ਚੰਡੀਗੜ੍ਹ :- ਕੇਂਦਰ ਸਰਕਾਰ ਨੇ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਦੋਰਾਹਾ ਅਤੇ ਧੂਰੀ ਵਿਖੇ ਦੋ ਮਹੱਤਵਪੂਰਨ ਰੇਲਵੇ ਓਵਰਬ੍ਰਿਜ਼ ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਦੋਵੇਂ ਪ੍ਰਾਜੈਕਟ ਸੂਬੇ ਦੀ ਆਵਾਜਾਈ ਪ੍ਰਣਾਲੀ ਨੂੰ ਸੁਚੱਜਾ ਬਣਾਉਣ ਦੇ ਨਾਲ ਨਾਲ ਆਰਥਿਕ ਵਿਕਾਸ ਨੂੰ ਵੀ ਤੇਜ਼ੀ ਦੇਣਗੇ।
ਦੋਰਾਹਾ ਓਵਰਬ੍ਰਿਜ਼ ’ਤੇ ਕੰਮ ਸ਼ੁਰੂ, 70 ਕਰੋੜ ਦੀ ਲਾਗਤ
ਰਵਨੀਤ ਬਿੱਟੂ ਨੇ ਦੱਸਿਆ ਕਿ ਦਿੱਲੀ–ਅੰਮ੍ਰਿਤਸਰ ਮੁੱਖ ਰੇਲ ਲਾਈਨ ’ਤੇ ਸਥਿਤ ਦੋਰਾਹਾ ਵਿੱਚ ਬਣਨ ਵਾਲੇ ਰੇਲਵੇ ਓਵਰਬ੍ਰਿਜ਼ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਕਰੀਬ 70 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਇਸ ਪੁਲ਼ ਲਈ ਠੇਕੇਦਾਰ ਵੱਲੋਂ ਮਸ਼ੀਨਰੀ ਮੌਕੇ ’ਤੇ ਤਾਇਨਾਤ ਕਰ ਦਿੱਤੀ ਗਈ ਹੈ। ਪੁਲ਼ ਦੇ ਤਿਆਰ ਹੋਣ ਨਾਲ ਮਾਲਵਾ ਖੇਤਰ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਚੰਡੀਗੜ੍ਹ, ਰੋਪੜ ਅਤੇ ਸ੍ਰੀ ਅਨੰਦਪੁਰ ਸਾਹਿਬ ਵੱਲ ਜਾਣ ਵਾਲੀ ਆਵਾਜਾਈ ਕਾਫ਼ੀ ਹੱਦ ਤੱਕ ਸੁਖਾਲੀ ਹੋ ਜਾਵੇਗੀ।
ਧੂਰੀ ਨੂੰ ਮਿਲੀ 54 ਕਰੋੜ ਦੀ ਮਨਜ਼ੂਰੀ, ਜਲਦ ਸ਼ੁਰੂ ਹੋਵੇਗਾ ਕੰਮ
ਧੂਰੀ ਵਾਸੀਆਂ ਲਈ ਵੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਇੱਥੇ ਬਣਨ ਵਾਲੇ ਰੇਲਵੇ ਓਵਰਬ੍ਰਿਜ਼ ਦੀ 54 ਕਰੋੜ ਰੁਪਏ ਦੀ GAD ਮਨਜ਼ੂਰੀ ਮਿਲ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਨਿਰਮਾਣ ਕਾਰਜ ਸ਼ੁਰੂ ਹੋਣ ਦੀ ਉਮੀਦ ਹੈ। ਮੰਤਰੀ ਬਿੱਟੂ ਨੇ ਕਿਹਾ ਕਿ ਇਹ ਮੰਗ ਲੰਬੇ ਸਮੇਂ ਤੋਂ ਚੱਲ ਰਹੀ ਸੀ ਪਰ ਕੁਝ ਕਾਰਨਾਂ ਕਰਕੇ ਪ੍ਰਾਜੈਕਟ ਲਟਕਿਆ ਰਿਹਾ। ਹੁਣ ਸਾਰੇ ਅੜਿੱਕੇ ਦੂਰ ਕਰ ਦਿੱਤੇ ਗਏ ਹਨ।
ਭੁੱਖ ਹੜਤਾਲ ਖ਼ਤਮ, ਭਾਜਪਾ ਟੀਮ ਦੀ ਭੂਮਿਕਾ ਦੀ ਸ਼ਲਾਘਾ
ਧੂਰੀ ਵਿੱਚ ਓਵਰਬ੍ਰਿਜ਼ ਦੀ ਮੰਗ ਨੂੰ ਲੈ ਕੇ ਜਸਵਿੰਦਰ ਸਿੰਘ ਪਿਛਲੇ ਚਾਰ ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਹੋਏ ਸਨ, ਜਿਸਨੂੰ ਸਥਾਨਕ ਸੰਸਥਾਵਾਂ ਅਤੇ ਭਾਜਪਾ ਆਗੂਆਂ ਦਾ ਪੂਰਾ ਸਮਰਥਨ ਮਿਲਿਆ। ਪ੍ਰਾਜੈਕਟ ਦੀ ਮਨਜ਼ੂਰੀ ਮਿਲਣ ਮਗਰੋਂ ਸੀਨੀਅਰ ਨੇਤਾਵਾਂ ਵੱਲੋਂ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਦੀ ਭੁੱਖ ਹੜਤਾਲ ਸਮਾਪਤ ਕਰਵਾਈ ਗਈ।
ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ ਦੋਵੇਂ ਪ੍ਰਾਜੈਕਟ ਪੰਜਾਬ ਦੇ ਵਿਕਾਸ ਵੱਲ ਇਕ ਮੀਲ ਪੱਥਰ ਸਾਬਤ ਹੋਣਗੇ ਅਤੇ ਲੋਕਾਂ ਨੂੰ ਸਾਲਾਂ ਤੋਂ ਚੱਲ ਰਹੀ ਆਵਾਜਾਈ ਦੀ ਸਮੱਸਿਆ ਤੋਂ ਪੱਕੀ ਰਾਹਤ ਮਿਲੇਗੀ।

