ਚੰਡੀਗੜ੍ਹ :- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਨਵੀਂ ਪਹਲ ਤਹਿਤ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੈਰਾਥਨ ਦੀ ਅਧਿਕਾਰਿਕ ਟੀ-ਸ਼ਰਟ ਜਾਰੀ ਕੀਤੀ। ਜਾਣਕਾਰੀ ਅਨੁਸਾਰ ਇਹ ਵੱਡਾ ਖੇਡ ਸਮਾਗਮ 22 ਮਾਰਚ 2026 ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਹਿਲਪੁਰ (ਗੜ੍ਹਸ਼ੰਕਰ) ਵਿੱਚ ਕਰਵਾਇਆ ਜਾਵੇਗਾ, ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਤੰਦਰੁਸਤ ਜੀਵਨ ਵੱਲ ਪ੍ਰੇਰਿਤ ਕਰਨਾ ਹੈ।
ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਰਹੇਗੀ ਮੈਰਾਥਨ
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਦੱਸਿਆ ਕਿ ਇਹ ਮੈਰਾਥਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਅਹੁਦੇ ਦੀ ਸਹੁੰ ਵੀ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਨਮਨ ਕਰਨ ਤੋਂ ਬਾਅਦ ਲਈ ਸੀ ਅਤੇ ਹਰ ਸਾਲ ਇੱਥੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਮਨਾਇਆ ਜਾਂਦਾ ਹੈ। ਇਸੇ ਸਤਿਕਾਰ ਦੇ ਤੌਰ ‘ਤੇ ਸ਼ਹੀਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ ਇਹ ਮੈਰਾਥਨ ਕਰਵਾਈ ਜਾ ਰਹੀ ਹੈ।
ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੀ ਕੋਸ਼ਿਸ਼
ਰੋੜੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਇੱਕ ਤਾਕਤਵਰ ਅਤੇ ਸਿਹਤਮੰਦ ਦੇਸ਼ ਦਾ ਸੁਪਨਾ ਦੇਖਿਆ ਸੀ। ਉਸ ਸੁਪਨੇ ਨੂੰ ਹਕੀਕਤ ਬਣਾਉਣ ਲਈ ਨਸ਼ਿਆਂ ਦੇ ਖ਼ਿਲਾਫ਼ ਜੰਗ ਲੜਨਾ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਨਾਲ ਨੌਜਵਾਨਾਂ ਵਿੱਚ ਦੇਸ਼ ਭਗਤੀ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵੀ ਮਜ਼ਬੂਤ ਹੋਵੇਗੀ।
ਵੱਖ-ਵੱਖ ਕੈਟਾਗਰੀਆਂ ਵਿੱਚ ਲੱਗੇਗੀ ਦੌੜ
ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਵਿੱਚ 5 ਕਿਲੋਮੀਟਰ, 10 ਕਿਲੋਮੀਟਰ, 21 ਕਿਲੋਮੀਟਰ ਅਤੇ 42 ਕਿਲੋਮੀਟਰ ਦੀਆਂ ਕੈਟਾਗਰੀਆਂ ਰੱਖੀਆਂ ਗਈਆਂ ਹਨ, ਜਿਨ੍ਹਾਂ ਵਿੱਚ ਬੱਚੇ, ਨੌਜਵਾਨ, ਬਜ਼ੁਰਗ ਅਤੇ ਵਿਸ਼ੇਸ਼ ਯੋਗਤਾ ਵਾਲੇ ਵਿਅਕਤੀ ਭਾਗ ਲੈ ਸਕਣਗੇ। ਜੇਤੂ ਭਾਗੀਦਾਰਾਂ ਨੂੰ ਵੱਖ-ਵੱਖ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਵੱਡੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ ਅਤੇ ਦੇਸ਼-ਵਿਦੇਸ਼ ਦੀਆਂ ਕਈ ਪ੍ਰਸਿੱਧ ਹਸਤੀਆਂ ਵੀ ਇਸ ਮੌਕੇ ‘ਤੇ ਸ਼ਿਰਕਤ ਕਰਨ ਦੀ ਸੰਭਾਵਨਾ ਹੈ।
ਨਸ਼ਾ ਮੁਕਤ ਪੰਜਾਬ ਦਾ ਸੰਦੇਸ਼ ਪਹੁੰਚਾਉਣ ਦੀ ਕੋਸ਼ਿਸ਼
ਡਿਪਟੀ ਸਪੀਕਰ ਨੇ ਕਿਹਾ ਕਿ ਇਹ ਮੈਰਾਥਨ ਸਿਰਫ਼ ਇੱਕ ਖੇਡ ਸਮਾਗਮ ਹੀ ਨਹੀਂ, ਸਗੋਂ ਨਸ਼ਾ ਮੁਕਤ ਪੰਜਾਬ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਲਈ ਇੱਕ ਮਹੱਤਵਪੂਰਨ ਕਦਮ ਹੋਵੇਗੀ। ਇਸ ਰਾਹੀਂ ਨੌਜਵਾਨਾਂ ਨੂੰ ਤੰਦਰੁਸਤ ਜੀਵਨਸ਼ੈਲੀ ਅਪਣਾਉਣ ਅਤੇ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਪ੍ਰੇਰਿਤ ਕੀਤਾ ਜਾਵੇਗਾ।

