ਚੰਡੀਗੜ੍ਹ :- ਪੰਜਾਬ ਅਤੇ ਚੰਡੀਗੜ੍ਹ ਵਿੱਚ ਇਕ ਵਾਰ ਫਿਰ ਸਰਦ ਮੌਸਮ ਨੇ ਆਪਣੀ ਪਕੜ ਮਜ਼ਬੂਤ ਕਰ ਲਈ ਹੈ। ਪਿਛਲੇ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਠੰਢ ਮੁੜ ਵਧ ਗਈ ਹੈ। ਮੌਸਮ ਵਿਭਾਗ ਵੱਲੋਂ ਵੀਰਵਾਰ ਲਈ ਸੰਘਣੀ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।
ਤਾਪਮਾਨ ਵਧਿਆ ਪਰ ਆਮ ਤੋਂ ਹੇਠਾਂ ਹੀ ਕਾਇਮ
ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਵੱਧ ਤੋਂ ਵੱਧ ਤਾਪਮਾਨ ਵਿੱਚ 3.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਪਰ ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ ਹੀ ਬਣਿਆ ਹੋਇਆ ਹੈ। ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ ਅੰਮ੍ਰਿਤਸਰ ਵਿੱਚ 3.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਸ ਨਾਲ ਠੰਢ ਨੇ ਲੋਕਾਂ ਦੀ ਮੁਸ਼ਕਲ ਵਧਾ ਦਿੱਤੀ ਹੈ।
ਬੁੱਧਵਾਰ ਨੂੰ ਧੁੰਦ ਨੇ ਕੀਤਾ ਜਨਜੀਵਨ ਪ੍ਰਭਾਵਿਤ
ਬੁੱਧਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਵੱਡੇ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ, ਜਿਸ ਕਾਰਨ ਸਵੇਰੇ ਸਮੇਂ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਚੰਡੀਗੜ੍ਹ ਵਿੱਚ ਵਿਜ਼ੀਬਿਲਟੀ ਸਿਰਫ਼ 40 ਮੀਟਰ ਦਰਜ ਕੀਤੀ ਗਈ, ਜਦਕਿ ਬਠਿੰਡਾ ਵਿੱਚ 50 ਮੀਟਰ, ਫਰੀਦਕੋਟ ਵਿੱਚ 150 ਮੀਟਰ ਅਤੇ ਲੁਧਿਆਣਾ ਵਿੱਚ 190 ਮੀਟਰ ਤੱਕ ਦ੍ਰਿਸ਼ਟੀ ਰਹੀ। ਘੱਟ ਦ੍ਰਿਸ਼ਟੀ ਕਾਰਨ ਸੜਕਾਂ ’ਤੇ ਚੱਲਣ ਵਾਲੇ ਵਾਹਨ ਚਾਲਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਅੰਮ੍ਰਿਤਸਰ ਤੇ ਫਰੀਦਕੋਟ ’ਚ ਸੀਤ ਲਹਿਰ ਦਾ ਅਸਰ
ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ ਅਤੇ ਫਰੀਦਕੋਟ ਵਿੱਚ ਸੀਤ ਲਹਿਰ ਦਾ ਪ੍ਰਭਾਵ ਸਪਸ਼ਟ ਤੌਰ ’ਤੇ ਵੇਖਿਆ ਗਿਆ ਹੈ। ਸਵੇਰੇ ਅਤੇ ਰਾਤ ਦੇ ਸਮੇਂ ਠੰਢ ਕਾਫ਼ੀ ਤੇਜ਼ ਰਹੀ, ਜਿਸ ਨਾਲ ਲੋਕ ਘਰਾਂ ਵਿੱਚ ਰਹਿਣ ਲਈ ਮਜਬੂਰ ਨਜ਼ਰ ਆਏ।
31 ਜਨਵਰੀ ਤੋਂ ਮੌਸਮ ਬਦਲਣ ਦੇ ਆਸਾਰ
ਚੰਡੀਗੜ੍ਹ ਮੌਸਮ ਕੇਂਦਰ ਮੁਤਾਬਕ 31 ਜਨਵਰੀ ਤੋਂ ਮੌਸਮ ਵਿੱਚ ਤਬਦੀਲੀ ਆ ਸਕਦੀ ਹੈ। 1 ਫਰਵਰੀ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ 31 ਜਨਵਰੀ ਅਤੇ 3 ਫਰਵਰੀ ਨੂੰ ਕੁਝ ਅਲੱਗ-ਥਲੱਗ ਥਾਵਾਂ ’ਤੇ ਹਲਕੀ ਵਰਖਾ ਹੋ ਸਕਦੀ ਹੈ, ਜਦਕਿ 2 ਫਰਵਰੀ ਨੂੰ ਵੀ ਰਾਜ ਦੇ ਕੁਝ ਹਿੱਸਿਆਂ ਵਿੱਚ ਮੀਂਹ ਦੀ ਉਮੀਦ ਬਣੀ ਹੋਈ ਹੈ।
ਅਗਲੇ ਦਿਨਾਂ ’ਚ ਰਾਤ ਦਾ ਤਾਪਮਾਨ ਹੋਵੇਗਾ ਹੋਰ ਘੱਟ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦੋ ਦਿਨਾਂ ਦੌਰਾਨ ਰਾਤ ਦੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਤੱਕ ਗਿਰਾਵਟ ਆ ਸਕਦੀ ਹੈ। ਇਸ ਤੋਂ ਬਾਅਦ ਹੌਲੀ-ਹੌਲੀ ਤਾਪਮਾਨ ਵਿੱਚ 3 ਤੋਂ 5 ਡਿਗਰੀ ਦਾ ਵਾਧਾ ਦਰਜ ਹੋਣ ਦੀ ਸੰਭਾਵਨਾ ਹੈ।
ਕਈ ਜ਼ਿਲ੍ਹਿਆਂ ਲਈ ਧੁੰਦ ਤੇ ਸੀਤ ਲਹਿਰ ਦੀ ਚੇਤਾਵਨੀ
ਮੌਸਮ ਵਿਭਾਗ ਮੁਤਾਬਕ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਕੁਝ ਥਾਵਾਂ ’ਤੇ ਤੇਜ਼ ਸੀਤ ਲਹਿਰ ਚੱਲ ਸਕਦੀ ਹੈ। ਇਸਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਠੰਢ, ਧੁੰਦ ਅਤੇ ਆਉਣ ਵਾਲੀ ਬਾਰਿਸ਼ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਲੋੜ ਪੈਣ ’ਤੇ ਹੀ ਸਫ਼ਰ ਕਰਨ ਦੀ ਸਲਾਹ ਦਿੱਤੀ ਹੈ।

