ਅੰਮ੍ਰਿਤਸਰ :- ਸ੍ਰੀ ਅਕਾਲ ਤਖ਼ਤ ਸਾਹਿਬ ਦੇ 14 ਜੁਲਾਈ 2025 ਦੇ ਆਦੇਸ਼ ਅਨੁਸਾਰ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਿਚਕਾਰ ਲਗਾਤਾਰ ਤਿੰਨ ਸਾਲਾਂ ਤੋਂ ਚੱਲ ਰਿਹਾ ਵਿਵਾਦ ਆਖ਼ਿਰਕਾਰ ਸੁਲਝ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੋਵੇਂ ਪੱਖਾਂ ਨੇ ਪੰਥਕ ਏਕਤਾ ਤੇ ਅਕਾਲ ਤਖ਼ਤ ਸਾਹਿਬ ਦੀ ਸਰਬ ਉੱਚਤਾ ਦਾ ਸਤਿਕਾਰ ਕਰਦਿਆਂ ਆਪਸੀ ਸੂਝ-ਬੂਝ ਨਾਲ ਮਸਲਾ ਹੱਲ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮਾਂ ਸਿੱਖ ਕੌਮ ਨੂੰ ਇਕਜੁੱਟ ਕਰਨ ਅਤੇ ਸਿੱਖ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ ਦੱਸਦਾ ਹੈ।