ਹਰਿਆਣਾ :- ਹਰਿਆਣਾ ਸਰਕਾਰ ਨੇ ਸਿੱਖ ਵਿਦਿਆਰਥੀਆਂ ਦੀ ਧਾਰਮਿਕ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਇਕ ਅਹਿਮ ਫ਼ੈਸਲਾ ਲਿਆ ਹੈ। ਸਰਕਾਰ ਵੱਲੋਂ ਜਾਰੀ ਨਵੇਂ ਨੋਟੀਫਿਕੇਸ਼ਨ ਅਨੁਸਾਰ ਹੁਣ ਸਿੱਖ ਵਿਦਿਆਰਥੀਆਂ ਨੂੰ ਕਿਰਪਾਨ ਪਹਿਨ ਕੇ ਇਮਤਿਹਾਨ ਕੇਂਦਰ ਅੰਦਰ ਬੈਠਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਵਿਆਹੁਤਾ ਔਰਤਾਂ ਨੂੰ ਮੰਗਲਸੂਤਰ ਪਹਿਨ ਕੇ ਪ੍ਰੀਖਿਆ ਦੇਣ ਦੀ ਵੀ ਇਜਾਜ਼ਤ ਮਿਲ ਗਈ ਹੈ।
ਸਕੂਲ ਤੋਂ ਯੂਨੀਵਰਸਿਟੀ ਤੱਕ ਲਾਗੂ ਹੋਵੇਗਾ ਫ਼ੈਸਲਾ
ਇਹ ਹੁਕਮ ਹਰਿਆਣਾ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਲਾਗੂ ਕੀਤਾ ਗਿਆ ਹੈ। ਭਾਰਤੀ ਏਜੰਸੀਆਂ ਵੱਲੋਂ ਲਏ ਜਾਣ ਵਾਲੇ ਸਾਰੇ ਮੁਕਾਬਲਤੀ ਅਤੇ ਅਕਾਦਮਿਕ ਇਮਤਿਹਾਨਾਂ ਦੌਰਾਨ ਸਿੱਖ ਵਿਦਿਆਰਥੀ ਕਿਰਪਾਨ ਧਾਰਨ ਕਰ ਸਕਣਗੇ।
ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਗਾਈਆਂ ਗਈਆਂ ਸ਼ਰਤਾਂ
ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕੁਝ ਸਪਸ਼ਟ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਇਸ ਅਨੁਸਾਰ ਕਿਰਪਾਨ ਦੀ ਕੁੱਲ ਲੰਬਾਈ 9 ਇੰਚ ਤੋਂ ਵੱਧ ਨਹੀਂ ਹੋਵੇਗੀ, ਜਦਕਿ ਉਸ ਦੀ ਧਾਰ 6 ਇੰਚ ਤੱਕ ਹੀ ਸੀਮਤ ਰੱਖਣੀ ਲਾਜ਼ਮੀ ਹੋਵੇਗੀ। ਇਮਤਿਹਾਨ ਕੇਂਦਰ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਾ ਹੋਵੇ, ਇਸ ਗੱਲ ਨੂੰ ਮੁੱਖ ਧਿਆਨ ਵਿੱਚ ਰੱਖਿਆ ਗਿਆ ਹੈ।
ਵਿਆਹੁਤਾ ਔਰਤਾਂ ਨੂੰ ਵੀ ਮਿਲੀ ਛੂਟ
ਨੋਟੀਫਿਕੇਸ਼ਨ ਵਿੱਚ ਇਹ ਵੀ ਸਾਫ਼ ਕੀਤਾ ਗਿਆ ਹੈ ਕਿ ਵਿਆਹੁਤਾ ਔਰਤਾਂ ਨੂੰ ਇਮਤਿਹਾਨ ਦੌਰਾਨ ਮੰਗਲਸੂਤਰ ਉਤਾਰਨ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਉਹ ਆਪਣੀ ਧਾਰਮਿਕ ਅਤੇ ਸਾਂਸਕ੍ਰਿਤਿਕ ਪਹਿਚਾਣ ਦੇ ਚਿੰਨ੍ਹ ਸਮੇਤ ਨਿਡਰ ਹੋ ਕੇ ਪ੍ਰੀਖਿਆ ਵਿੱਚ ਸ਼ਾਮਲ ਹੋ ਸਕਣਗੀਆਂ।
ਧਾਰਮਿਕ ਅਧਿਕਾਰਾਂ ਦੀ ਰੱਖਿਆ ਵੱਲ ਕਦਮ
ਸਰਕਾਰ ਦੇ ਇਸ ਫ਼ੈਸਲੇ ਨੂੰ ਧਾਰਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਵੱਲ ਇਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਸਿੱਖ ਜਥੇਬੰਦੀਆਂ ਅਤੇ ਸਮਾਜਿਕ ਵਰਗਾਂ ਵੱਲੋਂ ਇਸ ਫ਼ੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਇਸਨੂੰ ਵਿਦਿਆਰਥੀਆਂ ਲਈ ਵੱਡੀ ਰਾਹਤ ਕਰਾਰ ਦਿੱਤਾ ਗਿਆ ਹੈ।

