ਚੰਡੀਗੜ੍ਹ :- ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਤੇ ਸੈਸ਼ਨਜ਼ ਅਦਾਲਤ ਨੇ ਫਿਰੌਤੀ ਮੰਗਣ ਦੇ ਇਕ ਮਾਮਲੇ ਵਿੱਚ ਗੈਂਗਸਟਰ ਗੋਲਡੀ ਬਰਾੜ ਦੀ ਮਾਤਾ ਪ੍ਰੀਤਪਾਲ ਕੌਰ ਨੂੰ ਪੱਕੀ ਜ਼ਮਾਨਤ ਦੇ ਦਿੱਤੀ ਹੈ। ਇਹ ਫੈਸਲਾ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਰਾਜ ਕੁਮਾਰ ਵੱਲੋਂ ਸੁਣਾਇਆ ਗਿਆ। ਅਦਾਲਤ ਦੇ ਇਸ ਹੁਕਮ ਨਾਲ ਮਾਮਲੇ ਵਿੱਚ ਇੱਕ ਮਹੱਤਵਪੂਰਨ ਮੋੜ ਆ ਗਿਆ ਹੈ।
26 ਜਨਵਰੀ ਤੋਂ ਦੋਵੇਂ ਪਤੀ-ਪਤਨੀ ਜੇਲ੍ਹ ਵਿੱਚ ਬੰਦ
ਮਿਲੀ ਜਾਣਕਾਰੀ ਅਨੁਸਾਰ ਪ੍ਰੀਤਪਾਲ ਕੌਰ ਅਤੇ ਉਸਦੇ ਪਤੀ ਸਮਸ਼ੇਰ ਸਿੰਘ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਕੇ 26 ਜਨਵਰੀ 2026 ਤੋਂ ਜੇਲ੍ਹ ਵਿੱਚ ਰੱਖਿਆ ਗਿਆ ਸੀ। ਦੋਵਾਂ ‘ਤੇ ਦੋਸ਼ ਸੀ ਕਿ ਉਨ੍ਹਾਂ ਨੇ ਇਕ ਅਧਿਆਪਕ ਤੋਂ ਫਿਰੌਤੀ ਦੀ ਮੰਗ ਕੀਤੀ ਸੀ, ਜਿਸ ਸਬੰਧੀ ਪੁਲਿਸ ਨੇ ਕਾਰਵਾਈ ਕਰਦਿਆਂ ਮਾਮਲਾ ਦਰਜ ਕੀਤਾ ਸੀ।
ਅਧਿਆਪਕ ਨੂੰ ਵਿਦੇਸ਼ੀ ਨੰਬਰ ਤੋਂ ਮਿਲੀਆਂ ਧਮਕੀਆਂ
ਇਸ ਮਾਮਲੇ ਦੀ ਸ਼ੁਰੂਆਤ 3 ਦਸੰਬਰ 2024 ਨੂੰ ਹੋਈ ਸੀ, ਜਦੋਂ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਦਰ ਵਿੱਚ ਲਾਗਲੇ ਪਿੰਡ ਦੇ ਇਕ ਅਧਿਆਪਕ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਉਸ ਨੇ ਦੱਸਿਆ ਕਿ ਉਸ ਨੂੰ ਇਕ ਵਿਦੇਸ਼ੀ ਨੰਬਰ ਤੋਂ ਤਿੰਨ ਵਾਰ ਫੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਅਤੇ ਧਮਕੀਆਂ ਵੀ ਦਿੱਤੀਆਂ ਗਈਆਂ। ਇਸ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ।
ਜਾਂਚ ਦੌਰਾਨ ਸਮਸ਼ੇਰ ਸਿੰਘ ਦਾ ਨਾਮ ਸਾਹਮਣੇ ਆਇਆ
ਬਾਅਦ ਵਿੱਚ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਉਸਨੂੰ ਫਿਰੌਤੀ ਲਈ ਧਮਕਾਉਣ ਵਾਲਾ ਵਿਅਕਤੀ ਸਮਸ਼ੇਰ ਸਿੰਘ ਹੈ, ਜੋ ਗੈਂਗਸਟਰ ਗੋਲਡੀ ਬਰਾੜ ਦਾ ਪਿਤਾ ਦੱਸਿਆ ਜਾਂਦਾ ਹੈ। ਇਸ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਨੇ ਸਮਸ਼ੇਰ ਸਿੰਘ ਅਤੇ ਉਸ ਦੀ ਪਤਨੀ ਪ੍ਰੀਤਪਾਲ ਕੌਰ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਅਦਾਲਤ ਵਿੱਚ ਪੱਕੇ ਸਬੂਤ ਨਾ ਹੋਣ ਕਾਰਨ ਜ਼ਮਾਨਤ
ਪ੍ਰੀਤਪਾਲ ਕੌਰ ਦੇ ਵਕੀਲ ਬਾਬੂ ਸਿੰਘ ਸਿੱਧੂ ਨੇ ਦੱਸਿਆ ਕਿ ਅਦਾਲਤ ਵਿੱਚ ਸੁਣਵਾਈ ਦੌਰਾਨ ਉਨ੍ਹਾਂ ਦੇ ਮੂਅੱਕਲ ਖ਼ਿਲਾਫ਼ ਕੋਈ ਢੁੱਕਵੇਂ ਸਬੂਤ ਪੇਸ਼ ਨਹੀਂ ਹੋ ਸਕੇ। ਇਸ ਨੂੰ ਧਿਆਨ ਵਿੱਚ ਰੱਖਦਿਆਂ ਅਦਾਲਤ ਨੇ ਪ੍ਰੀਤਪਾਲ ਕੌਰ ਨੂੰ ਪੱਕੀ ਜ਼ਮਾਨਤ ਦੇਣ ਦਾ ਹੁਕਮ ਜਾਰੀ ਕਰ ਦਿੱਤਾ। ਹਾਲਾਂਕਿ ਮਾਮਲੇ ਦੀ ਅਗਲੀ ਕਾਨੂੰਨੀ ਕਾਰਵਾਈ ਜਾਰੀ ਰਹੇਗੀ।

