ਨਵੀਂ ਦਿੱਲੀ :- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਸਾਗਰ ਧਨਖੜ ਕਤਲ ਮਾਮਲੇ ਵਿੱਚ ਮੁਲਜ਼ਮ ਓਲੰਪੀਅਨ ਪਹਿਲਵਾਨ ਸੁਸ਼ੀਲ ਕੁਮਾਰ ਦੀ ਜ਼ਮਾਨਤ ਰੱਦ ਕਰ ਦਿੱਤੀ ਅਤੇ ਉਸਨੂੰ ਇੱਕ ਹਫ਼ਤੇ ਦੇ ਅੰਦਰ ਆਤਮ ਸਮਰਪਣ ਕਰਨ ਦੇ ਹੁਕਮ ਜਾਰੀ ਕੀਤੇ। ਜਸਟਿਸ ਸੰਜੇ ਕਰੋਲ ਅਤੇ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੀ ਬੈਂਚ ਨੇ ਇਹ ਫ਼ੈਸਲਾ ਸਾਗਰ ਧਨਖੜ ਦੇ ਪਿਤਾ ਅਸ਼ੋਕ ਧਨਖੜ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਦੌਰਾਨ ਸੁਣਾਇਆ।
ਅਸ਼ੋਕ ਧਨਖੜ ਨੇ ਮਾਰਚ ਵਿੱਚ ਦਿੱਲੀ ਹਾਈ ਕੋਰਟ ਵੱਲੋਂ ਸੁਸ਼ੀਲ ਕੁਮਾਰ ਨੂੰ ਦਿੱਤੀ ਗਈ ਜ਼ਮਾਨਤ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਸੀ। ਉਨ੍ਹਾਂ ਦਾ ਦੋਸ਼ ਸੀ ਕਿ ਸੁਸ਼ੀਲ ਕੁਮਾਰ ਮਾਮਲੇ ਦੇ ਮੁੱਖ ਗਵਾਹਾਂ ਨੂੰ ਧਮਕਾ ਰਿਹਾ ਹੈ ਅਤੇ ਇਸ ਕਾਰਨ ਉਸਦੀ ਜ਼ਮਾਨਤ ਰੱਦ ਹੋਣੀ ਚਾਹੀਦੀ ਹੈ।
ਕੀ ਸੀ ਮਾਮਲਾ
ਜ਼ਿਕਰਯੋਗ ਹੈ ਕਿ ਸੁਸ਼ੀਲ ਕੁਮਾਰ ਨੂੰ ਮਈ 2021 ਵਿੱਚ ਦਿੱਲੀ ਦੇ ਛਤਰਸਾਲ ਸਟੇਡੀਅਮ ‘ਚ 27 ਸਾਲਾ ਸਾਬਕਾ ਜੂਨੀਅਰ ਰਾਸ਼ਟਰੀ ਕੁਸ਼ਤੀ ਚੈਂਪੀਅਨ ਸਾਗਰ ਧਨਖੜ ਦੇ ਕਤਲ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਮਾਮਲਾ ਉਸ ਸਮੇਂ ਚਰਚਾ ਦਾ ਵਿਸ਼ਾ ਬਣਿਆ ਸੀ ਕਿਉਂਕਿ ਇਸ ਵਿੱਚ ਖੇਡ ਜਗਤ ਦੀ ਪ੍ਰਸਿੱਧ ਹਸਤੀ ਦਾ ਨਾਮ ਜੁੜਿਆ ਸੀ।