜੋ ਕਿ 17 ਅਕਤੂਬਰ 2025 ਨੂੰ ਖਾਰਜ ਹੋ ਚੁੱਕੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਫੈਸਲੇ ਬਾਰੇ ਸੁਖਬੀਰ ਬਾਦਲ ਨੂੰ ਸਮੇਂ ’ਤੇ ਜਾਣਕਾਰੀ ਨਹੀਂ ਮਿਲ ਸਕੀ।
ਨਿੱਜੀ ਸਹਾਇਕ ਦੇ ਅਸਤੀਫੇ ਕਾਰਨ ਬਣੀ ਉਲਝਣ
ਅਦਾਲਤ ਵਿੱਚ ਇਹ ਵੀ ਦੱਸਿਆ ਗਿਆ ਕਿ ਬਾਦਲ ਦੇ ਨਿੱਜੀ ਸਹਾਇਕ ਚਰਨਜੀਤ ਸਿੰਘ ਬਰਾੜ ਹੀ ਹਾਈ ਕੋਰਟ ਅਤੇ ਜ਼ਿਲ੍ਹਾ ਅਦਾਲਤ ਦੇ ਮਾਮਲਿਆਂ ਦੀ ਪੂਰੀ ਜਾਣਕਾਰੀ ਰੱਖਦੇ ਸਨ। ਉਨ੍ਹਾਂ ਦੇ ਨੌਕਰੀ ਛੱਡਣ ਤੋਂ ਬਾਅਦ ਬਾਦਲ ਨੂੰ ਅਦਾਲਤੀ ਤਰੀਕਾਂ ਦੀ ਸਹੀ ਜਾਣਕਾਰੀ ਨਹੀਂ ਮਿਲ ਸਕੀ, ਜਿਸ ਕਾਰਨ ਉਹ ਪੇਸ਼ੀ ’ਤੇ ਨਹੀਂ ਪਹੁੰਚ ਸਕੇ।
ਜਾਣਬੁੱਝ ਕੇ ਗੈਰਹਾਜ਼ਰੀ ਨਹੀਂ ਸੀ
ਬਚਾਵ ਪੱਖ ਵੱਲੋਂ ਅਦਾਲਤ ਨੂੰ ਸਪੱਸ਼ਟ ਕੀਤਾ ਗਿਆ ਕਿ ਸੁਖਬੀਰ ਬਾਦਲ ਵੱਲੋਂ ਕਿਸੇ ਵੀ ਤਰੀਕੇ ਨਾਲ ਜਾਣਬੁੱਝ ਕੇ ਅਦਾਲਤ ਤੋਂ ਬਚਣ ਦੀ ਕੋਸ਼ਿਸ਼ ਨਹੀਂ ਕੀਤੀ ਗਈ। ਇਸੇ ਕਾਰਨ ਉਨ੍ਹਾਂ ਨੇ ਖੁਦ ਅਦਾਲਤ ਵਿੱਚ ਹਾਜ਼ਰ ਹੋ ਕੇ ਆਤਮ ਸਮਰਪਣ ਕਰਨ ਦਾ ਫੈਸਲਾ ਲਿਆ।
ਵਿਵਾਦਪੂਰਨ ਬਿਆਨ ਤੋਂ ਬਾਅਦ ਭੜਕਿਆ ਸੀ ਮਾਮਲਾ
ਜ਼ਿਕਰਯੋਗ ਹੈ ਕਿ 4 ਜਨਵਰੀ 2017 ਨੂੰ ਦਿੱਲੀ ਦੇ ਤਤਕਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਰਾਜਿੰਦਰ ਪਾਲ ਸਿੰਘ ਡੀ ਦੇ ਘਰ ਗਏ ਸਨ। ਇਸ ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਵੱਲੋਂ ਮੀਡੀਆ ਸਾਹਮਣੇ ਦਿੱਤੇ ਗਏ ਇਕ ਬਿਆਨ ਨੂੰ ਲੈ ਕੇ ਵਿਵਾਦ ਖੜਾ ਹੋ ਗਿਆ ਸੀ, ਜਿਸ ਵਿੱਚ ਅਖੰਡ ਕੀਰਤਨੀ ਜਥਾ ਬਾਰੇ ਟਿੱਪਣੀ ਕੀਤੀ ਗਈ ਸੀ।
ਸੰਗਠਨ ਦੀ ਛਵੀ ਖ਼ਰਾਬ ਕਰਨ ਦਾ ਦੋਸ਼
ਇਸ ਬਿਆਨ ਨੂੰ ਆਧਾਰ ਬਣਾਉਂਦਿਆਂ ਰਾਜਿੰਦਰ ਪਾਲ ਸਿੰਘ ਨੇ ਚੰਡੀਗੜ੍ਹ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਬਾਦਲ ਦੇ ਬਿਆਨ ਨਾਲ ਧਾਰਮਿਕ ਸੰਗਠਨ ਦੀ ਸਮਾਜਿਕ ਸਾਕ ਨੂੰ ਗਹਿਰਾ ਝਟਕਾ ਲੱਗਿਆ ਹੈ।

