ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਖੇਤਰ ਵਿੱਚ ਮੀਲ ਪੱਥਰ ਕਾਇਮ ਕਰਦਿਆਂ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਅਗਲੇ ਛੇ ਸਾਲਾਂ ਵਿੱਚ 3,500 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾਣਗੇ। ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਢਾਂਚਾਗਤ ਸੁਧਾਰਾਂ ਨੂੰ ਤੇਜ਼ ਕਰਨਾ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰ ਦੇ ਮਿਆਰਾਂ ਦਾ ਹਾਣੀ ਬਣਾਉਣਾ ਹੈ।
ਇਸ ਮਿਸ਼ਨ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵੱਲੋਂ ਇਸ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਵਿਸ਼ਵ ਬੈਂਕ ਨਾਲ ਭਾਈਵਾਲੀ ਵੀ ਕੀਤੀ ਗਈ ਹੈ। ਇਹ ਭਾਈਵਾਲੀ ਪੰਜਾਬ ਵੱਲੋਂ ਪਹਿਲਾਂ ਹੀ ਜਨਤਕ ਸਿੱਖਿਆ ਵਿੱਚ ਕੀਤੇ ਅਹਿਮ ਸੁਧਾਰਾਂ ਦੀ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਨੂੰ ਦਰਸਾਉਂਦੀ ਹੈ। ਪੰਜਾਬ ਸਿੱਖਿਆ ਕ੍ਰਾਂਤੀ 2.0 ਦੀ ਸ਼ੁਰੂਆਤ ਪੰਜਾਬ ਸਿੱਖਿਆ ਕ੍ਰਾਂਤੀ ਦੇ ਪਹਿਲੇ ਪੜਾਅ ਅਧੀਨ ਪ੍ਰਾਪਤ ਕੀਤੀ ਗਈ ਸ਼ਾਨਦਾਰ ਪ੍ਰਗਤੀ ਨੂੰ ਵੇਖਦਿਆਂ ਕੀਤੀ ਗਈ ਹੈ। ਪੰਜਾਬ ਸਿੱਖਿਆ ਕ੍ਰਾਂਤੀ ਦੇ ਪਹਿਲੇ ਪੜਾਅ ਅਧੀਨ ਸੂਬੇ ਭਰ ਦੇ ਸਰਕਾਰੀ ਸਕੂਲਾਂ ਤਸਵੀਰ ਬਦਲ ਦਿੱਤੀ ਗਈ ਹੈ।
ਭਾਰਤ ਸਰਕਾਰ ਵੱਲੋਂ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ-2024 ਵਿੱਚ, ਪੰਜਾਬ ਨੇ ਕੇਰਲਮ ਨੂੰ ਪਛਾੜਦਿਆਂ ਕਲਾਸਰੂਮ ਲਰਨਿੰਗ ਦੇ ਨਤੀਜਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਦੇਸ਼ ਭਰ ਵਿੱਚ ਮੋਹਰੀ ਬਣ ਕੇ ਉੱਭਰਿਆ। ਪਿਛਲੇ ਦੋ ਸਾਲਾਂ ਦੌਰਾਨ ਸੂਬੇ ਵੱਲੋਂ ਕਰੀਅਰ ਲਈ ਸੇਧ ਦੇਣ ਸਬੰਧੀ ਪ੍ਰਣਾਲੀਆਂ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ, ਸਾਇੰਸ ਅਤੇ ਕਾਮਰਸ ਸਟ੍ਰੀਮ ਤੱਕ ਪਹੁੰਚ ਦਾ ਵਿਸਤਾਰ ਕੀਤਾ ਹੈ, ਅਧਿਆਪਕ ਸਿਖਲਾਈ ਈਕੋਸਿਸਟਮ ਨੂੰ ਮਜ਼ਬੂਤ ਕੀਤਾ ਹੈ ਅਤੇ ਹਜ਼ਾਰਾਂ ਸੰਸਥਾਵਾਂ ਵਿੱਚ ਸਕੂਲ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਇਆ ਹੈ ਤਾਂ ਜੋ ਸੁਧਾਰ ਬਿਆਨਬਾਜ਼ੀ ਤੋਂ ਅੱਗੇ ਜਾ ਕੇ ਮਾਪਣਯੋਗ ਨਤੀਜਿਆਂ ਤੱਕ ਪਹੁੰਚਾਏ ਜਾ ਸਕਣ।
ਪੰਜਾਬ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲ ਦੇਸ਼ ਦੀ ਅਗਵਾਈ ਕਰ ਸਕਦੇ ਹਨ। ਨੈਸ਼ਨਲ ਅਚੀਵਮੈਂਟ ਸਰਵੇ-2024 ਵਿੱਚ ਪਹਿਲੇ ਨੰਬਰ ‘ਤੇ ਆਉਣਾ ਉਸ ਤਬਦੀਲੀ ਦਾ ਸਬੂਤ ਹੈ। ਪੰਜਾਬ ਸਿੱਖਿਆ ਕ੍ਰਾਂਤੀ-2.0 ਦੇ ਨਾਲ ਅਸੀਂ ਹੁਣ ਆਪਣੀ ਸਿੱਖਿਆ ਪ੍ਰਣਾਲੀ ਨੂੰ ਦੁਨੀਆ ਦੀਆਂ ਬਿਹਤਰ ਪ੍ਰਣਾਲੀਆਂ ਨਾਲ ਮੁਕਾਬਲਾ ਕਰਨ ਲਈ ਤਿਆਰ ਕਰ ਰਹੇ ਹਾਂ। ਇਹ ਪਹਿਲਕਦਮੀ ਡਾਟਾ-ਅਧਾਰਿਤ ਫੈਸਲੇ ਲੈਣ ਅਤੇ ਸਕੂਲ ਪ੍ਰਬੰਧਨ ਕਮੇਟੀਆਂ ਨੂੰ ਸਸ਼ਕਤ ਬਣਾ ਕੇ ਪਾਰਦਰਸ਼ੀ ਅਤੇ ਜਵਾਬਦੇਹ ਸਕੂਲ ਪ੍ਰਬੰਧਨ ਨੂੰ ਯਕੀਨੀ ਬਣਾਏਗਾ ਤਾਂ ਜੋ ਭਾਈਚਾਰਕ ਸ਼ਮੂਲੀਅਤ ਅਤੇ ਜਵਾਬਦੇਹੀ ਨੂੰ ਮਜ਼ਬੂਤ ਕੀਤਾ ਜਾ ਸਕੇ।
ਇਹ ਮਿਸ਼ਨ ਭਵਿੱਖ ਲਈ ਤਿਆਰ ਬੁਨਿਆਦੀ ਢਾਂਚਾ ਅਤੇ ਪ੍ਰਣਾਲੀਆਂ ਵੀ ਬਣਾਏਗਾ। ਇਸ ਉਦੇਸ਼ ਲਈ ਵਿਆਪਕ ਸੁਧਾਰ ਕੀਤੇ ਜਾਣਗੇ ਤਾਂ ਜੋ ਲੰਬੇ ਸਮੇਂ ਤੱਕ ਚੱਲਣ ਵਾਲੇ ਵਿਸ਼ਵਵਿਆਪੀ ਮਿਆਰਾਂ ਦੇ ਅਨੁਸਾਰ ਸੁਰੱਖਿਅਤ, ਸਥਾਈ ਅਤੇ ਡਿਜੀਟਲ ਤੌਰ ‘ਤੇ ਸਮਰੱਥ ਸਿੱਖਣ ਦਾ ਮਾਹੌਲ ਨੂੰ ਯਕੀਨੀ ਬਣਾਇਆ ਜਾ ਸਕੇ। ਪੰਜਾਬ ਸਿੱਖਿਆ ਕ੍ਰਾਂਤੀ-2.0 ਹੁਣ ਉਸ ਤਬਦੀਲੀ ਦਾ ਹੋਰ ਵਿਸਥਾਰ ਕਰੇਗੀ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲਾ ਕਰਨ ਲਈ ਤਿਆਰ ਕਰੇਗੀ।

