ਚੰਡੀਗੜ੍ਹ :- ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਨਵਾਂ ਦਿਸ਼ਾ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿੱਚ ਨਵੀਂ ਪੰਜਾਬ ਉਦਯੋਗਿਕ ਨੀਤੀ ਦਾ ਐਲਾਨ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਸ਼ਹਿਰ ਵਿੱਚ ਉਦਯੋਗਪਤੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕਰਕੇ ਉਨ੍ਹਾਂ ਦੀਆਂ ਸੁਝਾਵਾਂ ਸੁਣੀਆਂ ਅਤੇ ਨੀਤੀ ਸਬੰਧੀ ਜਾਣਕਾਰੀ ਸਾਂਝੀ ਕੀਤੀ।
ਉਦਯੋਗਪਤੀਆਂ ਨਾਲ ਕੀਤੀ ਚਰਚਾ
ਮੀਟਿੰਗ ਦੌਰਾਨ ਵੱਖ-ਵੱਖ ਖੇਤਰਾਂ ਨਾਲ ਜੁੜੇ ਉਦਯੋਗਪਤੀਆਂ ਨੇ ਆਪਣੇ ਵਿਚਾਰ ਅਤੇ ਸੁਝਾਅ ਮੁੱਖ ਮੰਤਰੀ ਸਾਹਮਣੇ ਰੱਖੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਪੰਜਾਬ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਅਤੇ ਉਦਯੋਗਾਂ ਲਈ ਸੁਗਮ ਮਾਹੌਲ ਤਿਆਰ ਕਰਨਾ ਹੈ, ਤਾਂ ਜੋ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਣ।
ਉਦਯੋਗ ਮੰਤਰੀ ਨੇ ਨੀਤੀ ਦੀ ਕੀਤੀ ਪ੍ਰਸ਼ੰਸਾ
ਇਸ ਤੋਂ ਪਹਿਲਾਂ ਸੂਬੇ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਉਦਯੋਗਿਕ ਨੀਤੀ ਆਪਣੇ ਆਪ ਵਿੱਚ ਵਿਲੱਖਣ ਹੈ ਅਤੇ ਇਸ ਤਰ੍ਹਾਂ ਦੀ ਨੀਤੀ ਦੇਸ਼ ਦੇ ਹੋਰ ਸੂਬਿਆਂ ਵਿੱਚ ਵੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਹ ਨੀਤੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਹੈ।
ਕੈਬਨਿਟ ਤੋਂ ਤੁਰੰਤ ਮਿਲੀ ਮਨਜ਼ੂਰੀ
ਸੰਜੀਵ ਅਰੋੜਾ ਨੇ ਕਿਹਾ ਕਿ ਸਰਕਾਰ ਉਦਯੋਗਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਕਾਰਨ ਨਵੀਂ ਨੀਤੀ ਨੂੰ ਕੈਬਨਿਟ ਵੱਲੋਂ ਵੀ ਤੁਰੰਤ ਮਨਜ਼ੂਰੀ ਦੇ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਨੀਤੀ ਨਾਲ ਪੰਜਾਬ ਵਿੱਚ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਤੇਜ਼ੀ ਮਿਲੇਗੀ ਅਤੇ ਸੂਬੇ ਦੀ ਅਰਥਵਿਵਸਥਾ ਨੂੰ ਮਜ਼ਬੂਤੀ ਪ੍ਰਾਪਤ ਹੋਵੇਗੀ।

