ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਮਨੋਬਲ ਨੂੰ ਵਧਾਉਣ ਅਤੇ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਨਵੀਂ ਰਿਵਾਰਡ ਪਾਲਿਸੀ ਦਾ ਐਲਾਨ ਕੀਤਾ ਹੈ। ਇਸ ਪਾਲਿਸੀ ਅਧੀਨ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸ (NDPS) ਮਾਮਲਿਆਂ ਵਿੱਚ ਵੱਡੀਆਂ ਕਾਰਵਾਈਆਂ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਇਨਾਮ ਦਿੱਤੇ ਜਾਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਜੇਕਰ ਕੋਈ ਜਾਂਚ ਅਧਿਕਾਰੀ 1 ਕਿਲੋਗ੍ਰਾਮ ਤੋਂ ਵੱਧ ਹੇਰੋਇਨ ਬਰਾਮਦ ਕਰਦਾ ਹੈ, ਤਾਂ ਉਸ ਨੂੰ 1 ਲੱਖ 20 ਹਜ਼ਾਰ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਇਸ ਪਾਲਿਸੀ ਦਾ ਮਕਸਦ ਪੁਲਿਸ ਮੁਲਾਜ਼ਮਾਂ ਨੂੰ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਲਈ ਪ੍ਰੇਰਿਤ ਕਰਨਾ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।
ਇਸ ਦੇ ਨਾਲ ਹੀ, ਪੰਜਾਬ ਪੁਲਿਸ ਵਿੱਚ ਜਾਂਚ ਦੇ ਦਾਇਰੇ ਨੂੰ ਵਧਾਉਣ ਲਈ ਵੱਡਾ ਫੈਸਲਾ ਲਿਆ ਗਿਆ ਹੈ। ਹੁਣ ਹੈੱਡ ਕਾਂਸਟੇਬਲ ਵੀ NDPS ਮਾਮਲਿਆਂ ਦੀ ਜਾਂਚ ਕਰ ਸਕਣਗੇ, ਜੋ ਪਹਿਲਾਂ ਸਿਰਫ਼ ਉੱਚ ਅਧਿਕਾਰੀਆਂ ਦੇ ਅਧੀਨ ਸੀ। ਇਸ ਨਾਲ ਜਾਂਚ ਪ੍ਰਕਿਰਿਆ ਨੂੰ ਹੋਰ ਤੇਜ਼ ਅਤੇ ਪ੍ਰਭਾਵੀ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਪੁਲਿਸ ਵਿੱਚ ਜਲਦੀ ਹੀ 1600 ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਤਰੱਕੀਆਂ ਦਿੱਤੀਆਂ ਜਾਣਗੀਆਂ। ਇਹ ਤਰੱਕੀਆਂ ਨਾਲ ਪੁਲਿਸ ਵਿਭਾਗ ਵਿੱਚ ਨਵੀਂ ਭਰਤੀ ਲਈ ਸੀਟਾਂ ਵੀ ਖਾਲੀ ਹੋਣਗੀਆਂ, ਜਿਸ ਨਾਲ ਨੌਜਵਾਨਾਂ ਨੂੰ ਪੁਲਿਸ ਸੇਵਾ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ।
ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਬਣਾਉਣਾ ਹੈ। ਉਨ੍ਹਾਂ ਨੇ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਨਾਲ ਪੇਸ਼ ਆਉਣ ਅਤੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ।
ਇਸ ਨਵੀਂ ਪਾਲਿਸੀ ਨੂੰ ਪੁਲਿਸ ਵਿਭਾਗ ਅਤੇ ਸਥਾਨਕ ਲੋਕਾਂ ਵੱਲੋਂ ਸਰਾਹਿਆ ਜਾ ਰਿਹਾ ਹੈ। ਇਹ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਕਦਮ ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਨੂੰ ਵਧਾਏਗਾ ਅਤੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੇਗੀ।