ਮੋਹਾਲੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਮੋਹਾਲੀ ਅਦਾਲਤ ਤੋਂ ਵੱਡਾ ਝਟਕਾ ਲੱਗਿਆ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ। ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਹਨ, ਜਿੱਥੇ ਉਹ 25 ਜੂਨ 2025 ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰੀ ਤੋਂ ਬਾਅਦ ਬੰਦ ਹਨ।
ਮੋਹਾਲੀ ਅਦਾਲਤ ਵਿੱਚ ਅੱਜ ਹੋਈ ਸੁਣਵਾਈ ਦੌਰਾਨ ਸਰਕਾਰੀ ਅਤੇ ਬਚਾਅ ਪੱਖ ਦੇ ਵਕੀਲਾਂ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਸਰਕਾਰ ਵੱਲੋਂ ਪੇਸ਼ ਕੀਤੇ ਸਬੂਤਾਂ ਅਤੇ ਤੱਥਾਂ ਦੇ ਆਧਾਰ ‘ਤੇ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ।
ਵਿਜੀਲੈਂਸ ਬਿਊਰੋ ਨੇ ਮਜੀਠੀਆ ‘ਤੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ ਲਗਾਏ ਹਨ। ਇਸ ਮਾਮਲੇ ਵਿੱਚ ਪੰਜਾਬ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਬਿਕਰਮ ਮਜੀਠੀਆ ਦੀਆਂ ਜਾਇਦਾਦਾਂ ‘ਤੇ ਛਾਪੇਮਾਰੀ ਵੀ ਕੀਤੀ ਗਈ ਸੀ। ਸਰਕਾਰ ਦਾ ਦਾਅਵਾ ਹੈ ਕਿ ਉਨ੍ਹਾਂ ਕੋਲ ਮਜੀਠੀਆ ਦੇ ਖਿਲਾਫ਼ ਪੁਖਤਾ ਸਬੂਤ ਹਨ, ਜਦਕਿ ਮਜੀਠੀਆ ਦੇ ਵਕੀਲ ਇਸ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਅਤੇ ਬੇਬੁਨਿਆਦ ਦੱਸਦੇ ਹਨ।
ਇਸ ਮਾਮਲੇ ਨੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਈ ਹੋਈ ਹੈ, ਅਤੇ ਅਦਾਲਤ ਦੇ ਤਾਜ਼ਾ ਫੈਸਲੇ ਨੇ ਮਜੀਠੀਆ ਅਤੇ ਉਨ੍ਹਾਂ ਦੇ ਸਮਰਥਕਾਂ ਦੀਆਂ ਉਮੀਦਾਂ ਨੂੰ ਝਟਕਾ ਦਿੱਤਾ ਹੈ।