ਚੰਡੀਗੜ੍ਹ :- ਪੰਜਾਬ ਦੇ ਕੈਬਨਿਟ ਮੰਤਰੀ ਈਟੀਓ ਹਰਭਜਨ ਸਿੰਘ ਦੇ ਪਰਿਵਾਰਿਕ ਕਿੱਤੇ ਨੂੰ ਲੈ ਕੇ ਵਰਤੀ ਗਈ ਅਸੱਭਿਅਕ ਭਾਸ਼ਾ ਦੇ ਮਾਮਲੇ ਨੇ ਸਿਆਸੀ ਅਤੇ ਪ੍ਰਸ਼ਾਸਕੀ ਹਲਕਿਆਂ ਵਿੱਚ ਖਲਬਲੀ ਮਚਾ ਦਿੱਤੀ ਹੈ। ਇਸ ਮਾਮਲੇ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਤਲਬ ਕੀਤਾ ਗਿਆ ਹੈ।
ਕਮਿਸ਼ਨ ਵੱਲੋਂ ਸਖ਼ਤ ਰੁਖ
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਪਰਸਨ ਜਸਵੀਰ ਸਿੰਘ ਗੜ੍ਹੀ ਨੇ ਬਾਜਵਾ ਨੂੰ ਦੂਜੀ ਵਾਰ ਨੋਟਿਸ ਜਾਰੀ ਕਰਦਿਆਂ 11 ਫਰਵਰੀ ਨੂੰ ਦੁਪਹਿਰ 3 ਵਜੇ ਕਮਿਸ਼ਨ ਦੇ ਸਾਹਮਣੇ ਹਾਜ਼ਰ ਹੋਣ ਲਈ ਕਿਹਾ ਹੈ। ਪਹਿਲੇ ਨੋਟਿਸ ਦੇ ਬਾਵਜੂਦ ਪੇਸ਼ ਨਾ ਹੋਣ ਕਾਰਨ ਕਮਿਸ਼ਨ ਨੇ ਹੁਣ ਮਾਮਲੇ ਨੂੰ ਹੋਰ ਗੰਭੀਰਤਾ ਨਾਲ ਲੈਂਦਿਆਂ ਇਹ ਕਦਮ ਚੁੱਕਿਆ ਹੈ।
ਅਨੁਸੂਚਿਤ ਜਾਤੀਆਂ ਦੇ ਅਪਮਾਨ ’ਤੇ ਸਖ਼ਤ ਚੇਤਾਵਨੀ
ਚੇਅਰਪਰਸਨ ਜਸਵੀਰ ਸਿੰਘ ਗੜ੍ਹੀ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਸਨਮਾਨ ਨਾਲ ਖਿਲਾਫ਼ ਕੋਈ ਵੀ ਬਿਆਨ ਜਾਂ ਵਰਤਾਰਾ ਕਿਸੇ ਵੀ ਹਾਲਤ ਵਿੱਚ ਕਬੂਲ ਨਹੀਂ ਕੀਤਾ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਮਿਸ਼ਨ ਸਮਾਜਿਕ ਸਨਮਾਨ ਨਾਲ ਜੁੜੇ ਮਸਲਿਆਂ ’ਤੇ ਸਮਝੌਤਾ ਨਹੀਂ ਕਰੇਗੀ ਅਤੇ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਪੁਲਿਸ ਤੋਂ ਰਿਪੋਰਟ ਤਲਬ, ਜਾਂਚ ਜਾਰੀ
ਇਸ ਮਾਮਲੇ ਸਬੰਧੀ ਕਮਿਸ਼ਨ ਨੇ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਤੋਂ ਵੀ ਕੇਸ ਦੀ ਕਾਨੂੰਨੀ ਸਥਿਤੀ ਬਾਰੇ ਵਿਸਥਾਰਪੂਰਕ ਰਿਪੋਰਟ ਮੰਗੀ ਹੈ। ਪੁਲਿਸ ਪੱਧਰ ’ਤੇ ਜਾਂਚ ਜਾਰੀ ਹੈ ਅਤੇ ਕਮਿਸ਼ਨ ਵੱਲੋਂ ਆਉਣ ਵਾਲੇ ਨਿਰਣਿਆਂ ਦੇ ਆਧਾਰ ’ਤੇ ਅਗਲੀ ਕਾਰਵਾਈ ਤੈਅ ਕੀਤੀ ਜਾਵੇਗੀ

