ਚੰਡੀਗੜ੍ਹ :- ਕਮਲ ਕੌਰ ਉਰਫ਼ ਕੰਚਨ ਕੁਮਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਅੰਮ੍ਰਿਤਪਾਲ ਮਹਿਰੋਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵੱਲੋਂ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਮਾਂ ਗਿਰਜਾ ਕੌਰ ਨੇ ਕਿਹਾ ਕਿ ਹੁਣ ਉਸਨੂੰ ਇਹ ਵਿਸ਼ਵਾਸ ਹੋ ਗਿਆ ਹੈ ਕਿ ਉਸਦੀ ਧੀ ਨੂੰ ਇਨਸਾਫ ਮਿਲੇਗਾ ਅਤੇ ਲੰਮੇ ਸਮੇਂ ਤੋਂ ਚੱਲ ਰਹੇ ਦਰਦ ਵਿੱਚ ਕੁਝ ਰਾਹਤ ਮਹਿਸੂਸ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਉਸਦੀ ਬੇਟੀ ਨਾਲ ਧੋਖੇ ਨਾਲ ਬੁਰਾ ਵਤੀਰਾ ਕਰਦੇ ਹੋਏ ਉਸਦੀ ਜਾਨ ਲਈ ਗਈ ਸੀ, ਜਿਸ ਦਾ ਦੁੱਖ ਉਹ ਕਦੇ ਭੁੱਲ ਨਹੀਂ ਸਕਦੇ। ਹਾਲਾਂਕਿ ਦੋਸ਼ੀ ਦੇ ਕਾਬੂ ਆਉਣ ਨਾਲ ਹੁਣ ਉਨ੍ਹਾਂ ਨੂੰ ਉਮੀਦ ਜਾਗੀ ਹੈ ਕਿ ਕਾਨੂੰਨ ਆਪਣਾ ਕੰਮ ਕਰੇਗਾ ਅਤੇ ਦੋਸ਼ੀਆਂ ਨੂੰ ਸਜ਼ਾ ਮਿਲੇਗੀ।
ਜਿਕਰਯੋਗ ਹੈ ਕਿ ਕਮਲ ਕੌਰ ਦੀ ਲਾਸ਼ ਕੁਝ ਸਮਾਂ ਪਹਿਲਾਂ ਬਠਿੰਡਾ ਵਿੱਚ ਇੱਕ ਕਾਰ ਵਿੱਚੋਂ ਬਰਾਮਦ ਹੋਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਇੱਕ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਕਤਲ ਸੀ।
ਪੁਲਸ ਵੱਲੋਂ ਜਾਂਚ ਤੇਜ਼
ਪੁਲਿਸ ਵੱਲੋਂ ਇਸ ਮਾਮਲੇ ਵਿੱਚ ਪਹਿਲਾਂ ਹੀ ਕੁਝ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਹੁਣ ਮੁੱਖ ਦੋਸ਼ੀ ਦੇ ਕਾਬੂ ਆਉਣ ਨਾਲ ਜਾਂਚ ਨੂੰ ਹੋਰ ਮਜ਼ਬੂਤੀ ਮਿਲੀ ਹੈ। ਪਰਿਵਾਰ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਸੁਣਵਾਈ ਤੇਜ਼ੀ ਨਾਲ ਕੀਤੀ ਜਾਵੇ, ਤਾਂ ਜੋ ਉਨ੍ਹਾਂ ਨੂੰ ਜਲਦ ਤੋਂ ਜਲਦ ਨਿਆਂ ਮਿਲ ਸਕੇ।
ਮਾਂ ਨੇ ਅੰਤ ਵਿੱਚ ਕਿਹਾ ਕਿ ਉਹ ਸਿਰਫ਼ ਇਹ ਚਾਹੁੰਦੇ ਹਨ ਕਿ ਜੋ ਉਸਦੀ ਬੇਟੀ ਨਾਲ ਹੋਇਆ, ਉਹ ਕਿਸੇ ਹੋਰ ਦੇ ਨਾਲ ਨਾ ਹੋਵੇ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਕਠੋਰ ਸਜ਼ਾ ਮਿਲੇ।

