ਚੰਡੀਗੜ੍ਹ :- ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਜ਼ਰੀ ਭਰਦਿਆਂ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਮੁੱਖ ਮੰਤਰੀ ਨੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ ਅਤੇ ਸੰਗਤ ਲਈ ਕਈ ਅਹਿਮ ਐਲਾਨ ਵੀ ਕੀਤੇ।
ਗੁਰੂ ਰਵਿਦਾਸ ਜੀ ਦੀ ਬਾਣੀ ਲਈ ਵਿਸ਼ਾਲ ਅਧਿਐਨ ਕੇਂਦਰ ਦੀ ਯੋਜਨਾ
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਡੇਰਾ ਬੱਲਾਂ ਦੇ ਨੇੜੇ 11 ਏਕੜ ਜ਼ਮੀਨ ’ਤੇ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਦਰਸ਼ਨ ਨੂੰ ਸਮਰਪਿਤ ਵਿਸ਼ਾਲ ਅਧਿਐਨ ਕੇਂਦਰ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 144 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਸ਼ਾਨਦਾਰ ਮੈਮੋਰੀਅਲ ਇਸ ਧਰੋਹਰ ਨੂੰ ਹੋਰ ਮਜ਼ਬੂਤੀ ਦੇਵੇਗਾ।
ਯੂਨੀਵਰਸਿਟੀਆਂ ਵਿੱਚ ਗੁਰੂ ਰਵਿਦਾਸ ਜੀ ਦੇ ਨਾਮ ’ਤੇ ਚੇਅਰਾਂ
ਸੀ.ਐਮ. ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿੱਚ ਗੁਰੂ ਰਵਿਦਾਸ ਜੀ ਦੇ ਨਾਮ ’ਤੇ ਵਿਸ਼ੇਸ਼ ਚੇਅਰਾਂ ਸਥਾਪਿਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਵਿੱਚ ਵਿਸ਼ੇਸ਼ ਸੈਮੀਨਾਰ ਕਰਵਾਏ ਜਾਣਗੇ।
‘ਬੇਗਮਪੁਰਾ’ ਦੇ ਸੁਪਨੇ ਨੂੰ ਸਾਕਾਰ ਕਰਨ ਦਾ ਦਾਅਵਾ
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮਕਸਦ ਗੁਰੂ ਰਵਿਦਾਸ ਜੀ ਦੇ ‘ਬੇਗਮਪੁਰਾ’ ਦੇ ਸੰਕਲਪ ਨੂੰ ਹਕੀਕਤ ਬਣਾਉਣਾ ਹੈ, ਜਿੱਥੇ ਹਰ ਵਰਗ ਨੂੰ ਬਰਾਬਰ ਹੱਕ ਅਤੇ ਸਹੂਲਤਾਂ ਮਿਲਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿਹਤ ਬੀਮਾ ਯੋਜਨਾ ਤਹਿਤ ਹੁਣ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ, ਚਾਹੇ ਉਹ ਸਰਕਾਰੀ ਹਸਪਤਾਲ ਹੋਣ ਜਾਂ ਨਿੱਜੀ।
ਸਿੱਖਿਆ ਵਿੱਚ ਆ ਰਹੀ ਤਬਦੀਲੀ ’ਤੇ ਜ਼ੋਰ
ਸੀ.ਐਮ. ਮਾਨ ਨੇ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜੱਜ, ਅਫ਼ਸਰ ਅਤੇ ਉੱਚ ਅਹੁਦਿਆਂ ’ਤੇ ਪਹੁੰਚ ਰਹੇ ਹਨ, ਜੋ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਆਈ ਵੱਡੀ ਤਬਦੀਲੀ ਨੂੰ ਦਰਸਾਉਂਦਾ ਹੈ।
ਗੁਰੂ ਰਵਿਦਾਸ ਜੀ ਦੇ ਸਲੋਕ ਮਾਨਵਤਾ ਦਾ ਰਾਹ ਦਿਖਾਉਂਦੇ ਹਨ
ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਰਵਿਦਾਸ ਜੀ ਦੇ 41 ਸਲੋਕ ਸਾਨੂੰ ਮਾਨਵਤਾ, ਸਮਾਨਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਸੰਤ ਸਮਾਜ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਧਾਰਮਿਕ ਅਤੇ ਸਮਾਜਿਕ ਸਮਾਗਮ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਰਹੇਗੀ।

