ਬਰਨਾਲਾ :- ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਪਿੰਡ ਪੰਡੋਰੀ ਵਿੱਚ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਕੋਠੀ ਸਮੇਤ ਕਈ ਥਾਵਾਂ ਉੱਪਰ ਖ਼ਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ਦੀ ਗੁੱਥੀ ਸੁਲਝਾਉਂਦਿਆਂ ਮਹਿਲ ਕਲਾਂ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਘਟਨਾ ਦਾ ਪਿਛੋਕੜ
14 ਅਗਸਤ ਦੀ ਰਾਤ ਅਣਪਛਾਤੇ ਲੋਕਾਂ ਵੱਲੋਂ ਵਿਧਾਇਕ ਦੀ ਕੋਠੀ ਅਤੇ ਪਿੰਡ ਦੀਆਂ ਹੋਰ ਕੰਧਾਂ ਉੱਪਰ ਖ਼ਾਲਿਸਤਾਨੀ ਨਾਅਰੇ ਲਿਖੇ ਗਏ ਸਨ। ਸੂਚਨਾ ਮਿਲਣ ‘ਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਇਸ ਸਬੰਧੀ ਵਿਧਾਇਕ ਦੇ ਗੰਨਮੈਨ ਹਰਦੀਪ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।
ਗ੍ਰਿਫ਼ਤਾਰੀ ’ਚ ਵੱਡੀ ਸਫਲਤਾ
ਏ.ਐੱਸ.ਆਈ. ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਜਾਂਚ ਨੂੰ ਅੱਗੇ ਵਧਾਉਂਦਿਆਂ ਪੁਲਿਸ ਨੇ ਗੁਰਮੀਤ ਸਿੰਘ, ਗੁਰਸੇਵਕ ਸਿੰਘ ਉਰਫ਼ ਮਨੀ ਅਤੇ ਕਿਰਪਾ ਸਿੰਘ, ਤਿੰਨੇ ਵਾਸੀ ਮਹਿਲ ਖੁਰਦ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਨੌਜਵਾਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।
ਉੱਚ ਅਧਿਕਾਰੀਆਂ ਦੀ ਰਹਿਨੁਮਾਈ ਹੇਠ ਕਾਰਵਾਈ
ਇਹ ਪੂਰੀ ਕਾਰਵਾਈ ਐਸਐਸਪੀ ਬਰਨਾਲਾ ਮੁਹੰਮਦ ਸਰਫ਼ਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਡੀਐਸਪੀ ਜਤਿੰਦਰਪਾਲ ਸਿੰਘ ਦੀ ਰਹਿਨੁਮਾਈ ਅਤੇ ਥਾਣਾ ਮਹਿਲ ਕਲਾਂ ਇੰਚਾਰਜ ਸ਼ੇਰਵਿੰਦਰ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ। ਇਸ ਦੌਰਾਨ ਏ.ਐੱਸ.ਆਈ. ਅੰਮ੍ਰਿਤਪਾਲ ਸਿੰਘ ਅਤੇ ਹਵਲਦਾਰ ਗੁਰਪ੍ਰੀਤ ਸਿੰਘ ਵੀ ਸ਼ਾਮਲ ਸਨ।