ਪਟਿਆਲਾ :- ਸ਼ਾਹੀ ਸ਼ਹਿਰ ਪਟਿਆਲਾ ਵਿੱਚ ਸੰਗਰੂਰ–ਪਟਿਆਲਾ ਬਾਈਪਾਸ ਉੱਤੇ ਪੁਲਿਸ ਅਤੇ ਇੱਕ ਗੈਂਗਸਟਰ ਦਰਮਿਆਨ ਹੋਈ ਮੁੱਠਭੇੜ ਨੇ ਇਲਾਕੇ ਵਿੱਚ ਹੜਕੰਪ ਮਚਾ ਦਿੱਤਾ। ਇਸ ਐਨਕਾਊਂਟਰ ਦੌਰਾਨ ਜੈਪਾਲ ਭੁੱਲਰ ਗੈਂਗ ਨਾਲ ਜੁੜੇ ਹਰਜਿੰਦਰ ਸਿੰਘ ਉਰਫ਼ ਲਾਡੀ ਦੇ ਪੈਰ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸਨੂੰ ਜ਼ਖ਼ਮੀ ਹਾਲਤ ਵਿੱਚ ਕਾਬੂ ਕਰ ਲਿਆ ਗਿਆ। ਪੁਲਿਸ ਵੱਲੋਂ ਗੈਂਗਸਟਰ ਨੂੰ ਤੁਰੰਤ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।
ਪੁਲਿਸ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ
ਪੁਲਿਸ ਅਧਿਕਾਰੀਆਂ ਅਨੁਸਾਰ ਇਹ ਕਾਰਵਾਈ ਥਾਣਾ ਬਨੂੜ ਅਤੇ ਸੀਆਈਏ ਪਟਿਆਲਾ ਦੀ ਸਾਂਝੀ ਟੀਮ ਵੱਲੋਂ ਕੀਤੀ ਗਈ। ਖੁਫੀਆ ਸੂਚਨਾ ਦੇ ਆਧਾਰ ’ਤੇ ਜਦੋਂ ਪੁਲਿਸ ਨੇ ਗੈਂਗਸਟਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਬਚਣ ਲਈ ਤਿੰਨ ਤੋਂ ਚਾਰ ਰਾਊਂਡ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਆਤਮ-ਰੱਖਿਆ ਹੇਠ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਗੈਂਗਸਟਰ ਜ਼ਖ਼ਮੀ ਹੋ ਗਿਆ।
ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ
ਮੁੱਠਭੇੜ ਦੀ ਜਾਣਕਾਰੀ ਮਿਲਦਿਆਂ ਹੀ ਪਟਿਆਲਾ ਰੇਂਜ ਦੇ ਡੀਆਈਜੀ ਕੁਲਦੀਪ ਸਿੰਘ ਚਾਹਲ ਅਤੇ ਐਸਐਸਪੀ ਵਰੁਣ ਸ਼ਰਮਾ ਮੌਕੇ ’ਤੇ ਪਹੁੰਚੇ ਅਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਇਲਾਕੇ ਨੂੰ ਸੁਰੱਖਿਆ ਘੇਰੇ ਹੇਠ ਲਿਆ ਗਿਆ।
ਕਈ ਗੰਭੀਰ ਮਾਮਲਿਆਂ ’ਚ ਵਾਂਟੇਡ ਸੀ ਲਾਡੀ
ਡੀਆਈਜੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਹਰਜਿੰਦਰ ਸਿੰਘ ਲਾਡੀ ਲੰਮੇ ਸਮੇਂ ਤੋਂ ਪੁਲਿਸ ਨੂੰ ਲੋੜੀਂਦਾ ਸੀ। ਉਸ ਖ਼ਿਲਾਫ਼ ਮੋਹਾਲੀ, ਬਨੂੜ ਅਤੇ ਪਟਿਆਲਾ ਵਿੱਚ ਕਈ ਗੰਭੀਰ ਅਪਰਾਧਿਕ ਕੇਸ ਦਰਜ ਹਨ। ਸਾਲ 2017 ਵਿੱਚ ਰਾਜਪੁਰਾ–ਬਨੂੜ ਖੇਤਰ ਵਿੱਚ ਹੋਈ ਕੈਸ਼ ਵੈਨ ਲੁੱਟ ਦੀ ਵਾਰਦਾਤ ਵਿੱਚ ਵੀ ਉਸਦੀ ਭੂਮਿਕਾ ਸਾਹਮਣੇ ਆ ਚੁੱਕੀ ਹੈ। ਮੌਕੇ ਤੋਂ ਇੱਕ ਬਰੇਟਾ ਪਿਸਤੌਲ ਵੀ ਬਰਾਮਦ ਕੀਤੀ ਗਈ ਹੈ।
ਆਪ੍ਰੇਸ਼ਨ ਪ੍ਰਹਾਰ ਤਹਿਤ ਸਖ਼ਤੀ ਜਾਰੀ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਸਾਰੀ ਕਾਰਵਾਈ ਡੀਜੀਪੀ ਪੰਜਾਬ ਦੇ ਨਿਰਦੇਸ਼ਾਂ ਅਧੀਨ ਚੱਲ ਰਹੇ “ਆਪ੍ਰੇਸ਼ਨ ਪ੍ਰਹਾਰ” ਤਹਿਤ ਕੀਤੀ ਗਈ ਹੈ। ਪਟਿਆਲਾ ਰੇਂਜ ਵਿੱਚ ਹੁਣ ਤੱਕ 126 ਤੋਂ ਵੱਧ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ 60 ਤੋਂ ਵੱਧ ਗ੍ਰਿਫ਼ਤਾਰੀਆਂ ਸਿਰਫ਼ ਪਟਿਆਲਾ ਜ਼ਿਲ੍ਹੇ ਤੋਂ ਹੋਈਆਂ ਹਨ। ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਅਪਰਾਧ ਅਤੇ ਗੈਂਗਸਟਰਵਾਦ ਖ਼ਿਲਾਫ਼ ਕਾਰਵਾਈ ਹੋਰ ਵੀ ਤੇਜ਼ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।

