ਚੰਡੀਗੜ੍ਹ: ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਹੈ,” ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।
ਵਿੱਤੀ ਸਾਲ 2023-24 ਤੋਂ 2025-26 ਤੱਕ 127.95 ਕਰੋੜ ਰੁਪਏ ਦੀ ਰਕਮ ਡਾਇਰੈਕਟ ਬੇਨੀਫਿਟ ਟ੍ਰਾਂਸਫਰ (ਡੀ.ਬੀ.ਟੀ) ਰਾਹੀਂ ਸਿੱਧੇ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤੀ ਗਈ ਹੈ, ਜਿਸ ਨਾਲ ਮਹਿਲਾਵਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਸਹਾਇਤਾ ਪ੍ਰਾਪਤ ਹੋਈ ਹੈ। ਇਸ ਮਿਆਦ ਦੌਰਾਨ 2.89 ਲੱਖ ਤੋਂ ਵੱਧ ਮਹਿਲਾਵਾਂ ਨੂੰ ਇਸ ਵਿੱਤੀ ਸਹਾਇਤਾ ਪਹਿਲਕਦਮੀ ਦਾ ਲਾਭ ਮਿਲਿਆ ਹੈ। ਇਸ ਪਹਿਲਕਦਮੀ ਨਾਲ ਹਜ਼ਾਰਾਂ ਘਰਾਂ ਵਿੱਚ ਖੁਸ਼ੀ, ਭਰੋਸੇ ਅਤੇ ਸੁਰੱਖਿਆ ਦਾ ਅਹਿਸਾਸ ਪੈਦਾ ਹੋਇਆ ਹੈ।
ਇਸ ਵਿੱਤੀ ਸਹਾਇਤਾ ਪਹਿਲਕਦਮੀ ਦੇ ਤਹਿਤ ਪਹਿਲੇ ਬੱਚੇ ਲਈ ਮਹਿਲਾਵਾਂ ਨੂੰ ਦੋ ਕਿਸ਼ਤਾਂ (3000+2000 ਰੁਪਏ) ਰਾਹੀਂ ਕੁੱਲ 5000 ਰੁਪਏ ਦੀ ਰਕਮ ਡੀ.ਬੀ.ਟੀ ਦੇ ਜਰੀਏ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਜਾਰੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ, ਜੇਕਰ ਦੂਜਾ ਬੱਚਾ ਲੜਕੀ ਹੋਵੇ, ਤਾਂ ਮਹਿਲਾ ਲਾਭਪਾਤਰੀ ਨੂੰ ਇੱਕ ਮੁਸ਼ਤ 6000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜੋ ਧੀ ਦੇ ਜਨਮ ਨੂੰ ਪ੍ਰੋਤਸਾਹਿਤ ਕਰਨ ਵੱਲ ਇੱਕ ਅਹਿਮ ਕਦਮ ਹੈ।
ਸਾਲ-ਵਾਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ 38.11 ਕਰੋੜ ਰੁਪਏ ਦੀ ਰਕਮ 76,478 ਮਹਿਲਾਵਾਂ ਨੂੰ ਦਿੱਤੀ ਗਈ। ਵਿੱਤੀ ਸਾਲ 2024-25 ਦੌਰਾਨ ਇਹ ਰਕਮ ਵੱਧ ਕੇ 63.78 ਕਰੋੜ ਰੁਪਏ ਹੋ ਗਈ, ਜਿਸ ਨਾਲ 1,43,418 ਮਹਿਲਾਵਾਂ ਨੂੰ ਲਾਭ ਮਿਲਿਆ। ਇਸੇ ਤਰ੍ਹਾਂ, ਵਿੱਤੀ ਸਾਲ 2025-26 ਵਿੱਚ (31 ਜਨਵਰੀ 2026 ਤੱਕ) 26.06 ਕਰੋੜ ਰੁਪਏ ਦੀ ਰਕਮ 69,110 ਮਹਿਲਾਵਾਂ ਦੇ ਖਾਤਿਆਂ ਵਿੱਚ ਜਾਰੀ ਕੀਤੀ ਜਾ ਚੁੱਕੀ ਹੈ।
ਸਰਕਾਰ ਵੱਲੋਂ ਵੱਧ ਤੋਂ ਵੱਧ ਮਹਿਲਾਵਾਂ ਨੂੰ ਇਸ ਪਹਿਲਕਦਮੀ ਨਾਲ ਜੋੜਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਵਿੱਤੀ ਸਾਲ 2023-24 ਦੌਰਾਨ 1.32 ਲੱਖ ਤੋਂ ਵੱਧ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਸੀ। ਵਿੱਤੀ ਸਾਲ 2024-25 ਦੌਰਾਨ 1.14 ਲੱਖ ਤੋਂ ਵੱਧ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ। ਇਸੇ ਤਰ੍ਹਾਂ ਹੀ 2025-26 ਦੌਰਾਨ ਘੱਟੋ ਘੱਟ 1.14 ਲੱਖ ਮਹਿਲਾਵਾਂ ਨੂੰ ਰਜਿਸਟਰ ਕਰਨ ਦਾ ਟੀਚਾ ਰੱਖਿਆ ਗਿਆ ਹੈ।। ਪੰਜਾਬ ਸਰਕਾਰ ਮਹਿਲਾਵਾਂ ਦੀ ਸਿਹਤ, ਸੁਰੱਖਿਆ ਅਤੇ ਆਤਮ-ਨਿਰਭਰਤਾ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਲੋਕ-ਭਲਾਈ ਪਹਿਲਕਦਮੀਆਂ ਨੂੰ ਹੋਰ ਵੀ ਮਜ਼ਬੂਤ ਕਰਦੀ ਰਹੇਗੀ।

