ਮੋਗਾ :- ਮੋਗਾ ਦੇ ਕਿੱਲੀ ਚਹਿਲਾਂ ਵਿਖੇ ਹੋਈ ਵੱਡੀ ਰੈਲੀ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਨਵੇਂ ਸਾਲ ਦੀ ਸ਼ੁਰੂਆਤ ‘ਤੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਸਿੱਖ ਗੁਰੂਆਂ ਦੇ ਬਲਿਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਿਰ ‘ਤੇ ਬੰਨੀ ਪੱਗ ਗੁਰੂ ਘਰ ਦੇ ਕਰਜ਼ ਅਤੇ ਸਤਿਕਾਰ ਦੀ ਨਿਸ਼ਾਨੀ ਹੈ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
ਪੰਜਾਬ ਵਿੱਚ ਇਕੱਲੇ ਚੋਣ ਲੜਨ ਦਾ ਐਲਾਨ
ਰੈਲੀ ਵਿੱਚ ਸੰਬੋਧਨ ਕਰਦਿਆਂ Amit Shah ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਵਿੱਚ ਆਪਣੀ ਤਾਕਤ ਨਾਲ ਮੈਦਾਨ ਵਿੱਚ ਉਤਰੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਭਾਜਪਾ ਸਾਥੀ ਪਾਰਟੀਆਂ ਨਾਲ ਛੋਟੇ ਭਰਾ ਦੀ ਭੂਮਿਕਾ ਵਿੱਚ ਰਹੀ ਹੈ, ਪਰ ਹੁਣ ਪਾਰਟੀ ਮੁੱਖ ਤੌਰ ‘ਤੇ ਰਾਜ ਦੀ ਸੱਤਾ ਵਿੱਚ ਆਉਣ ਲਈ ਤਿਆਰ ਹੈ ਅਤੇ ਲੋਕਾਂ ਦਾ ਅਸ਼ੀਰਵਾਦ ਲੈਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਨਸ਼ਾ ਮੁਕਤ ਪੰਜਾਬ ਦੀ ਗੱਲ
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਮਜ਼ਬੂਤ ਨੀਤੀਆਂ ਦੀ ਲੋੜ ਹੈ ਅਤੇ ਇਸ ਲਈ ਕੇਂਦਰ ਅਤੇ ਰਾਜ ਵਿੱਚ ਇੱਕੋ ਪਾਰਟੀ ਦੀ ਸਰਕਾਰ ਹੋਣਾ ਮਹੱਤਵਪੂਰਨ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇ ਭਾਜਪਾ ਨੂੰ ਮੌਕਾ ਮਿਲਿਆ ਤਾਂ ਨਸ਼ਿਆਂ ਅਤੇ ਹੋਰ ਸਮੱਸਿਆਵਾਂ ਨਾਲ ਜੂਝ ਰਹੇ ਪੰਜਾਬ ਲਈ ਨਵੇਂ ਕਦਮ ਚੁੱਕੇ ਜਾਣਗੇ।
ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ
ਰੈਲੀ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਿਛਲੇ ਸਮੇਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਮੌਕਾ ਦਿੱਤਾ ਪਰ ਉਮੀਦਾਂ ਅਨੁਸਾਰ ਬਦਲਾਅ ਨਹੀਂ ਆ ਸਕਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਭਾਜਪਾ ਨੂੰ ਮੌਕਾ ਦਿੱਤਾ ਜਾਵੇ ਤਾਂ ਜੋ ਰਾਜ ਦੇ ਵਿਕਾਸ ਲਈ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਸਕਣ।
ਵੋਟ ਪ੍ਰਤੀਸ਼ਤ ਦਾ ਕੀਤਾ ਜ਼ਿਕਰ
ਉਨ੍ਹਾਂ ਆਪਣੇ ਸੰਬੋਧਨ ਵਿੱਚ ਇਹ ਵੀ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਭਾਜਪਾ ਨੂੰ ਮਿਲੇ ਵੋਟ ਪ੍ਰਤੀਸ਼ਤ ਨੇ ਪਾਰਟੀ ਲਈ ਹੌਸਲਾ ਵਧਾਇਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਦੇਸ਼ ਦੇ ਕਈ ਹੋਰ ਰਾਜਾਂ ਵਿੱਚ ਵੀ ਇਸੇ ਤਰ੍ਹਾਂ ਦੀ ਸਥਿਤੀ ਬਣੀ ਸੀ ਅਤੇ ਬਾਅਦ ਵਿੱਚ ਉੱਥੇ ਭਾਜਪਾ ਦੀ ਸਰਕਾਰ ਬਣੀ।
ਦੇਸ਼ ਲਈ ਪੰਜਾਬ ਦੇ ਯੋਗਦਾਨ ਦੀ ਪ੍ਰਸ਼ੰਸਾ
ਆਪਣੇ ਸੰਬੋਧਨ ਦੇ ਅਖੀਰ ‘ਚ Amit Shah ਨੇ ਪੰਜਾਬ ਦੇ ਕਿਸਾਨਾਂ ਅਤੇ ਨੌਜਵਾਨਾਂ ਦੇ ਦੇਸ਼ ਲਈ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਅਨਾਜ ਭੰਡਾਰ ਭਰਨ ਵਿੱਚ ਪੰਜਾਬ ਦਾ ਮਹੱਤਵਪੂਰਨ ਯੋਗਦਾਨ ਹੈ ਅਤੇ ਜਦੋਂ ਵੀ ਦੇਸ਼ ਦੀ ਸੁਰੱਖਿਆ ਦੀ ਗੱਲ ਆਈ ਹੈ ਤਾਂ ਪੰਜਾਬ ਦੇ ਨੌਜਵਾਨ ਹਮੇਸ਼ਾਂ ਅੱਗੇ ਰਹੇ ਹਨ।

