ਅੰਮ੍ਰਿਤਸਰ :- ਅੰਮ੍ਰਿਤਸਰ ਵਿਖੇ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁੰਬਦਾਂ ਅਤੇ ਬਾਹਰੀ ਹਿੱਸਿਆਂ ‘ਤੇ ਲੱਗੇ ਸੁਨਹਿਰੀ ਪੱਤਰਿਆਂ ਦੀ ਧੁਆਈ ਅਤੇ ਸਫ਼ਾਈ ਦੀ ਸੇਵਾ ਅੱਜ ਅਰਦਾਸ ਕਰਕੇ ਆਰੰਭ ਕੀਤੀ ਗਈ। ਇਸ ਪਾਵਨ ਸੇਵਾ ਦੀ ਸ਼ੁਰੂਆਤ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਅਤੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਰਹੀਆਂ।
ਨਿਸ਼ਕਾਮ ਭਾਵਨਾ ਨਾਲ ਕੀਤੀ ਜਾਂਦੀ ਹੈ ਇਹ ਸੇਵਾ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਹਿਰੀ ਗੁੰਬਦਾਂ ਅਤੇ ਪੱਤਰਿਆਂ ਦੀ ਸੰਭਾਲ ਲਈ ਸਮੇਂ-ਸਮੇਂ ‘ਤੇ ਧੁਆਈ ਦਾ ਕਾਰਜ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨਿਸ਼ਕਾਮ ਭਾਵਨਾ ਨਾਲ ਕੀਤੀ ਜਾਂਦੀ ਹੈ। ਇਸ ਵਾਰ ਵੀ ਜਥੇ ਦੇ ਸੇਵਾਦਾਰ ਗੁਰੂ ਘਰ ਦੀ ਇਸ ਮਹਾਨ ਸੇਵਾ ਵਿੱਚ ਜੁਟੇ ਹੋਏ ਹਨ।
ਹੋਰ ਪਵਿੱਤਰ ਅਸਥਾਨਾਂ ਦੇ ਗੁੰਬਦਾਂ ਦੀ ਵੀ ਹੋਵੇਗੀ ਸਫ਼ਾਈ
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸੇਵਾ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਅਤੇ ਘੰਟਾ ਘਰ ਡਿਓੜੀ ਦੇ ਗੁੰਬਦਾਂ ਉੱਤੇ ਲੱਗੇ ਸੁਨਹਿਰੀ ਪੱਤਰਿਆਂ ਦੀ ਧੁਆਈ ਅਤੇ ਸੰਭਾਲ ਵੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਦਰਬਾਰ ਸਾਹਿਬ ਦੇ ਅੰਦਰਲੇ ਭਾਗ ਵਿੱਚ ਲੱਗੇ ਸੁਨਹਿਰੀ ਪੱਤਰਿਆਂ ਅਤੇ ਮੀਨਾਕਾਰੀ ਦੇ ਕੰਮ ਦੀ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਵੀ ਜਾਰੀ ਹੈ।
ਕੁਦਰਤੀ ਤਰੀਕੇ ਨਾਲ ਕੀਤੀ ਜਾਂਦੀ ਹੈ ਧੁਆਈ
ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਇਹ ਸੇਵਾ ਹਰ ਸਾਲ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਸੰਗਤਾਂ ਵਿਸ਼ੇਸ਼ ਤੌਰ ‘ਤੇ ਇਸ ਪਾਵਨ ਸੇਵਾ ਲਈ ਪਹੁੰਚੀਆਂ ਹਨ ਅਤੇ ਇਹ ਕਾਰਜ ਲਗਭਗ 10 ਤੋਂ 12 ਦਿਨ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੋਨੇ ਦੀ ਧੁਆਈ ਲਈ ਪੂਰੀ ਤਰ੍ਹਾਂ ਕੁਦਰਤੀ ਤਰੀਕਾ ਵਰਤਿਆ ਜਾਂਦਾ ਹੈ, ਜਿਸ ਵਿੱਚ ਰੀਠੇ ਨੂੰ ਉਬਾਲ ਕੇ ਬਣਾਇਆ ਪਾਣੀ ਅਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ, ਜਦਕਿ ਕਿਸੇ ਵੀ ਕਿਸਮ ਦੇ ਰਸਾਇਣਕ ਪਦਾਰਥ ਦੀ ਵਰਤੋਂ ਨਹੀਂ ਕੀਤੀ ਜਾਂਦੀ।
ਕਈ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤਾਂ ਰਹੀਆਂ ਮੌਜੂਦ
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਫੁੰਮਣ ਸਿੰਘ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ, ਸਿੱਖ ਵਿਦਵਾਨ ਭਾਈ ਗੁਰਬਖ਼ਸ਼ ਸਿੰਘ ਗੁਲਸ਼ਨ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਜਸਪਾਲ ਸਿੰਘ ਅਤੇ ਹੋਰ ਅਧਿਕਾਰੀ ਤੇ ਸੰਗਤਾਂ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਰਹੀਆਂ।

