ਸੰਗਰੂਰ :- ਜ਼ਿਲ੍ਹਾ ਸੰਗਰੂਰ ਦੀ ਸੁਨਾਮ ਤਹਿਸੀਲ ਦੇ ਪਿੰਡ ਮਹਾਲਾਂ ਚੌਕ ਨਾਲ ਸੰਬੰਧਤ ਫੌਜੀ ਗੁਰਪ੍ਰੀਤ ਸਿੰਘ ਮਨੀਪੁਰ ਵਿੱਚ ਅੱਤਵਾਦੀਆਂ ਖ਼ਿਲਾਫ਼ ਕਾਰਵਾਈ ਦੌਰਾਨ ਸ਼ਹੀਦ ਹੋ ਗਏ। ਜਾਣਕਾਰੀ ਅਨੁਸਾਰ ਇੱਕ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਉਨ੍ਹਾਂ ਨੂੰ ਗੋਲੀ ਲੱਗੀ, ਜਿਸ ਕਾਰਨ ਉਹ ਦੇਸ਼ ਦੀ ਰੱਖਿਆ ਕਰਦਿਆਂ ਆਪਣੀ ਜਾਨ ਨਿਓਛਾਵਰ ਕਰ ਗਏ। ਗੁਰਪ੍ਰੀਤ ਸਿੰਘ ਪਿਛਲੇ 21 ਸਾਲਾਂ ਤੋਂ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਹੇ ਸਨ।
15 ਫਰਵਰੀ ਨੂੰ ਸ਼ੁਰੂ ਹੋਈ ਕਾਰਵਾਈ ਦੌਰਾਨ ਮੁਕਾਬਲਾ
ਸੁਰੱਖਿਆ ਬਲਾਂ ਵੱਲੋਂ 15 ਫਰਵਰੀ ਨੂੰ ਅੱਤਵਾਦੀਆਂ ਵਿਰੁੱਧ ਸਾਂਝੀ ਮੁਹਿੰਮ ਚਲਾਈ ਗਈ ਸੀ, ਜਿਸ ਵਿੱਚ ਫੌਜ, ਅਸਾਮ ਰਾਈਫਲਜ਼ ਅਤੇ ਮਨੀਪੁਰ ਪੁਲਿਸ ਸ਼ਾਮਲ ਸਨ। ਇਸ ਦੌਰਾਨ ਹੋਏ ਮੁਕਾਬਲੇ ਵਿੱਚ ਗੁਰਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਅਤੇ ਸ਼ਹੀਦੀ ਦਾ ਦਰਜਾ ਪ੍ਰਾਪਤ ਕੀਤਾ।
ਅੱਜ ਪਹੁੰਚੇਗੀ ਪਾਰਥਿਵ ਦੇਹ, ਪਿੰਡ ‘ਚ ਸੋਗ ਦਾ ਮਾਹੌਲ
ਸ਼ਹੀਦ ਦੀ ਪਾਰਥਿਵ ਦੇਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਮਹਾਲਾਂ ਚੌਕ ਲਿਆਂਦੀ ਜਾਵੇਗੀ, ਜਿੱਥੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ। ਗੁਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ, ਇਕ ਪੁੱਤਰ ਅਤੇ ਇਕ ਧੀ ਛੱਡ ਗਏ ਹਨ। ਸ਼ਹਾਦਤ ਦੀ ਖ਼ਬਰ ਮਿਲਣ ਨਾਲ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਗਹਿਰਾ ਦੁੱਖ ਪਸਰ ਗਿਆ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ।
ਮੁਆਵਜ਼ੇ ਅਤੇ ਯਾਦਗਾਰ ਦੀ ਮੰਗ
ਨੰਬਰਦਾਰ ਯੂਨੀਅਨ ਪੰਜਾਬ ਦੇ ਆਗੂ ਰਣ ਸਿੰਘ ਮਹਾਲਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼ਹੀਦ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ, ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਪ੍ਰਦਾਨ ਕੀਤੀ ਜਾਵੇ ਅਤੇ ਪਿੰਡ ਵਿੱਚ ਉਨ੍ਹਾਂ ਦੀ ਯਾਦ ਵਿੱਚ ਸਮਾਰਕ ਤਿਆਰ ਕੀਤਾ ਜਾਵੇ।
ਰਾਜਨੀਤਿਕ ਆਗੂਆਂ ਵੱਲੋਂ ਸ਼ਰਧਾਂਜਲੀ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਗੁਰਪ੍ਰੀਤ ਸਿੰਘ ਦੀ ਸ਼ਹਾਦਤ ‘ਤੇ ਗਹਿਰਾ ਸੋਗ ਪ੍ਰਗਟ ਕਰਦਿਆਂ ਕਿਹਾ ਕਿ ਦੇਸ਼ ਦੀ ਸੁਰੱਖਿਆ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਹੀ ਕਾਇਮ ਰਹਿੰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਦੁੱਖ ਦੀ ਘੜੀ ਵਿੱਚ ਪਾਰਟੀ ਪਰਿਵਾਰ ਦੇ ਨਾਲ ਖੜ੍ਹੀ ਹੈ।
ਸ਼ਹੀਦ ਦੀ ਕੁਰਬਾਨੀ ਨੇ ਇਕ ਵਾਰ ਫਿਰ ਪੰਜਾਬ ਦੀ ਧਰਤੀ ਨੂੰ ਮਾਣ ਨਾਲ ਭਰ ਦਿੱਤਾ ਹੈ, ਪਰ ਨਾਲ ਹੀ ਪਿੰਡ ਮਹਾਲਾਂ ਚੌਕ ਨੂੰ ਗਹਿਰੇ ਦੁੱਖ ਵਿੱਚ ਡੁੱਬੋ ਦਿੱਤਾ ਹੈ।

