ਚੰਡੀਗੜ੍ਹ :- ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਹੇਠ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਅੱਜ 4 ਸਾਲ ਪੂਰੇ ਹੋ ਗਏ ਹਨ। 16 ਮਾਰਚ 2022 ਨੂੰ ਖਟਕੜ ਕਲਾਂ ਦੀ ਧਰਤੀ ’ਤੇ ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਕੇ ਸੂਬੇ ਵਿੱਚ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ। ਉਸ ਸਮੇਂ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੇ 92 ਸੀਟਾਂ ਹਾਸਲ ਕਰਕੇ ਇਤਿਹਾਸਕ ਜਿੱਤ ਦਰਜ ਕੀਤੀ ਸੀ, ਜਿਸ ਨਾਲ ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਬਦਲਾਅ ਆਇਆ ਸੀ।
ਚਾਰ ਸਾਲ ਪੂਰੇ ਹੋਣ ’ਤੇ ਅੱਜ ਪ੍ਰੈਸ ਕਾਨਫਰੰਸ
ਸਰਕਾਰ ਦੇ 4 ਸਾਲ ਪੂਰੇ ਹੋਣ ਦੇ ਮੌਕੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ ਕਰੀਬ 11:30 ਵਜੇ ਚੰਡੀਗੜ੍ਹ ਦੇ ਸੈਕਟਰ 17 ਵਿੱਚ ਸਥਿਤ ਤਾਜ ਹੋਟਲ ਵਿੱਚ ਪ੍ਰੈਸ ਕਾਨਫਰੰਸ ਕਰਨਗੇ। ਇਸ ਦੌਰਾਨ ਉਹ ਆਪਣੀ ਸਰਕਾਰ ਦੇ ਚਾਰ ਸਾਲਾਂ ਦੇ ਕੰਮਕਾਜ ਅਤੇ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕਰਨਗੇ ਅਤੇ ਲੋਕਾਂ ਸਾਹਮਣੇ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਰੱਖਣਗੇ।
ਬਜਟ ਇਜਲਾਸ ਦਾ ਵੀ ਅੱਜ ਆਖਰੀ ਦਿਨ
ਅੱਜ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਦਾ ਵੀ ਆਖਰੀ ਦਿਨ ਹੈ। ਇਸ ਦੌਰਾਨ ਸਰਕਾਰ ਵੱਲੋਂ ਕਈ ਮਹੱਤਵਪੂਰਨ ਫੈਸਲੇ ਕੀਤੇ ਗਏ ਹਨ। ਖ਼ਾਸ ਤੌਰ ’ਤੇ ਮਹਿਲਾਵਾਂ ਨੂੰ ਮਹੀਨਾਵਾਰ 1000 ਰੁਪਏ ਦੀ ਆਰਥਿਕ ਸਹਾਇਤਾ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਦਾ ਦਾਅਵਾ ਵੀ ਸਰਕਾਰ ਵੱਲੋਂ ਕੀਤਾ ਗਿਆ ਹੈ। ਸਰਕਾਰ ਦੇ ਮੰਤਰੀਆਂ ਦਾ ਕਹਿਣਾ ਹੈ ਕਿ ਚੋਣਾਂ ਦੌਰਾਨ ਕੀਤੇ ਗਏ ਜ਼ਿਆਦਾਤਰ ਵਾਅਦਿਆਂ ਨੂੰ ਪੂਰਾ ਕਰ ਦਿੱਤਾ ਗਿਆ ਹੈ।
ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਵਧੀ ਅਹਿਮੀਅਤ
ਅਗਲੇ ਸਾਲ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਕਾਰਨ ਇਹ ਮੌਕਾ ਰਾਜਨੀਤਿਕ ਪੱਖੋਂ ਵੀ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਅੱਜ ਦੀ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਵੱਲੋਂ ਲੋਕ ਭਲਾਈ ਨਾਲ ਸੰਬੰਧਿਤ ਕੁਝ ਨਵੀਆਂ ਯੋਜਨਾਵਾਂ ਜਾਂ ਐਲਾਨ ਵੀ ਕੀਤੇ ਜਾ ਸਕਦੇ ਹਨ। ਭਗਵੰਤ ਮਾਨ ਪਹਿਲਾਂ ਵੀ ਕਹਿ ਚੁੱਕੇ ਹਨ ਕਿ ਲੋਕਾਂ ਦੀ ਭਲਾਈ ਲਈ ਸਰਕਾਰ ਅੱਗੇ ਵੀ ਹੋਰ ਸਕੀਮਾਂ ਲੈ ਕੇ ਆਉਂਦੀ ਰਹੇਗੀ।

