ਚੰਡੀਗੜ੍ਹ :- ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਆਪਣੇ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕਰਨ ਵੱਲ ਕਦਮ ਬਧਾ ਰਹੀ ਹੈ। ਸਰਕਾਰੀ ਸੂਤਰਾਂ ਅਨੁਸਾਰ ਮਾਰਚ ਦੇ ਪਹਿਲੇ ਹਫ਼ਤੇ ਬਜਟ ਇਜਲਾਸ ਬੁਲਾਇਆ ਜਾ ਸਕਦਾ ਹੈ। ਪਿਛਲੇ ਸਾਲ ਮਾਰਚ ਦੇ ਆਖ਼ਰੀ ਹਫ਼ਤੇ ਦੌਰਾਨ ਇਜਲਾਸ ਸੱਦਿਆ ਗਿਆ ਸੀ, ਪਰ ਇਸ ਵਾਰ ਵੱਖ-ਵੱਖ ਸਰਕਾਰੀ ਕਾਰਜਕ੍ਰਮਾਂ ਦੇ ਮੱਦੇਨਜ਼ਰ ਸਮਾਂ ਅੱਗੇ ਕੀਤਾ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਅਧਿਕਾਰਕ ਤੌਰ ‘ਤੇ ਕੋਈ ਐਲਾਨ ਨਹੀਂ ਹੋਇਆ।
ਚੋਣਾਂ ਤੋਂ ਪਹਿਲਾਂ ਅਹਿਮ ਬਜਟ
ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਕਾਰਨ ਇਹ ਬਜਟ ਰਾਜਨੀਤਿਕ ਪੱਖੋਂ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਹ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਵਿੱਤੀ ਖ਼ਾਕਾ ਹੋਵੇਗਾ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸਰਕਾਰ ਆਪਣੇ ਚੋਣੀ ਵਾਅਦਿਆਂ ਅਨੁਸਾਰ ਮਹਿਲਾਵਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦੇਣ ਬਾਰੇ ਫ਼ੈਸਲਾ ਕਰ ਸਕਦੀ ਹੈ।
ਮੋਹਾਲੀ ‘ਚ ਤਿੰਨ ਦਿਨਾ ਨਿਵੇਸ਼ ਸੰਮੇਲਨ
ਬਜਟ ਤੋਂ ਪਹਿਲਾਂ 13 ਤੋਂ 15 ਮਾਰਚ 2026 ਤੱਕ ਮੋਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਨਿਵੇਸ਼ ਸੰਮੇਲਨ ਕਰਵਾਇਆ ਜਾਣਾ ਨਿਧਾਰਤ ਹੈ। ਇਸ ਸੰਮੇਲਨ ਦਾ ਮਕਸਦ ਸੂਬੇ ਵਿੱਚ ਉਦਯੋਗਿਕ ਨਿਵੇਸ਼ ਨੂੰ ਆਕਰਸ਼ਿਤ ਕਰਨਾ ਅਤੇ ਨਵੇਂ ਰੋਜ਼ਗਾਰ ਮੌਕੇ ਪੈਦਾ ਕਰਨਾ ਹੈ। ਦੇਸ਼ ਅਤੇ ਵਿਦੇਸ਼ ਦੇ ਉਦਯੋਗਪਤੀਆਂ ਨੂੰ ਇਸ ਸਮਾਗਮ ਵਿੱਚ ਸੱਦਾ ਦਿੱਤਾ ਗਿਆ ਹੈ।
ਉਦਯੋਗੀਕਰਨ ਰਾਹੀਂ ਆਰਥਿਕ ਮਜ਼ਬੂਤੀ ‘ਤੇ ਜ਼ੋਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਵੱਖ-ਵੱਖ ਉਦਯੋਗਿਕ ਆਗੂਆਂ ਨਾਲ ਸਲਾਹ-ਮਸ਼ਵਰਾ ਕਰਕੇ ਉਦਯੋਗ-ਅਨੁਕੂਲ ਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਦਾ ਮੰਨਣਾ ਹੈ ਕਿ ਖੇਤੀਬਾੜੀ ਖੇਤਰ ਸਾਹਮਣੇ ਖੜੀਆਂ ਚੁਣੌਤੀਆਂ ਨੂੰ ਦੇਖਦਿਆਂ ਉਦਯੋਗੀਕਰਨ ਹੀ ਆਰਥਿਕਤਾ ਨੂੰ ਨਵੀਂ ਦਿਸ਼ਾ ਦੇ ਸਕਦਾ ਹੈ।
ਨਿਵੇਸ਼ਕਾਂ ਲਈ ਵੱਡਾ ਮੌਕਾ
ਸਰਕਾਰ ਦਾ ਦਾਅਵਾ ਹੈ ਕਿ ਪੰਜਾਬ ਨਿਵੇਸ਼ ਲਈ ਉਭਰਦਾ ਕੇਂਦਰ ਬਣ ਰਿਹਾ ਹੈ ਅਤੇ ਆਉਣ ਵਾਲਾ ਸੰਮੇਲਨ ਇਸ ਯਾਤਰਾ ਵਿੱਚ ਮੀਲ ਪੱਥਰ ਸਾਬਤ ਹੋ ਸਕਦਾ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਇਸ ਸਮਾਗਮ ਨਾਲ ਸੂਬੇ ਵਿੱਚ ਨਵੀਆਂ ਉਦਯੋਗਿਕ ਇਕਾਈਆਂ ਦੀ ਸਥਾਪਨਾ ਅਤੇ ਰੋਜ਼ਗਾਰ ਦੇ ਮੌਕਿਆਂ ਵਿੱਚ ਵਾਧਾ ਹੋਵੇਗਾ।

