ਮੋਗਾ :- ਮੋਗਾ ਦੇ ਜੀਰਾ ਰੋਡ ‘ਤੇ ਪ੍ਰਵਾਸੀ ਮਜ਼ਦੂਰਾਂ ਉੱਤੇ ਹੋਈ ਗੋਲੀਬਾਰੀ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਸ਼ੱਕੀ ਵਿਅਕਤੀਆਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਮੋਗਾ ਪੁਲਿਸ ਅਤੇ ਜਾਂਚ ਵਿੰਗ ਦੀ ਸਾਂਝੀ ਟੀਮ ਵੱਲੋਂ ਕੀਤੀ ਗਈ। ਦੋਵੇਂ ਸ਼ੱਕੀ ਮੁਕਾਬਲੇ ਦੌਰਾਨ ਜ਼ਖ਼ਮੀ ਹੋਏ ਅਤੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਸਰੋਤਾਂ ਮੁਤਾਬਕ ਦੋਵਾਂ ਕੋਲੋਂ ਗੈਰਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਜਾਂਚ ਅੱਗੇ ਵਧਾਈ ਜਾ ਰਹੀ ਹੈ ਅਤੇ ਹੋਰ ਸੰਭਾਵਿਤ ਕੜੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਪ੍ਰਵਾਸੀ ਮਜ਼ਦੂਰਾਂ ‘ਤੇ ਦਿਨ ਦਿਹਾੜੇ ਗੋਲੀਬਾਰੀ
ਯਾਦ ਰਹੇ ਕਿ ਬੀਤੇ ਦਿਨੀਂ ਜੀਰਾ ਰੋਡ ‘ਤੇ ਖਾਣਾ ਖਾਣ ਲਈ ਜਾ ਰਹੇ ਦੋ ਪ੍ਰਵਾਸੀ ਮਜ਼ਦੂਰਾਂ ‘ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਚਲਾਈਆਂ ਸਨ। ਇਸ ਹਮਲੇ ਵਿੱਚ ਦੋਵੇਂ ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਸਨ। ਪਹਿਲਾਂ ਉਨ੍ਹਾਂ ਨੂੰ ਮੋਗਾ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਹਾਲਤ ਨਾਜ਼ੁਕ ਹੋਣ ਕਰਕੇ ਫਰੀਦਕੋਟ ਰੈਫਰ ਕੀਤਾ ਗਿਆ। ਘਟਨਾ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ।
ਗੁਪਤ ਸੂਚਨਾ ‘ਤੇ ਕਾਰਵਾਈ
ਤਾਜ਼ਾ ਜਾਣਕਾਰੀ ਅਨੁਸਾਰ ਪੁਲਿਸ ਨੂੰ ਖੁਫੀਆ ਇਤਲਾਹ ਮਿਲੀ ਕਿ ਸ਼ੱਕੀ ਵਿਅਕਤੀ ਪਿੰਡ ਘੱਲਕਲਾਂ ਵੱਲ ਘੁੰਮ ਰਹੇ ਹਨ। ਇਸ ‘ਤੇ ਤੁਰੰਤ ਨਾਕਾਬੰਦੀ ਕੀਤੀ ਗਈ। ਪੁਲਿਸ ਦੇ ਮੁਤਾਬਕ ਰੋਕਣ ਦੀ ਕੋਸ਼ਿਸ਼ ਦੌਰਾਨ ਮੁਕਾਬਲਾ ਹੋਇਆ ਅਤੇ ਦੋਵੇਂ ਸ਼ੱਕੀ ਕਾਬੂ ਕਰ ਲਏ ਗਏ। ਜ਼ਖ਼ਮੀਆਂ ਦੀ ਪਛਾਣ ਜੋਬਨਪ੍ਰੀਤ ਸਿੰਘ ਵਾਸੀ ਬੰਗਾਲੀ ਪਿੰਡ (ਥਾਣਾ ਸਦਰ ਤਲਵੰਡੀ ਭਾਈ, ਜ਼ਿਲ੍ਹਾ ਫਿਰੋਜ਼ਪੁਰ) ਅਤੇ ਉਸ ਦੇ ਸਾਥੀ ਅਕਾਸ਼ਦੀਪ ਸਿੰਘ ਵਜੋਂ ਹੋਈ ਹੈ। ਦੋਵੇਂ ਨੂੰ ਸੁਰੱਖਿਆ ਹੇਠ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲੇ ਦੇ ਪਿੱਛੇ ਮਕਸਦ ਅਤੇ ਸੰਭਾਵਿਤ ਸਾਥੀਆਂ ਬਾਰੇ ਵੀ ਪੜਤਾਲ ਜਾਰੀ ਹੈ।