ਚੰਡੀਗੜ੍ਹ :- ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਦੇ ਕਈ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਜਾਣਕਾਰੀ ਲੈਣ ਅਤੇ ਤਿਆਰੀਆਂ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਵੀਡੀਓ ਕਾਨਫਰੰਸਿੰਗ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਹੁਸ਼ਿਆਰਪੁਰ, ਤਰਨ ਤਾਰਨ, ਕਪੂਰਥਲਾ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰਾਂ ਸਮੇਤ ਡਰੇਨੇਜ ਵਿਭਾਗ ਦੇ ਐਕਸੀਅਨ ਅਤੇ ਐਸਈ ਸ਼ਾਮਲ ਹੋਏ। ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਮੁੱਖ ਇੰਜੀਨੀਅਰ (ਡਰੇਨੇਜ) ਹਰਦੀਪ ਸਿੰਘ ਮੈਂਦੀਰੱਤਾ ਵੀ ਇਸ ਮੌਕੇ ਮੌਜੂਦ ਸਨ।
ਦਰਿਆਵਾਂ ਦੇ ਕੰਢਿਆਂ ‘ਤੇ ਦਿਨ-ਰਾਤ ਚੌਕਸੀ ਦੇ ਹੁਕਮ
ਬਰਿੰਦਰ ਕੁਮਾਰ ਗੋਇਲ ਨੇ ਨਿਰਦੇਸ਼ ਦਿੱਤਾ ਕਿ ਦਰਿਆਵਾਂ ਦੇ ਕੰਢਿਆਂ ‘ਤੇ 24 ਘੰਟੇ ਨਿਰੰਤਰ ਨਿਗਰਾਨੀ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਨ ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ, ਇਸ ਲਈ ਚੌਕਸੀ ਵਧਾਉਣ ਦੀ ਲੋੜ ਹੈ।
ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਨਿਰਦੇਸ਼
ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਕਿ ਆਪਣੇ-ਆਪਣੇ ਖੇਤਰਾਂ ਵਿੱਚ ਡਿਊਟੀ ਰੋਸਟਰ ਰਜਿਸਟਰਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਫੀਲਡ ਸਟਾਫ ਦੀ ਤੈਨਾਤੀ ਢੁਕਵੇਂ ਢੰਗ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਨੂੰ ਸੈਕਟਰ-ਵਾਰ ਵੰਡ ਕੇ ਨਿਗਰਾਨੀ ਅਤੇ ਬਚਾਅ ਕਾਰਜ ਹੋਰ ਪ੍ਰਭਾਵਸ਼ਾਲੀ ਬਣਾਏ ਜਾ ਸਕਦੇ ਹਨ।
ਪ੍ਰਭਾਵਿਤ ਲੋਕਾਂ ਲਈ ਰਾਹਤ ਕੈਂਪ ਲਾਜ਼ਮੀ
ਬਰਿੰਦਰ ਕੁਮਾਰ ਗੋਇਲ ਨੇ ਸਪੱਸ਼ਟ ਕੀਤਾ ਕਿ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਲਈ ਰਾਹਤ ਕੈਂਪ ਬਣਾਏ ਜਾਣ, ਜਿੱਥੇ ਭੋਜਨ, ਸ਼ੈਲਟਰ ਅਤੇ ਡਾਕਟਰੀ ਸਹਾਇਤਾ ਵਰਗੀਆਂ ਲੋੜੀਂਦੀਆਂ ਸਹੂਲਤਾਂ ਉਪਲਬਧ ਹੋਣ।
ਨਿਰੰਤਰ ਸੰਚਾਰ ‘ਤੇ ਜ਼ੋਰ
ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਬੰਧਨ ਲਈ ਜਲ ਸਰੋਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਕਾਰ ਨਿਰੰਤਰ ਸੰਚਾਰ ਬਰਕਰਾਰ ਰੱਖਣਾ ਲਾਜ਼ਮੀ ਹੈ ਤਾਂ ਜੋ ਤੁਰੰਤ ਕਾਰਵਾਈ ਅਤੇ ਤਾਲਮੇਲ ਨਾਲ ਲੋਕਾਂ ਨੂੰ ਸਮੇਂ-ਸਿਰ ਮਦਦ ਮਿਲ ਸਕੇ।