ਅੰਮ੍ਰਿਤਸਰ :- ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਰੀ ਕੀਤੇ ਜਾਣ ਦੇ ਫੈਸਲੇ ’ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਮੰਦਭਾਗਾ ਹੈ ਅਤੇ ਇਸ ਮਾਮਲੇ ’ਤੇ ਗੰਭੀਰ ਚਰਚਾ ਹੋਣੀ ਚਾਹੀਦੀ ਹੈ।
ਬੰਦੀ ਸਿੰਘਾਂ ਦੇ ਮਸਲੇ ਦਾ ਵੀ ਕੀਤਾ ਜ਼ਿਕਰ
ਜਥੇਦਾਰ ਨੇ ਕਿਹਾ ਕਿ ਸਿੱਖ ਕੌਮ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਈ ਸਾਲਾਂ ਤੋਂ ਕੀਤੀ ਜਾ ਰਹੀ ਹੈ, ਪਰ 35 ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਇਸ ਮਾਮਲੇ ’ਤੇ ਕੋਈ ਢੁੱਕਵੀਂ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਨੇ ਸਵਾਲ ਉਠਾਇਆ ਕਿ ਜਦੋਂ ਕੁਝ ਮਾਮਲਿਆਂ ਵਿੱਚ ਇਲਜ਼ਾਮ ਸਾਬਤ ਹੋਣ ਦੇ ਬਾਵਜੂਦ ਇੰਨੀ ਜਲਦੀ ਰਾਹਤ ਮਿਲ ਜਾਂਦੀ ਹੈ ਤਾਂ ਇਨਸਾਫ ਦੀ ਲੜਾਈ ਲੜ ਰਹੇ ਲੋਕ ਕਿੱਥੇ ਜਾਣ।
ਹਾਈ ਕੋਰਟ ਨੇ ਪਲਟਿਆ 2019 ਦਾ ਫੈਸਲਾ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 2002 ਦੇ ਪੱਤਰਕਾਰ ਕਤਲ ਮਾਮਲੇ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਹੈ। ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਇਹ ਫੈਸਲਾ ਸੁਣਾਇਆ, ਜਿਸ ਵਿੱਚ ਜਸਟਿਸ ਵਿਕਰਮ ਅਗਰਵਾਲ ਵੀ ਸ਼ਾਮਲ ਸਨ। ਅਦਾਲਤ ਨੇ ਜਨਵਰੀ 2019 ਵਿੱਚ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਨੂੰ ਰੱਦ ਕਰ ਦਿੱਤਾ।
ਹੋਰ ਤਿੰਨ ਦੋਸ਼ੀਆਂ ਦੀ ਸਜ਼ਾ ਕਾਇਮ
ਹਾਈ ਕੋਰਟ ਨੇ ਕੇਸ ਨਾਲ ਜੁੜੇ ਹੋਰ ਤਿੰਨ ਦੋਸ਼ੀਆਂ ਦੀਆਂ ਸਜ਼ਾਵਾਂ ਨੂੰ ਬਰਕਰਾਰ ਰੱਖਿਆ ਹੈ, ਜਦਕਿ ਡੇਰਾ ਮੁਖੀ ਨੂੰ ਇਸ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ ਹੈ। ਅਦਾਲਤ ਨੇ ਦੋਸ਼ੀਆਂ ਵੱਲੋਂ ਦਾਇਰ ਕੀਤੀਆਂ ਅਪੀਲਾਂ ’ਤੇ ਸੁਣਵਾਈ ਤੋਂ ਬਾਅਦ ਇਹ ਫੈਸਲਾ ਦਿੱਤਾ।
2002 ਵਿੱਚ ਪੱਤਰਕਾਰ ਦੀ ਗੋਲੀ ਮਾਰ ਕੇ ਹੱਤਿਆ
ਦੱਸਣਯੋਗ ਹੈ ਕਿ ਅਕਤੂਬਰ 2002 ਵਿੱਚ ਹਰਿਆਣਾ ਦੇ ਸਿਰਸਾ ਸ਼ਹਿਰ ਵਿੱਚ ਪੱਤਰਕਾਰ ਰਾਮ ਚੰਦਰ ਛਤਰਪਤੀ ਨੂੰ ਉਸਦੇ ਘਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਛਤਰਪਤੀ ਸਥਾਨਕ ਅਖ਼ਬਾਰ ‘ਪੂਰਾ ਸੱਚ’ ਚਲਾਉਂਦੇ ਸਨ ਅਤੇ ਉਨ੍ਹਾਂ ਨੇ ਡੇਰਾ ਮੁਖਾਲਫ਼ ਇੱਕ ਗੁਮਨਾਮ ਪੱਤਰ ਪ੍ਰਕਾਸ਼ਿਤ ਕੀਤਾ ਸੀ, ਜਿਸ ਵਿੱਚ ਮਹਿਲਾ ਪੈਰੋਕਾਰਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਗਏ ਸਨ।
ਫੈਸਲੇ ਤੋਂ ਬਾਅਦ ਚਰਚਾ ਤੇ ਪ੍ਰਤੀਕਿਰਿਆਵਾਂ
ਹਾਈ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਵੱਖ-ਵੱਖ ਧਾਰਮਿਕ ਤੇ ਸਮਾਜਿਕ ਵਰਗਾਂ ਵੱਲੋਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਇਸ ਮਾਮਲੇ ਨੇ ਇਕ ਵਾਰ ਫਿਰ ਇਨਸਾਫ ਅਤੇ ਨਿਆਂ ਪ੍ਰਣਾਲੀ ਬਾਰੇ ਚਰਚਾ ਨੂੰ ਜਨਮ ਦੇ ਦਿੱਤਾ ਹੈ।

