ਚੰਡੀਗੜ੍ਹ :- ਪੰਜਾਬ ਦੇ ਕਈ ਹਿੱਸਿਆਂ ਵਿੱਚ ਅੱਜ ਸਵੇਰ ਤੋਂ ਮੌਸਮ ਨੇ ਅਚਾਨਕ ਕਰਵਟ ਲਈ ਹੈ। ਜਿੱਥੇ ਕਈ ਇਲਾਕਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਉੱਥੇ ਕੁਝ ਥਾਵਾਂ ‘ਤੇ ਗੜੇਮਾਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਠੰਡੀ ਹਵਾਵਾਂ ਚੱਲਣ ਕਾਰਨ ਠਾਰ ਇੱਕ ਵਾਰ ਫਿਰ ਤੇਜ਼ ਹੋ ਗਿਆ ਹੈ।
ਰੂਪਨਗਰ ਤੇ ਪਟਿਆਲਾ ‘ਚ ਗੜੇਮਾਰੀ
ਮਿਲੀ ਜਾਣਕਾਰੀ ਮੁਤਾਬਕ ਰੂਪਨਗਰ ਅਤੇ ਪਟਿਆਲਾ ਜ਼ਿਲ੍ਹਿਆਂ ਦੇ ਕਈ ਇਲਾਕਿਆਂ ਵਿੱਚ ਗੜੇ ਪੈਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਕਾਰਨ ਸਵੇਰ ਵੇਲੇ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਕੁਝ ਥਾਵਾਂ ‘ਤੇ ਸੜਕਾਂ ‘ਤੇ ਗੜੇ ਜਮ ਜਾਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਰਹੀ।
ਜਲੰਧਰ, ਲੁਧਿਆਣਾ ਸਮੇਤ ਕਈ ਇਲਾਕਿਆਂ ‘ਚ ਬਾਰਿਸ਼
ਉੱਥੇ ਹੀ ਜਲੰਧਰ, ਲੁਧਿਆਣਾ ਅਤੇ ਨੇੜਲੇ ਇਲਾਕਿਆਂ ਵਿੱਚ ਲਗਾਤਾਰ ਬਾਰਿਸ਼ ਹੋ ਰਹੀ ਹੈ। ਬਾਰਿਸ਼ ਨਾਲ ਮੌਸਮ ਠੰਡਾ ਹੋ ਗਿਆ ਹੈ ਅਤੇ ਲੋਕਾਂ ਨੂੰ ਇੱਕ ਵਾਰ ਫਿਰ ਸਰਦੀ ਦਾ ਅਹਿਸਾਸ ਹੋਣ ਲੱਗ ਪਿਆ ਹੈ।
ਕਈ ਜ਼ਿਲ੍ਹਿਆਂ ਲਈ ਗੜੇਮਾਰੀ ਦਾ ਅਲਰਟ
ਮੌਸਮ ਵਿਭਾਗ ਵੱਲੋਂ ਅੱਜ ਸੰਗਰੂਰ, ਪਟਿਆਲਾ, ਮੋਹਾਲੀ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਗੜੇਮਾਰੀ ਦੀ ਸੰਭਾਵਨਾ ਨੂੰ ਦੇਖਦਿਆਂ ਅਲਰਟ ਜਾਰੀ ਕੀਤਾ ਗਿਆ ਹੈ। ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਯੈਲੋ ਅਲਰਟ ਜਾਰੀ, ਕੱਲ੍ਹ ਵੀ ਮੀਂਹ ਦੀ ਸੰਭਾਵਨਾ
ਵਿਭਾਗ ਅਨੁਸਾਰ ਅੱਜ ਪੂਰੇ ਦਿਨ ਦੌਰਾਨ ਸੂਬੇ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਿਸ ਕਾਰਨ ਯੈਲੋ ਅਲਰਟ ਲਾਗੂ ਕੀਤਾ ਗਿਆ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਕੱਲ੍ਹ ਵੀ ਕਈ ਇਲਾਕਿਆਂ ਵਿੱਚ ਬਾਰਿਸ਼ ਹੋ ਸਕਦੀ ਹੈ।
ਤਾਪਮਾਨ ‘ਚ ਆ ਸਕਦਾ ਹੈ ਉਤਰਾਅ-ਚੜ੍ਹਾਅ
ਸਵੇਰ ਤੋਂ ਹੋ ਰਹੀ ਬਾਰਿਸ਼ ਅਤੇ ਗੜੇਮਾਰੀ ਨਾਲ ਤਾਪਮਾਨ ਵਿੱਚ ਫਿਰ ਤੋਂ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਹਲਕਾ ਉਤਰਾਅ-ਚੜ੍ਹਾਅ ਬਣਿਆ ਰਹਿ ਸਕਦਾ ਹੈ।

