ਚੰਡੀਗੜ੍ਹ :- ਸੁਪਰੀਮ ਕੋਰਟ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ ਅਤੇ ਮਾਮਲੇ ਨੂੰ ਲੈ ਕੇ ਚਰਚਾਵਾਂ ਸ਼ੁਰੂ ਹੋ ਗਈਆਂ ਹਨ।
ਜ਼ਮਾਨਤ ਤੋਂ ਪਹਿਲਾਂ ਨਾਭਾ ਜੇਲ੍ਹ ‘ਚ ਮੁਲਾਕਾਤ
ਜ਼ਿਕਰਯੋਗ ਹੈ ਕਿ ਇਸ ਫੈਸਲੇ ਤੋਂ ਕੁਝ ਸਮਾਂ ਪਹਿਲਾਂ ਹੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਭਾ ਜੇਲ੍ਹ ਵਿੱਚ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਕੇ ਬਾਹਰ ਆਏ ਸਨ। ਇਹ ਮੁਲਾਕਾਤ ਉਸ ਵੇਲੇ ਹੋਈ ਜਦੋਂ ਮਜੀਠੀਆ ਨਿਆਂਕ ਹਿਰਾਸਤ ਵਿੱਚ ਸਨ।
ਡੇਰਾ ਮੁਖੀ ਦਾ ਬਿਆਨ ਚਰਚਾ ‘ਚ
ਜੇਲ੍ਹ ਤੋਂ ਬਾਹਰ ਆ ਕੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਦਿੱਤਾ ਗਿਆ ਬਿਆਨ ਵੀ ਚਰਚਾ ਦਾ ਕੇਂਦਰ ਬਣਿਆ। ਉਨ੍ਹਾਂ ਨੇ ਡਰੱਗ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਨੂੰ ਲੈ ਕੇ ਮਜੀਠੀਆ ਉਪਰ ਲੱਗੇ ਦੋਸ਼ਾਂ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਕਿ ਇਹ ਦੋਸ਼ ਹਕੀਕਤ ‘ਤੇ ਆਧਾਰਿਤ ਨਹੀਂ ਹਨ।
ਸਿਆਸੀ ਗਲਿਆਰਿਆਂ ‘ਚ ਅਟਕਲਾਂ ਤੇਜ਼
ਇੱਕ ਪਾਸੇ ਸੁਪਰੀਮ ਕੋਰਟ ਵੱਲੋਂ ਮਿਲੀ ਜ਼ਮਾਨਤ ਅਤੇ ਦੂਜੇ ਪਾਸੇ ਡੇਰਾ ਮੁਖੀ ਦੇ ਬਿਆਨ ਨੇ ਸਿਆਸੀ ਹਲਕਿਆਂ ਵਿੱਚ ਅਟਕਲਾਂ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਵੱਖ-ਵੱਖ ਰਾਜਨੀਤਕ ਧਿਰਾਂ ਇਸ ਪੂਰੇ ਮਾਮਲੇ ਨੂੰ ਆਪਣੀ ਨਜ਼ਰ ਨਾਲ ਵੇਖ ਰਹੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਦੇ ਸਿਆਸੀ ਅਸਰ ਹੋਰ ਸਾਫ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈਂ।

