ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ 11.70 ਕਰੋੜ ਦੀ ਲਾਗਤ ਨਾਲ ਬਣਿਆ ਅਤੇ 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਨਾਲ-ਨਾਲ ਪੂਰੇ ਖੇਤਰ ਵਿੱਚ ਹਜ਼ਾਰਾਂ ਲੋਕਾਂ ਨੂੰ ਮਿਆਰੀ ਡਾਕਰਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਹਸਪਤਾਲ ਨਾ ਸਿਰਫ਼ 15 ਪਿੰਡਾਂ ਦੇ ਲਗਪਗ 50 ਹਜ਼ਾਰ ਵਾਸੀਆਂ ਨੂੰ ਲਾਭ ਪਹੁੰਚਾਏਗਾ, ਸਗੋਂ ਨੇੜਲੇ ਖੇਤਰਾਂ ਦੀ ਲਗਪਗ 35 ਤੋਂ 40 ਹਜ਼ਾਰ ਆਬਾਦੀ ਲਈ ਕਿਫਾਇਤੀ ਅਤੇ ਮਿਆਰੀ ਇਲਾਜ ਵੀ ਮੁਹੱਈਆ ਕਰਵਾਏਗਾ। ਹਸਪਤਾਲ ਵਿੱਚ ਉਪਲਬਧ ਸਹੂਲਤਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਂਦਿਆਂ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਵੀ ਗੱਲਬਾਤ ਕੀਤੀ।
ਹਸਪਤਾਲਾਂ ਦੀ ਇਸ ਬਦਲਦੀ ਨੁਹਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੇ ਪਹਿਲਾਂ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਜ਼ਿਆਦਾਤਰ ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਰੈਫਰ ਕੀਤਾ ਜਾਂਦਾ ਸੀ, ਪਰ ਹੁਣ ਮਰੀਜ਼ ਸਥਾਨਕ ਪੱਧਰ ’ਤੇ ਹੀ ਆਧੁਨਿਕ ਮਸ਼ੀਨਾਂ ਅਤੇ ਸਮਰਪਿਤ ਐਮਰਜੈਂਸੀ ਅਤੇ ਜੱਚਾ-ਬੱਚਾ ਵਾਰਡਾਂ ਨਾਲ ਲੈਸ ਇਸ ਹਸਪਤਾਲ ਵਿੱਚ ਇਲਾਜ ਕਰਵਾ ਸਕਣਗੇ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੰਤ ਬਾਬਾ ਅਤਰ ਸਿੰਘ ਦੇ ਨਾਮ ’ਤੇ ਮੈਡੀਕਲ ਕਾਲਜ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਨੇ ਇਸ ਸਬੰਧੀ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਸ ਦਾ ਮੰਤਵ ਖੇਤਰ ਵਿੱਚ ਡਾਕਟਰੀ ਸਿੱਖਿਆ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਲੋਕਾਂ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣਾ ਹੈ। ਅੱਜ ਸੰਤ ਅਤਰ ਸਿੰਘ ਜੀ ਮਹਾਰਾਜ ਦੇ ਜਨਮ ਸਥਾਨ ਪਿੰਡ ਚੀਮਾ ਵਿਖੇ ਕਮਿਊਨਿਟੀ ਹੈਲਥ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ।
ਇਸ ਪ੍ਰਾਜੈਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੇਂਦਰ ਅਸਲ ਵਿੱਚ 1975 ਵਿੱਚ 10 ਬਿਸਤਰਿਆਂ ਦੀ ਸਮਰੱਥਾ ਨਾਲ ਸਥਾਪਿਤ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਇਸ ਦੀ ਸਮਰੱਥਾ ਵਧਾ ਕੇ 20 ਬਿਸਤਰਿਆਂ ਤੱਕ ਕਰ ਦਿੱਤੀ ਗਈ ਸੀ। ਹੁਣ ਇਲਾਕੇ ਦੀ ਲੋੜ ਦੇ ਮੱਦੇਨਜ਼ਰ ਇਸ ਨੂੰ 30 ਬਿਸਤਰਿਆਂ ਤੱਕ ਵਧਾ ਦਿੱਤਾ ਗਿਆ ਹੈ।
ਈ.ਐਨ.ਟੀ. ਅਤੇ ਦੰਦਾਂ ਦੀਆਂ ਸੇਵਾਵਾਂ ਦੇ ਨਾਲ-ਨਾਲ ਬੱਚਿਆਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਬਾਲ ਰੋਗਾਂ ਦੇ ਮਾਹਿਰ ਵੀ ਉਪਲਬਧ ਹੋਣਗੇ। ਮੁਫ਼ਤ ਜੱਚਾ-ਬੱਚਾ ਸਿਹਤ ਸੰਭਾਲ ਸੇਵਾਵਾਂ, ਐਕਸ-ਰੇਅ ਅਤੇ ਖੂਨ ਦੀ ਜਾਂਚ ਸਬੰਧੀ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਨਸ਼ਾ ਛੁਡਾਉਣ ਵਾਲੇ ਮਰੀਜ਼ਾਂ ਨੂੰ ਵੀ ਸੀਐਚਸੀ ਵਿੱਚ ਇਲਾਜ ਦੀ ਸਹੂਲਤ ਦਿੱਤੀ ਜਾਵੇਗੀ।

