ਨੋਇਡਾ :- ਨੋਇਡਾ ਦੇ ਕਈ ਨਿੱਜੀ ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਧਮਕੀ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਅਤੇ ਉੱਚ ਅਧਿਕਾਰੀਆਂ ਦੇ ਹੁਕਮਾਂ ਅਧੀਨ ਤੁਰੰਤ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ।
ਪ੍ਰਭਾਵਿਤ ਸਕੂਲਾਂ ਵਿੱਚ ਵੱਖ-ਵੱਖ ਥਾਣਿਆਂ ਦੀ ਪੁਲਿਸ ਫੋਰਸ ਦੇ ਨਾਲ-ਨਾਲ ਬੰਬ ਸਕੁਐਡ, ਫਾਇਰ ਬ੍ਰਿਗੇਡ, ਡੌਗ ਸਕੁਐਡ ਅਤੇ ਬੀਡੀਡੀਐਸ ਟੀਮਾਂ ਨੂੰ ਤਾਇਨਾਤ ਕੀਤਾ ਗਿਆ। ਸੁਰੱਖਿਆ ਟੀਮਾਂ ਵੱਲੋਂ ਸਕੂਲ ਇਮਾਰਤਾਂ, ਕਲਾਸਰੂਮਾਂ, ਬੇਸਮੈਂਟ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਬਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ।
ਸਾਇਬਰ ਸੈੱਲ ਵੱਲੋਂ ਈ-ਮੇਲ ਦੀ ਤਕਨੀਕੀ ਜਾਂਚ
ਧਮਕੀ ਭਰੇ ਈ-ਮੇਲ ਦੀ ਪਛਾਣ ਲਈ ਪੁਲਿਸ ਦੇ ਸਾਇਬਰ ਸੈੱਲ ਨੂੰ ਵੀ ਸਰਗਰਮ ਕਰ ਦਿੱਤਾ ਗਿਆ ਹੈ। ਜਾਂਚ ਟੀਮ ਵੱਲੋਂ ਈ-ਮੇਲ ਦੇ ਸਰੋਤ, ਆਈਪੀ ਐਡਰੈੱਸ ਅਤੇ ਭੇਜਣ ਵਾਲੇ ਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਪੁਲਿਸ ਵੱਲੋਂ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਕਿਸੇ ਵੀ ਸਕੂਲ ਵਿੱਚ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਫਵਾਹਾਂ ’ਤੇ ਧਿਆਨ ਨਾ ਦੇਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਅਹਿਮਦਾਬਾਦ ਦੇ ਸਕੂਲਾਂ ਨੂੰ ਵੀ ਮਿਲੀਆਂ ਮਿਲਦੀਆਂ ਧਮਕੀਆਂ
ਇਸ ਦਰਮਿਆਨ ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ਦੇ ਪੱਛਮੀ ਇਲਾਕਿਆਂ ਦੇ ਕਈ ਸਕੂਲਾਂ ਨੂੰ ਵੀ ਈ-ਮੇਲ ਰਾਹੀਂ ਬੰਬ ਧਮਕੀ ਮਿਲਣ ਦੀ ਜਾਣਕਾਰੀ ਸਾਹਮਣੇ ਆਈ ਹੈ। ਧਮਕੀ ਤੋਂ ਬਾਅਦ ਕ੍ਰਾਈਮ ਬ੍ਰਾਂਚ, ਬੰਬ ਸਕੁਐਡ ਅਤੇ ਫੋਰੈਂਸਿਕ ਟੀਮਾਂ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ।
ਕ੍ਰਾਈਮ ਬ੍ਰਾਂਚ ਅਹਿਮਦਾਬਾਦ ਨੇ ਪੁਸ਼ਟੀ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਰ ਪੱਖ ਤੋਂ ਤਕਨੀਕੀ ਸਬੂਤ ਇਕੱਠੇ ਕੀਤੇ ਜਾ ਰਹੇ ਹਨ

