ਚੰਡੀਗੜ੍ਹ :- ਅੱਜ ਪੰਜਾਬ ਵਿੱਚ ਮੌਸਮ ਨੇ ਇਕ ਵਾਰ ਫਿਰ ਰੁਖ ਬਦਲਿਆ ਹੈ। ਸਵੇਰ ਤੋਂ ਹੀ ਆਸਮਾਨ ਕਾਲੇ ਬੱਦਲਾਂ ਨਾਲ ਘਿਰਿਆ ਹੋਇਆ ਹੈ ਅਤੇ ਹਵਾ ਵਿੱਚ ਨਮੀ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਤਾਜ਼ਾ ਭਵਿੱਖਬਾਣੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਦਰਮਿਆਨਾ ਮੀਂਹ, ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਦਰਸਾਈ ਗਈ ਹੈ।
ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ, ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿੱਚ ਦਰਮਿਆਨਾ ਮੀਂਹ ਪੈ ਸਕਦਾ ਹੈ। ਇਸ ਦੌਰਾਨ ਅਸਮਾਨੀ ਬਿਜਲੀ ਗਰਜਣ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਚੇਤਾਵਨੀ ਵੀ ਦਿੱਤੀ ਗਈ ਹੈ।
ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਖ਼ਾਸ ਕਰਕੇ ਖੁੱਲ੍ਹੇ ਖੇਤਰਾਂ ਵਿੱਚ ਜਾਣ ਤੋਂ ਬਚਣ, ਬਿਜਲੀ ਦੀਆਂ ਤਾਰਾਂ ਅਤੇ ਦਰੱਖਤਾਂ ਦੇ ਨੇੜੇ ਖੜ੍ਹੇ ਨਾ ਹੋਣ ਦੀ ਸਲਾਹ ਵੀ ਦਿੱਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਜਰੂਰੀ ਸਾਵਧਾਨੀਆਂ ਨਾਲ ਮੌਸਮ ਦੇ ਖ਼ਤਰਨਾਕ ਪ੍ਰਭਾਵਾਂ ਤੋਂ ਬਚਿਆ ਜਾ ਸਕਦਾ ਹੈ।