ਚੰਡੀਗੜ੍ਹ :- ਖਡੂਰ ਸਾਹਿਬ ਤੋਂ ਲੋਕ ਸਭਾ ਸਾਂਸਦ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਵੱਲੋਂ ਇੱਕ ਵਾਰ ਫਿਰ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਗਿਆ ਹੈ। ਆਉਣ ਵਾਲੇ ਸੰਸਦ ਦੇ ਬਜਟ ਸੈਸ਼ਨ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਮੰਗਦੇ ਹੋਏ ਉਨ੍ਹਾਂ ਨੇ ਨਵੀਂ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਤੇ ਅੱਜ ਮਾਣਯੋਗ ਹਾਈਕੋਰਟ ਵਿੱਚ ਸੁਣਵਾਈ ਹੋਣੀ ਹੈ।
ਬਜਟ ਸੈਸ਼ਨ ‘ਚ ਹਾਜ਼ਰੀ ਦੀ ਮੰਗ
ਸਾਂਸਦ ਅੰਮ੍ਰਿਤਪਾਲ ਸਿੰਘ ਨੇ ਅਦਾਲਤ ਅੱਗੇ ਦਲੀਲ ਦਿੱਤੀ ਹੈ ਕਿ ਲੋਕ ਸਭਾ ਮੈਂਬਰ ਹੋਣ ਦੇ ਨਾਤੇ ਸੰਸਦ ਵਿੱਚ ਹਾਜ਼ਰੀ ਲਗਾਉਣਾ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ। ਬਜਟ ਸੈਸ਼ਨ ਦੌਰਾਨ ਲੋਕਾਂ ਨਾਲ ਜੁੜੇ ਅਹਿਮ ਮਸਲੇ ਚਰਚਾ ਲਈ ਰੱਖੇ ਜਾਣੇ ਹੁੰਦੇ ਹਨ, ਜਿਸ ਕਰਕੇ ਉਨ੍ਹਾਂ ਦੀ ਮੌਜੂਦਗੀ ਲਾਜ਼ਮੀ ਬਣਦੀ ਹੈ।
ਪਿਛਲੀ ਪਟੀਸ਼ਨ ਕਿਉਂ ਰਹੀ ਬੇਅਸਰ
ਅੰਮ੍ਰਿਤਪਾਲ ਸਿੰਘ ਦੇ ਵਕੀਲ ਈਮਾਨ ਸਿੰਘ ਖਾਰਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਰਦ ਰੁੱਤ ਸੈਸ਼ਨ ਸਮੇਂ ਵੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਪਰ ਉਸ ਦੌਰਾਨ ਪੰਜਾਬ ਸਰਕਾਰ ਵੱਲੋਂ ਵਕੀਲ ਹਾਜ਼ਰ ਨਾ ਹੋ ਸਕੇ ਅਤੇ ਵਕੀਲਾਂ ਦੀ ਚੱਲ ਰਹੀ ਹੜਤਾਲ ਕਾਰਨ ਮਾਮਲਾ ਅੱਗੇ ਨਹੀਂ ਵਧ ਸਕਿਆ।
ਉਨ੍ਹਾਂ ਮੁਤਾਬਕ 18 ਦਸੰਬਰ ਨੂੰ ਹੜਤਾਲ ਖਤਮ ਹੋਈ ਸੀ, ਜਦਕਿ 19 ਦਸੰਬਰ ਸੰਸਦ ਸੈਸ਼ਨ ਦਾ ਆਖ਼ਰੀ ਦਿਨ ਸੀ। ਅਜਿਹੀ ਸਥਿਤੀ ਵਿੱਚ ਅਦਾਲਤ ਨੇ ਇਹ ਕਹਿ ਕੇ ਪਟੀਸ਼ਨ ਨੂੰ ਬੇਮਾਇਨੇ ਕਰਾਰ ਦਿੱਤਾ ਸੀ ਕਿ ਜਦੋਂ ਅਗਲਾ ਸੈਸ਼ਨ ਆਵੇ, ਉਸ ਸਮੇਂ ਮੁੜ ਅਦਾਲਤ ਦਾ ਦਰਵਾਜ਼ਾ ਖਟਖਟਾਇਆ ਜਾ ਸਕਦਾ ਹੈ। ਮੌਜੂਦਾ ਪਟੀਸ਼ਨ ਉਸੇ ਨਿਰਦੇਸ਼ ਦੇ ਅਧਾਰ ‘ਤੇ ਦਾਇਰ ਕੀਤੀ ਗਈ ਹੈ।
ਪਹਿਲਾਂ ਸੁਪਰੀਮ ਕੋਰਟ ਵੀ ਪਹੁੰਚਿਆ ਮਾਮਲਾ
ਇਸ ਮਾਮਲੇ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਪਹਿਲਾਂ ਸੁਪਰੀਮ ਕੋਰਟ ਤੱਕ ਵੀ ਪਹੁੰਚ ਚੁੱਕੇ ਹਨ। ਸਰਦ ਰੁੱਤ ਸੈਸ਼ਨ ਲਈ ਦਾਇਰ ਕੀਤੀ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਸੰਸਦ ਵਿੱਚ ਜਾਣਾ ਉਨ੍ਹਾਂ ਦਾ ਮੂਲ ਅਧਿਕਾਰ ਹੈ ਅਤੇ ਪੰਜਾਬ ਵਿੱਚ ਆਏ ਹੜ੍ਹਾਂ ਵਰਗੇ ਗੰਭੀਰ ਮੁੱਦੇ ਉਠਾਉਣ ਲਈ ਉਨ੍ਹਾਂ ਦੀ ਹਾਜ਼ਰੀ ਬਹੁਤ ਜ਼ਰੂਰੀ ਹੈ।
ਹਾਲਾਂਕਿ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰਦਿਆਂ ਉਨ੍ਹਾਂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕਰਨ ਲਈ ਕਿਹਾ ਸੀ।
ਹਾਈਕੋਰਟ ਦੇ ਹੁਕਮ ਅਤੇ ਸਰਕਾਰ ਦਾ ਰੁਖ
ਇਸ ਤੋਂ ਬਾਅਦ ਨਵੰਬਰ ਮਹੀਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ। ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਸੀ ਕਿ ਇੱਕ ਹਫ਼ਤੇ ਦੇ ਅੰਦਰ ਪੈਰੋਲ ਸਬੰਧੀ ਅੰਤਿਮ ਫੈਸਲਾ ਲਿਆ ਜਾਵੇ।
ਪੰਜਾਬ ਸਰਕਾਰ ਨੇ ਅਦਾਲਤ ਅੱਗੇ ਆਪਣਾ ਪੱਖ ਰੱਖਦਿਆਂ ਕਿਹਾ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣਾ ਸੰਭਵ ਨਹੀਂ। ਸਰਕਾਰ ਅਨੁਸਾਰ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਭੇਜੀਆਂ ਗਈਆਂ ਸੁਰੱਖਿਆ ਰਿਪੋਰਟਾਂ ਵਿੱਚ ਚੇਤਾਵਨੀ ਦਿੱਤੀ ਗਈ ਸੀ ਕਿ ਪੈਰੋਲ ਮਿਲਣ ਦੀ ਸਥਿਤੀ ਵਿੱਚ ਸੂਬੇ ਅਤੇ ਸੰਸਦ ਦੋਵਾਂ ਥਾਵਾਂ ‘ਤੇ ਕਾਨੂੰਨ-ਵਿਵਸਥਾ ਪ੍ਰਭਾਵਿਤ ਹੋ ਸਕਦੀ ਹੈ।
ਅੱਜ ਦੀ ਸੁਣਵਾਈ ‘ਤੇ ਟਿਕੀਆਂ ਨਜ਼ਰਾਂ
ਹੁਣ ਇੱਕ ਵਾਰ ਫਿਰ ਬਜਟ ਸੈਸ਼ਨ ਨੇੜੇ ਆਉਣ ਨਾਲ ਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ ਵਿੱਚ ਅਰਜ਼ੀ ਦਾਇਰ ਕਰ ਦਿੱਤੀ ਹੈ। ਅੱਜ ਹੋਣ ਵਾਲੀ ਸੁਣਵਾਈ ਦੌਰਾਨ ਅਦਾਲਤ ਕੀ ਰੁਖ ਅਪਣਾਉਂਦੀ ਹੈ, ਇਸ ‘ਤੇ ਸਿਆਸੀ ਅਤੇ ਪ੍ਰਸ਼ਾਸਕੀ ਹਲਕਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

